ਵਾਹਨ ਚੋਰੀ ਅਤੇ ਲੁੱਟ-ਖੋਹ ਦੇ ਦੋਸ਼ ਹੇਠ ਚਾਰ ਗ੍ਰਿਫ਼ਤਾਰ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਅਕਤੂਬਰ
ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਉਸ ’ਤੇ ਹੀ ਸਵਾਰ ਹੋ ਕੇ ਰਾਹਗੀਰਾਂ ਨੂੰ ਲੁੱਟਣ ਵਾਲੇ ਚਾਰ ਮੁਲਜ਼ਮਾਂ ਨੂੰ ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਉਦੋਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਦੇ ਕਬਜ਼ੇ ’ਚੋਂ ਪੁਲੀਸ ਨੇ ਚੋਰੀ ਦੇ ਦੋ ਐਕਟਿਵਾ ਅਤੇ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਬਰਾਮਦ ਕੀਤੇ ਹਨ। ਪੁਲੀਸ ਨੇ ਇਸ ਮਾਮਲੇ ਵਿੱਚ ਸਲੇਮ ਟਾਬਰੀ ਦੇ ਮੁਹੱਲਾ ਪੀਰੂਬੰਦਾ ਦੇ ਰਹਿਣ ਵਾਲੇ ਪਵਨ ਸਿੰਘ, ਮੰਨਾ ਸਿੰਘ ਨਗਰ ਦੇ ਰਹਿਣ ਵਾਲੇ ਕਮਲ, ਮੁਹੱਲਾ ਪੀਰੂਬੰਦਾ ਵਾਸੀ ਕੰਦੇਵ ਅਤੇ ਕੁੰਦਨਪੁਰੀ ਵਾਸੀ ਕ੍ਰਿਸ਼ਨ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਜਾਂਚ ਅਧਿਕਾਰੀ ਏਐੱਸਆਈ ਹਰਮੇਸ਼ ਲਾਲ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਰਾਹਗੀਰਾਂ ਨੂੰ ਲੁੱਟਦੇ ਹਨ ਅਤੇ ਇਸ ਸਮੇਂ ਵੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਪੁਲੀਸ ਅਨੁਸਾਰ ਮੁਲਜ਼ਮ ਇਲਾਕੇ ਵਿੱਚ ਕਈ ਵਾਰਦਾਤਾਂ ਕਰ ਚੁੱਕੇ ਹਨ। ਮੁਲਜ਼ਮ ਨਸ਼ੇ ਦੇ ਆਦੀ ਹੈ ਅਤੇ ਨਸ਼ੇ ਦੀ ਪੂਰਤੀ ਲਈ ਅਪਰਾਧ ਕਰਦੇ ਸਨ। ਮੁਲਜ਼ਮ ਚੋਰੀ ਅਤੇ ਲੁੱਟ ਦਾ ਸਾਮਾਨ ਸਸਤੇ ਭਾਅ ’ਤੇ ਵੇਚ ਕੇ ਨਸ਼ਾ ਖਰੀਦਦੇ ਸਨ।
ਦੂਜੇ ਪਾਸੇ ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਨੇ ਵਿਸ਼ਾਲ ਰਾਜ ਵਾਸੀ ਨਿਊ ਮਾਧੋਪੁਰੀ ਦੀ ਸ਼ਿਕਾਇਤ ’ਤੇ ਬਲਰਾਮ ਤੇ ਲਖਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਸ਼ਿਕਾਇਤ ਅਨੁਸਾਰ ਸੋਮਵਾਰ ਦੁਪਹਿਰ ਨੂੰ ਉਹ ਪੈਦਲ ਹੀ ਫੈਕਟਰੀ ਤੋਂ ਘਰ ਦਾ ਖਾਣਾ ਖਾਣ ਲਈ ਜਾ ਰਿਹਾ ਸੀ। ਰਸਤੇ ਵਿੱਚ ਮੁਲਜ਼ਮਾਂ ਨੇ ਉਸ ਤੋਂ ਤੇਜ਼ਧਾਰ ਹਥਿਆਰ ਦੀ ਨੋਕ ’ਤੇ ਉਸ ਦਾ ਮੋਬਾਈਲ ਖੋਹ ਲਿਆ ਅਤੇ ਫ਼ਰਾਰ ਹੋ ਗਏ। ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਪੁਲੀਸ ਨੇ ਵਿਸ਼ਾਲ ਦੀ ਸ਼ਿਕਾਇਤ ’ਤੇ ਜਾਂਚ ਕੀਤੀ ਤਾਂ ਮੁਲਜ਼ਮ ਦਾ ਪਤਾ ਲੱਗਾ ਗਿਆ, ਜਿਸ ਤੋਂ ਬਾਅਦ ਪੁਲੀਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਵੱਖ-ਵੱਖ ਕੰਪਨੀਆਂ ਦੇ ਤਿੰਨ ਮੋਬਾਈਲ ਬਰਾਮਦ ਕੀਤੇ।