ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ: ਡੀਸੀ ਦਫਤਰਾਂ ਅੱਗੇ ਧਰਨੇ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 26 ਨਵੰਬਰ
ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਟਰੇਡ ਯੂਨੀਅਨਾਂ ਵੱਲੋਂ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਨੇ ਧਰਨਾ ਦਿੱਤਾ। ਅੱਜ ਦੇ ਇਕੱਠ ਵਿੱਚ ਸਾਰੀਆਂ ਫਸਲਾਂ ਉੱਪਰ ਐੱਮਐੱਸਪੀ, ਖਰੀਦ ਗਾਰੰਟੀ ਕਾਨੂੰਨ ਬਣਾਉਣ, ਘੱਟੋ-ਘੱਟ 26 ਹਜ਼ਾਰ ਰੁਪਏ ਮਹੀਨਾ ਉਜਰਤ ਲਾਗੂ ਕਰਨ ਅਤੇ ਮਨਰੇਗਾ ਤਹਿਤ ਘੱਟੋ-ਘੱਟ 200 ਦਿਨ ਕੰਮ ਦੇਣ ਅਤੇ ਉਜਰਤ 600 ਰੁਪਏ ਪ੍ਰਤੀ ਦਿਨ ਦੇਣ, ਮਜ਼ਦੂਰਾਂ ਦੇ ਚਾਰ ਲੇਬਰ ਕੋਡ ਵਾਪਸ ਲੈਣ ਅਤੇ 60 ਸਾਲ ਤੋਂ ਉੱਪਰ ਹਰ ਕਿਸਾਨ-ਮਜ਼ਦੂਰ ਨੂੰ 10 ਹਜ਼ਾਰ ਰੁਪਏ ਪੈਨਸ਼ਨ ਦੇਣ ਦੀ ਮੰਗ ਕੀਤੀ ਗਈ।
ਇਸ ਮੌਕੇ ਰਤਨ ਸਿੰਘ ਰੰਧਾਵਾ,ਲੱਖਬੀਰ ਸਿੰਘ ਨਿਜਾਮਪੁਰ, ਸੁੱਚਾ ਸਿੰਘ ਅਜਨਾਲਾ, ਜਤਿੰਦਰ ਸਿੰਘ ਛੀਨਾ, ਧੰਨਵੰਤ ਸਿੰਘ ਖਤਰਾਏ ਕਲਾਂ, ਗੁਰਦੇਵ ਸਿੰਘ ਵਰਪਾਲ, ਦਲਬੀਰ ਸਿੰਘ ਬੇਦਾਦਪੁਰ, ਸੁਖਰਾਮ ਸਿੰਘ ਲੁਹਾਰਕਾ, ਨਰਿੰਦਰ ਬੱਲ ,ਮੰਗਲ ਸਿੰਘ ਧਰਮਕੋਟ, ਜਗਤਾਰ ਸਿੰਘ ਕਰਮਪੁਰਾ ਭੈਣਜੀ ਕੰਵਲਜੀਤ ਕੌਰ ਅਤੇ ਇੰਟਕ ਦੇ ਆਗੂ ਸੁਰਿੰਦਰ ਪਾਲ ਸ਼ਰਮਾ ਨੇ ਸੰਬੋਧਨ ਕੀਤਾ।
ਪਠਾਨਕੋਟ (ਐਨਪੀ ਧਵਨ):
ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨਾਂ ਵੱਲੋਂ ਡੀਸੀ ਦਫਤਰ ਮੂਹਰੇ ਅੱਜ ਦੁਪਹਿਰ ਰੈਲੀ ਕੀਤੀ ਗਈ ਜਿਸ ਦੀ ਪ੍ਰਧਾਨਗੀ ਕੁੱਲ ਹਿੰਦ ਕਿਸਾਨ ਸਭਾ ਦੇ ਸੁਰਿੰਦਰ ਸਹਿਗਲ, ਜਮਹੂਰੀ ਕਿਸਾਨ ਸਭਾ ਅਤੇ ਸੀਟੀਯੂ ਦੇ ਬਲਦੇਵ ਰਾਜ ਭੋਆ, ਭਾਰਤੀ ਕਿਸਾਨ ਯੂਨੀਅਨ ਦੇ ਕੇਵਲ ਸਿੰਘ ਕੰਗ, ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਆਈਐਸ ਗੁਲਾਟੀ, ਕਿਰਤੀ ਕਿਸਾਨ ਯੂਨੀਅਨ ਦੇ ਮੁਖਤਿਆਰ ਸਿੰਘ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਅਤੇ ਅਮਰੀਕ ਸਿੰਘ ਨੇ ਕੀਤੀ।
ਹੁਸ਼ਿਆਰਪੁਰ (ਹਰਪ੍ਰੀਤ ਕੌਰ):
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ਵਿੱਚ ਕਿਸਾਨ ਕਮੇਟੀ ਦੋਆਬਾ, ਜਮਹੂਰੀ ਕਿਸਾਨ ਸਭਾ, ਬੀ.ਕੇ.ਯੂ (ਉਗਰਾਹਾਂ), ਸੀਟੂ, ਪੰਜਾਬ ਕਿਸਾਨ ਸਭਾ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਸਾਂਝੇ ਤੌਰ ’ਤੇ ਹਿੱਸਾ ਲਿਆ। ਕਿਸਾਨ ਜਥੇਬੰਦੀਆਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ।
ਤਰਨ ਤਾਰਨ (ਗੁਰਬਖਸ਼ਪੁਰੀ):
ਦਿੱਲੀ ਕਿਸਾਨ ਮੋਰਚਾ ਦੀ ਚੌਥੀ ਵਰ੍ਹੇਗੰਢ ’ਤੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ ਅਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਅੱਜ ਇੱਥੇ ਸਾਂਝੇ ਤੌਰ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ| ਜਥੇਬੰਦੀਆਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਂ ਮੰਗ ਪੱਤਰ ਵੀ ਦਿੱਤਾ|
ਗੁਰਦਾਸਪੁਰ (ਜਤਿੰਦਰ ਬੈਂਸ):
ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨ ਦੇ ਝੰਡੇ ਹੇਠ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਸੌਂਪਿਆ ਗਿਆ।