ਦੋਹਰੇ ਕਤਲ ਮਾਮਲੇ ਵਿੱਚ ਪੁਲੀਸ ਦੀਆਂ ਚਾਰ ਟੀਮਾਂ ਕਾਇਮ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 21 ਅਕਤੂਬਰ
ਬੀਤੀ ਸ਼ਾਮ ਬੁੱਲ੍ਹੋਵਾਲ ਇਲਾਕੇ ’ਚ ਹੋਏ ਦੋਹਰੇ ਕਤਲ ਦੇ ਮਾਮਲੇ ’ਚ ਪੁਲੀਸ ਵਲੋਂ ਚਾਰ ਵਿਸ਼ੇਸ਼ ਟੀਮਾਂ ਕਾਇਮ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸਣਯੋਗ ਹੈ ਕਿ ਸਨਿੱਚਰਵਾਰ ਰਾਤ ਕਸ਼ਮੀਰੀ ਲਾਲ ਤੇ ਉਸ ਦੇ ਪੁੱਤਰ ਅਮਰਜੀਤ ਸਿੰਘ ਵਾਸੀ ਤਲਵੰਡੀ ਅਰਾਈਆਂ ਦਾ ਚੱਕੋਵਾਲ ਬ੍ਰਹਮਣਾਂ ਦੇ ਸਰਕਾਰੀ ਹਸਪਤਾਲ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਐੱਸਐੱਸਪੀ ਨੇ ਪੁਲੀਸ ਅਧਿਕਾਰੀਆਂ ਸਮੇਤ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਮਾਮਲੇ ਦੀ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਸੀ। ਇਨ੍ਹਾਂ ਵਿਚੋਂ ਪਿਓ-ਪੁੱਤ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ ਜਦੋਂਕਿ ਦੋ ਬੱਚੇ ਜ਼ਖਮੀ ਹੋਏ ਸਨ, ਜੋ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਘਟਨਾ ਦਾ ਕਾਰਨ ਦੋਵਾਂ ਧਿਰਾਂ ਦੀ ਆਪਸੀ ਰੰਜਿਸ਼ ਸਾਹਮਣੇ ਆਇਆ ਹੈ ਅਤੇ ਦੋਵਾਂ ਧਿਰਾਂ ਦੀਆਂ ਆਪਸ ਵਿੱਚ ਇਕ-ਦੂਜੇ ’ਤੇ ਕਰਾਸ ਐੱਫਆਈਆਰ ਵੀ ਦਰਜ ਹਨ। ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਪੁਲੀਸ ਵਲੋਂ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੀੜਤ ਧਿਰ ਦੇ ਬਿਆਨਾਂ ’ਤੇ ਕਤਲ ਦਾ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ ਅਤੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।