For the best experience, open
https://m.punjabitribuneonline.com
on your mobile browser.
Advertisement

ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਮਿਲੀ: ਸੰਧਵਾਂ

09:06 AM Aug 17, 2024 IST
ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦੀ ਮਿਲੀ  ਸੰਧਵਾਂ
ਬਠਿੰਡਾ ਵਿੱਚ ਪੁਲੀਸ ਦੀ ਟੁਕੜੀ ਤੋਂ ਸਲਾਮੀ ਲੈਂਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ।
Advertisement

ਸ਼ਗਨ ਕਟਾਰੀਆ
ਬਠਿੰਡਾ, 16 ਅਗਸਤ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਜ਼ਾਦੀ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿੱਚ ਤਿਰੰਗਾ ਲਹਿਰਾਇਆ। ਉਨ੍ਹਾਂ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ।
ਉਨ੍ਹਾਂ ਆਪਣੇ ਸੰਦੇਸ਼ ’ਚ ਕਿਹਾ ਕਿ ਜਿਨ੍ਹਾਂ ਆਜ਼ਾਦੀ ਦੇ ਪਰਵਾਨਿਆਂ ਦੇ ਬਲੀਦਾਨ ਸਦਕਾ ਸਾਨੂੰ ਆਜ਼ਾਦੀ ਦਿਹਾੜਾ ਮਨਾਉਣਾ ਨਸੀਬ ਹੋਇਆ ਹੈ, ਉਨ੍ਹਾਂ ਨੂੰ ਮੈਂ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦਾ ਹਾਂ ਅਤੇ ਆਜ਼ਾਦੀ ਲਈ ਲੜੇ ਗਏ ਲੰਮੇ ਸੰਘਰਸ਼ ਵਿੱਚ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਟ ਕਰਦਾ ਹਾਂ। ਉਨ੍ਹਾਂ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਦੇ ਸ਼ਹੀਦਾਂ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸੁਖਵੀਰ ਸਿੰਘ ਮਾਈਸਰਖਾਨਾ, ਏਡੀਜੀਪੀ ਐਸਪੀਐਸ ਪਰਮਾਰ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਮਾਨਸਾ (ਜੋਗਿੰਦਰ ਸਿੰਘ ਮਾਨ): ਸੁਤੰਤਰਤਾ ਦਿਵਸ ਮੌਕੇ ਮਾਨਸਾ ਦੇ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁ-ਮੰਤਵੀ ਖੇਡ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਮਾਜਰਾ ਵੱਲੋਂ ਅਦਾ ਕੀਤੀ ਗਈ।
ਪਰੇਡ ਦੀ ਸਲਾਮੀ ਲੈਣ ਤੋਂ ਬਾਅਦ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮਾਨਸਾ ਦੀ ਧਰਤੀ ਨੂੰ ਲੋਕ ਲਹਿਰਾਂ ਨੂੰ ਜਨਮ ਦੇਣ ਵਾਲੀ ਪਵਿੱਤਰ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਜ਼ਿਲ੍ਹੇ ਦੇ ਪਛੜੇਪਣ ਨੂੰ ਦੂਰ ਕਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੋਂ ਦੀਆਂ ਦੋ ਧੀਆਂ ਨੇ ਵਿਸ਼ਵ ਪੱਧਰ ਉਤੇ ਤੀਰ-ਅੰਦਾਜ਼ੀ ਅਤੇ ਪਿਸਟਲ ਸ਼ੂਟਿੰਗ ਵਿੱਚ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਪ੍ਰਤੀ ਆਪਣੇ ਸਤਿਕਾਰ ਦੇ ਸਨਮੁਖ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ ਨੂੰ 9400 ਤੋਂ ਵਧਾ ਕੇ 11,000 ਰੁਪਏ ਕਰ ਦਿੱਤਾ ਹੈ।
ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਐਚਐਸ ਗਰੇਵਾਲ ਸਣੇ ਜੁਡੀਸ਼ੀਅਲ ਟੀਮ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਆਈਜੀ ਹਰਪਾਲ ਸਿੰਘ ਸੰਧੂ, ਡੀਸੀ ਪਰਮਵੀਰ ਸਿੰਘ, ਐੱਸਐੱਸਪੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।
ਫਾਜਿ਼ਲਕਾ (ਪਰਮਜੀਤ ਸਿੰਘ): ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤਿਰੰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਨੇ ਆਸਫ਼ਵਾਲਾ ਵਾਰ ਮੈਮੋਰੀਅਲ ਉੱਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਅਰੋੜਾ ਨੇ ਜਿੱਥੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸਿਜਦਾ ਕੀਤਾ ਅਤੇ ਆਜ਼ਾਦੀ ਸੰਗਰਾਮ ਵਿੱਚ ਕੁੱਦਣ ਵਾਲੇ ਯੋਧਿਆਂ ਨੂੰ ਯਾਦ ਕੀਤਾ।
ਇਸ ਸਮਾਗਮ ਵਿੱਚ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਤੋਂ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਵਿਸੇਸ਼ ਤੌਰ ਉੱਤੇ ਮੌਜੂਦ ਸਨ। ਇਸ ਮੌਕੇ ਆਈਜੀ ਬਲਜੋਤ ਸਿੰਘ ਰਾਠੋੜ, ਡੀਸੀ ਡਾ. ਸੇਨੂ ਦੁੱਗਲ, ਐੱਸਐੱਸਪੀ ਵਰਿੰਦਰ ਸਿੰਘ ਬਰਾੜ ਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਨੇ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।

Advertisement

ਨੇਚਰ ਲਵਰਜ਼ ਸੁਸਾਇਟੀ ਦਾ ਸੂਬਾ ਪੱਧਰੀ ਐਵਾਰਡ ਨਾਲ ਸਨਮਾਨ

ਨੇਚਰ ਲਵਰਜ਼ ਸੁਸਾਇਟੀ ਦੇ ਮੈਂਬਰਾਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਹੋਰ।

ਬਰਨਾਲਾ (ਰਵਿੰਦਰ ਰਵੀ): ਇੱਥੇ ਆਜ਼ਾਦੀ ਦਿਹਾੜਾ ਬਾਬਾ ਕਾਲਾ ਮਹਿਰ ਬਹੁ-ਮੰਤਵੀ ਸਟੇਡੀਅਮ ਵਿੱਚ ਮਨਾਇਆ ਗਿਆ। ਇਸ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੇ ਜਾਨ ਵਾਰ ਕੇ ਇਹ ਆਜ਼ਾਦੀ ਹਾਸਲ ਕੀਤੀ ਹੈ ਅਤੇ ਇਸ ਨੂੰ ਸੰਭਾਲ ਕੇ ਰੱਖਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਜੰਗੀ ਵਿਧਵਾਵਾਂ, ਸਾਬਕਾ ਫ਼ੌਜੀਆਂ ਅਤੇ ਅਗਨੀਵੀਰਾਂ ਨੂੰ ਵੱਖ ਵੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕੀਤਾ। ਮੁੱਖ ਮਹਿਮਾਨ ਨੇ ਆਪਣੇ ਆਪਣੇ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਲੋਕਾਂ ਦਾ ਸਨਮਾਨ ਕੀਤਾ। ਨੇਚਰ ਲਵਰਜ਼ ਸੁਸਾਇਟੀ ਬਰਨਾਲਾ ਨੂੰ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸ਼ਹੀਦ ਭਗਤ ਸਿੰਘ ਵਾਤਾਵਰਨ ਐਵਾਰਡ ਦਿੱਤਾ ਗਿਆ। ਇਸ ਐਵਾਰਡ ਤਹਿਤ ਸੁਸਾਇਟੀ ਨੂੰ 1 ਲੱਖ ਰੁਪਏ ਦਾ ਚੈੱਕ, ਸਰਟੀਫਿਕੇਟ ਅਤੇ ਸ਼ੀਲਡ ਦਿੱਤੀ ਗਈ। ਸੁਸਾਇਟੀ ਵੱਲੋਂ ਲੱਕੜ ਦੇ ਆਲਣੇ, ਜੰਗਲ, ਪੌਦੇ ਲਗਾਉਣ ਸਣੇ ਤੇ ਪਲਾਸਟਿਕ ਦਾ ਕੂੜਾ ਇਕੱਠਾ ਕਰਨ ਦਾ ਕੰਮ ਕੀਤਾ ਜਾਂਦਾ ਹੈ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ­, ਲਾਭ ਸਿੰਘ ਉਗੋਕੇ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਮੌਜੂਦ ਸਨ।

Advertisement

ਮੰਤਰੀ ਭੁੱਲਰ ਵੱਲੋਂ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਫ਼ਿਰੋਜ਼ਪੁਰ (ਸੰਜੀਵ ਹਾਂਡਾ): ਫ਼ਿਰੋਜ਼ਪਰ ਵਿੱਚ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕੀਤਾ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਤੋਂ ਬਾਅਦ ਹੋਂਦ ਵਿਚ ਆਈ ‘ਆਪ’ ਦੀ ਸਰਕਾਰ ਰਾਜ ਦਾ ਸਰਬਪੱਖੀ ਵਿਕਾਸ ਕਰਨ ਲਈ ਸੰਭਵ ਉਪਰਾਲੇ ਕਰ ਰਹੀ ਹੈ। ਇਸ ਤੋਂ ਪਹਿਲਾਂ ਮੰਤਰੀ ਭੁੱਲਰ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੱਸਿਆ ਕਿ ਹੁਸੈਨੀਵਾਲਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਮਿਊਜ਼ੀਅਮ ਬਣਾਇਆ ਜਾਵੇਗਾ।

ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ

ਮੋਗਾ (ਮਹਿੰਦਰ ਸਿੰਘ ਰੱਤੀਆਂ): ਇੱਥੇ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਤਿਰੰਗਾ ਲਹਿਰਾਇਆ। ਇਸ ਮੌਕੇ ਉਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਡੀਆਈਜੀ ਅਸਵਨੀ ਕਪੂਰ, ਐੱਸਐੱਸਪੀ ਡਾ. ਅੰਕੁਰ ਗੁਪਤਾ ਤੇ ਹੋਰ ਸਿਆਸੀ ਹਸਤੀਆਂ ਵੀ ਮੌਜੂਦ ਸਨ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਕਈ ਸ਼ਖ਼ਸੀਅਤਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਅਤੇ ਦਿਵਿਆਂਗਜਨਾਂ ਨੂੰ ਮੁਫ਼ਤ ਟ੍ਰਾਈਸਾਈਕਲਾਂ ਅਤੇ ਵ੍ਹੀਲ ਚੇਅਰਾਂ ਦੀ ਵੀ ਵੰਡ ਕੀਤੀ ਗਈ।

Advertisement
Author Image

sukhwinder singh

View all posts

Advertisement