ਲੋਕਾਂ ਦੇ ਪੈਸੇ ਨਾਲ ਦਿੱਤੀ ਜਾ ਰਹੀ ਹੈ ਮੁਫ਼ਤ ਸਿੱਖਿਆ: ਕੇਜਰੀਵਾਲ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 6 ਫਰਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਵੱਲੋਂ ਕਰ ਦੇ ਰੂਪ ਵਿੱਚ ਮਿਲਦੇ ਪੈਸੇ ਦੀ ਵਰਤੋਂ ਸਿੱਖਿਆ ਨੂੰ ਤਰਜੀਹ ਦੇਣ ਲਈ ਕਰ ਰਹੀ ਹੈ। ਉਨ੍ਹਾਂ ਇਹ ਪ੍ਰਗਟਾਵਾ ਪੱਛਮ ਵਿਹਾਰ ਵਿੱਚ ਸਰਕਾਰੀ ਸਕੂਲ ਦੀ ਇਮਾਰਤ ਦੇ ਉਦਘਾਟਨ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਕੇਜਰੀਵਾਲ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਸੱਤਾ ਵਿੱਚ ਆਈ ਤਾਂ ਉਨ੍ਹਾਂ ਦੀ ਸਰਕਾਰ ਨੇ ਸਿੱਖਿਆ ਲਈ ਬਜਟ ਦੁੱਗਣਾ ਕਰ ਦਿੱਤਾ ਪਰ ਦਿੱਲੀ ਵਾਸੀਆਂ ਦੇ ਸਹਿਯੋਗ ਤੋਂ ਬਿਨਾਂ ਇਹ ਸਕੂਲ ਬਣਾਉਣੇ ਸੰਭਵ ਨਹੀਂ ਸਨ। ਇਹ ਕਰਦਾਤਾਵਾਂ ਦੇ ਪੈਸੇ ਹਨ, ਜਿਨ੍ਹਾਂ ਨੇ ਸਾਨੂੰ ਮੁਫ਼ਤ ਸਿੱਖਿਆ ਦੇਣ ਵਿੱਚ ਮਦਦ ਕੀਤੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੁਸੀਂ ਵੱਡੇ ਹੋ ਜਾਵੋਗੇ ਅਤੇ ਜੀਵਨ ਵਿੱਚ ਕੁਝ ਪ੍ਰਾਪਤ ਕਰ ਲਵੋਗੇ ਤਾਂ ਇਹ ਯਾਦ ਰੱਖਿਓ ਕਿ ਇਨ੍ਹਾਂ ਦੇਸ਼ ਵਾਸੀਆਂ ਨੇ ਤੁਹਾਡੀ ਸਿੱਖਿਆ ਲਈ ਭੁਗਤਾਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਲਈ ਕੰਮ ਕਰ ਕੇ ਸੰਤੁਸ਼ਟੀ ਮਿਲਦੀ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਗਰੀਬ ਪਿਛੋਕੜ ਵਾਲੇ ਬੱਚਿਆਂ ਨੂੰ ਮੁਫਤ ਸਿੱਖਿਆ ਦੇਣ ਲਈ ਇੱਕ ਨੇਕ ਕੰਮ ਕਰ ਰਹੇ ਹਨ।
ਮੁੱਖ ਮੰਤਰੀ ਨੇ ਪੱਛਮ ਵਿਹਾਰ ਵਿੱਚ ਡਾ. ਬੀਆਰ ਅੰਬੇਡਕਰ ਸਕੂਲ ਆਫ਼ ਸਪੈਸ਼ਲਾਈਜ਼ਡ ਐਕਸੀਲੈਂਸ ਏ6 ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਕੀਤਾ। ਸਰਕਾਰੀ ਸਕੂਲ ਨੇੜਲੇ ਖੇਤਰਾਂ ਵਿੱਚ ਲਗਭਗ 1,200 ਵਿਦਿਆਰਥੀਆਂ ਨੂੰ ਸਿੱਖਿਆ ਦੇਵੇਗਾ ਅਤੇ ਅਤਿ-ਆਧੁਨਿਕ ਸਪੋਰਟਸ ਕੰਪਲੈਕਸ, ਐਕਟੀਵਿਟੀ ਰੂਮ, ਪ੍ਰਯੋਗਸ਼ਾਲਾਵਾਂ, ਬਹੁ-ਮੰਤਵੀ ਏਅਰ ਕੰਡੀਸ਼ਨਡ ਰੂਮ ਅਤੇ ਲਾਇਬ੍ਰੇਰੀਆਂ ਸਮੇਤ ਹੋਰ ਸਹੂਲਤਾਂ ਨਾਲ ਲੈਸ ਹੋਵੇਗਾ।