ਪੰਜਾਬ ਦੇ ਚਾਰ ਨਵੇਂ ਵਿਧਾਇਕ ਦੋ ਦਸੰਬਰ ਨੂੰ ਲੈਣਗੇ ਹਲਫ਼
ਆਤਿਸ਼ ਗੁਪਤਾ
ਚੰਡੀਗੜ੍ਹ, 28 ਨਵੰਬਰ
ਪੰਜਾਬ ਵਿੱਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਚੁਣੇ ਗਏ ਚਾਰ ਨਵੇਂ ਵਿਧਾਇਕ 2 ਦਸੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ।
ਜਾਣਕਾਰੀ ਮੁਤਾਬਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਵੇਰੇ 11.30 ਵਜੇ ਇਨ੍ਹਾਂ ਨਵੇਂ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਤੇ ਬਰਨਾਲਾ ਵਿੱਚ 20 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਈਆਂ ਸਨ। ਇਸ ਦੌਰਾਨ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਚੱਬੇਵਾਲ ਤੋਂ ਇਸ਼ਾਂਕ ਚੱਬੇਵਾਲ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋਂ ਜਿੱਤੇ ਸਨ। ਜਾਣਕਾਰੀ ਅਨੁਸਾਰ ਪੰਜਾਬ ਦੇ ਨਵੇਂ ਚੁਣੇ ਗਏ ਵਿਧਾਇਕਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਾਮਲ ਹੋ ਸਕਦੇ ਹਨ, ਪਰ ਅਜੇ ਤੱਕ ਇਸ ਬਾਰੇ ਪੁਸ਼ਟੀ ਨਹੀਂ ਹੋ ਸਕੀ ਹੈ।
ਜ਼ਿਕਰਯੋਗ ਹੈ ਕਿ ਇਨ੍ਹਾਂ ਚਾਰ ਵਿਧਾਨ ਸਭਾ ਸੀਟਾਂ ਵਿੱਚੋਂ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਨੇ ਹਲਕਾ ਗਿੱਦੜਬਾਹਾ, ਡੇਰਾ ਬਾਬਾ ਨਾਨਕ ਤੇ ਚੱਬੇਵਾਲ ਤੋਂ ਜਿੱਤ ਹਾਸਲ ਕੀਤੀ ਸੀ ਜਦੋਂਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਹਲਕਾ ਬਰਨਾਲਾ ਤੋਂ ਜਿੱਤ ਦਰਜ ਕੀਤੀ ਸੀ। ਇਨ੍ਹਾਂ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਮਗਰੋਂ ਪੰਜਾਬ ਵਿੱਚ ‘ਆਪ’ ਦੇ ਵਿਧਾਇਕਾਂ ਦੀ ਗਿਣਤੀ 94, ਕਾਂਗਰਸੀ ਵਿਧਾਇਕਾਂ ਦੀ 16, ਸ਼੍ਰੋਮਣੀ ਅਕਾਲੀ ਦਲ ਦੀ ਤਿੰਨ, ਭਾਜਪਾ ਦੀ ਦੋ, ਬਸਪਾ ਦੀ ਇੱਕ ਅਤੇ ਆਜ਼ਾਦ ਵਿਧਾਇਕ ਦੀ ਗਿਣਤੀ ਇੱਕ ਹੋ ਗਈ ਹੈ।