ਧੋਖਾਧੜੀ ਮਾਮਲਾ: ਵਫ਼ਦ ਨੇ ਪੁਲੀਸ ਤੋਂ ਕਾਰਵਾਈ ਮੰਗੀ
ਸੰਤੋਖ ਗਿੱਲ
ਰਾਏਕੋਟ, 19 ਮਾਰਚ
ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਸੰਧੂ ਦੇ ਪਰਿਵਾਰ ਨਾਲ ਧੋਖਾਧੜੀ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਲਈ ਕਿਸਾਨ ਜਥੇਬੰਦੀਆਂ ਦਾ ਵਫ਼ਦ ਡੀ.ਐੱਸ.ਪੀ ਰਾਏਕੋਟ ਹਰਜਿੰਦਰ ਸਿੰਘ ਨੂੰ ਮਿਲਿਆ। ਭਾਕਿਯੂ (ਡਕੌਂਦਾ-ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਭਾਕਿਯੂ ਏਕਤਾ (ਉਗਰਾਹਾਂ) ਦੇ ਬਲਜੀਤ ਸਿੰਘ, ਮਨਜੀਤ ਸਿੰਘ ਰਾਏਕੋਟ, ਭਾਕਿਯੂ (ਡਕੌਂਦਾ) ਦੇ ਬਲਕਾਰ ਸਿੰਘ ਬੋਪਾਰਾਏ ਅਤੇ ਕਿਰਤੀ ਕਿਸਾਨ ਯੂਨੀਅਨ ਕਰਮਜੀਤ ਸਿੰਘ ਕਾਉਂਕੇ ਕਲਾਂ ਅਤੇ ਗੁਰਦੇਵ ਸਿੰਘ ਚੱਕਰ ਨੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਆਗੂਆਂ ਨੇ ਮਿਲੀਭੁਗਤ ਨਾਲ ਧੋਖਾਧੜੀ ਦੇ ਮਾਮਲੇ ਵਿੱਚ ਬੈਂਕ ਅਧਿਕਾਰੀਆਂ ਵਿਰੁੱਧ ਵੀ ਕਾਰਵਾਈ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਜਲਦ ਹੀ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੀ ਮੀਟਿੰਗ ਬੁਲਾ ਕੇ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਦਾ ਪ੍ਰੋਗਰਾਮ ਉਲੀਕਿਆ ਜਾਵੇਗਾ।
ਮਾਮਲੇ ਦੀ ਜਾਂਚ ਜਾਰੀ: ਡੀਐੱਸਪੀ
ਉਪ ਪੁਲੀਸ ਕਪਤਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਮਾਮਲਾ ਕਾਫ਼ੀ ਪੁਰਾਣਾ ਹੈ ਅਤੇ ਇਸ ਸਬੰਧੀ ਥਾਣਾ ਹਠੂਰ ਵਿੱਚ ਕੇਸ ਪਹਿਲਾਂ ਹੀ ਦਰਜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਟਾਰਨੀ ਦੀ ਰਾਏ ਹਾਸਲ ਕਰਨ ਬਾਅਦ ਹੋਰ ਡੂੰਘਾਈ ਨਾਲ ਪੜਤਾਲ ਜਾਰੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।