ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਦਾ ਚਾਰ ਰੋਜ਼ਾ ਪੁਲੀਸ ਰਿਮਾਂਡ
ਅੰਮ੍ਰਿਤਸਰ/ ਅਜਨਾਲਾ ( ਜਗਤਾਰ ਸਿੰਘ ਲਾਂਬਾ/ਸੁਖਦੇਵ ਸਿੰਘ):
ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਖ਼ਾਲਿਸਤਾਨ ਪੱਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਰਿਆਂ ਨੂੰ ਚਾਰ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਡੀਐੱਸਪੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਅਦਾਲਤ ਨੇ ਪੁੱਛ-ਪੜਤਾਲ ਵਾਸਤੇ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਦਾ ਚਾਰ ਰੋਜ਼ਾ ਪੁਲੀਸ ਰਿਮਾਂਡ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਅਜਨਾਲਾ ਥਾਣੇ ’ਤੇ ਹਮਲੇ ਦੇ ਮਾਮਲੇ ਵਿੱਚ ਦਰਜ ਐੱਫਆਈਆਰ ਨੰਬਰ 39 ਦੇ ਸਬੰਧ ਵਿੱਚ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦੇ ਸੱਤ ਮੁਲਜ਼ਮਾਂ ਵਿੱਚ ਬਸੰਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਗਿੱਲ, ਸਰਬਜੀਤ ਸਿੰਘ ਕਲਸੀ ਉਰਫ਼ ਦਲਜੀਤ ਸਿੰਘ, ਗੁਰਿੰਦਰ ਪਾਲ ਸਿੰਘ ਔਜਲਾ, ਹਰਜੀਤ ਸਿੰਘ ਉਰਫ਼ ਚਾਚਾ ਅਤੇ ਕੁਲਵੰਤ ਸਿੰਘ ਸ਼ਾਮਲ ਹਨ। ਇਸ ਦੌਰਾਨ ਮੁਲਜ਼ਮਾਂ ਵੱਲੋਂ ਪੇਸ਼ ਹੋਏ ਵਕੀਲ ਹਰਪਾਲ ਸਿੰਘ ਖਹਿਰਾ ਨੇ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਦਾ ਸੱਤ ਦਿਨਾਂ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਚਾਰ ਦਿਨਾਂ ਦਾ ਰਿਮਾਂਡ ਦਿੱਤਾ ਹੈ। ਪੁਲੀਸ ਉਨ੍ਹਾਂ ਕੋਲੋਂ ਮੋਬਾਈਲ ਫੋਨ ਤੇ ਹਥਿਆਰਾਂ ਦੀ ਬਰਾਮਦਗੀ ਅਤੇ ਮਾਮਲੇ ਸਬੰਧੀ ਵਧੇਰੇ ਪੜਤਾਲ ਕਰਨਾ ਚਾਹੁੰਦੀ ਹੈ। ਇਸ ਤੋਂ ਪਹਿਲਾਂ ਪੁਲੀਸ ਇਨ੍ਹਾਂ ਸਾਰਿਆਂ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦਿੱਲੀ ਤੋਂ ਸੜਕੀ ਮਾਰਗ ਰਾਹੀਂ ਅੰਮ੍ਰਿਤਸਰ ਲੈ ਕੇ ਪੁੱਜੀ ਸੀ। ਕੱਲ੍ਹ ਸਵੇਰੇ ਇਨ੍ਹਾਂ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿੱਚੋਂ ਛੁਡਾਉਣ ਮਗਰੋਂ ਅੰਮ੍ਰਿਤਸਰ ਤੋਂ ਗਈ ਪੁਲੀਸ ਪਾਰਟੀ ਨੇ ਉੱਥੋਂ ਦੀ ਸਥਾਨਕ ਅਦਾਲਤ ਵਿੱਚ ਪੇਸ਼ ਕਰ ਕੇ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਸੀ। ਇਨ੍ਹਾਂ ਨੂੰ ਲੈਣ ਵਾਸਤੇ ਅੰਮ੍ਰਿਤਸਰ ਤੋਂ ਐੱਸਪੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਵੱਡੀ ਪੁਲੀਸ ਪਾਰਟੀ ਅਸਾਮ ਗਈ ਸੀ। ਇਨ੍ਹਾਂ ਮੁਲਜ਼ਮਾਂ ’ਤੇ ਅਜਨਾਲਾ ਥਾਣੇ ’ਤੇ ਹਮਲਾ ਕਰਨ ਦਾ ਦੋਸ਼ ਹੈ।