For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਕਿਸ ਤੋਂ ਪੰਜਾਬ ਨੂੰ ਬਚਾਉਣਾ ਚਾਹੁੰਦੈ: ਭਗਵੰਤ ਮਾਨ

08:57 AM May 17, 2024 IST
ਅਕਾਲੀ ਦਲ ਕਿਸ ਤੋਂ ਪੰਜਾਬ ਨੂੰ ਬਚਾਉਣਾ ਚਾਹੁੰਦੈ  ਭਗਵੰਤ ਮਾਨ
ਕਾਦੀਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਸਨਮਾਨ ਕਰਦੇ ਹੋਏ ‘ਆਪ’ ਆਗੂ।
Advertisement

ਮਕਬੂਲ ਅਹਿਮਦ
ਕਾਦੀਆਂ, 16 ਮਈ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਾਦੀਆਂ ਵਿੱਚ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਹੱਕ ਵਿਚ ਚੋਣ ਰੈਲੀ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਜਿੰਨੀਆਂ ਵੀ ਸਰਕਾਰਾਂ ਹੁਣ ਤਕ ਆਈਆਂ ਹਨ ਉਨ੍ਹਾਂ ਨੇ ਲੋਕਾਂ ਦਾ ਕੋਈ ਭਲਾ ਨਹੀਂ ਕੀਤਾ। ਉਨ੍ਹਾਂ ਸੁਖਬੀਰ ਸਿੰਘ ਬਾਦਲ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਅਕਾਲੀ ਦਲ ਪੰਜਾਬ ਬਚਾਓ ਯਾਤਰਾ ਦੀ ਗੱਲ ਕਰ ਰਿਹਾ ਹੈ ਪਰ ਉਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਗੱਲ ਕਰਦਾ ਹੈ, ਅੱਜ ਅਕਾਲੀ ਦਲ ਪੂਰੀ ਤਰ੍ਹਾਂ ਟੁੱਟ ਚੁੱਕਿਆ ਹੈ ਅਤੇ ਇਸ ਦੇ ਆਗੂ ਪਾਰਟੀ ਛੱਡ ਕੇ ਜਾ ਰਹੇ ਹਨ। ਉਨ੍ਹਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਬਾਰੇ ਕਿਹਾ ਕਿ ਇੱਕ ਘਰ ਵਿਚ ਕਾਂਗਰਸ ਅਤੇ ਭਾਜਪਾ ਦਾ ਝੰਡਾ ਲੱਗਿਆ ਹੈ। ਜੇ ਕੋਈ ਵਿਅਕਤੀ ਗ਼ਲਤੀ ਨਾਲ ਹੇਠਾਂ ਜਾਂ ਉੱਤੇ ਚਲਾ ਜਾਵੇ ਤਾਂ ਪਾਰਟੀ ਬਦਲ ਜਾਂਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੱਕ ਜਿੰਨੇ ਵੀ ਗੁਰਦਾਸਪੁਰ ਲੋਕ ਸਭਾ ਤੋਂ ਸੰਸਦ ਵਿੱਚ ਪਹੁੰਚੇ ਹਨ ਕਿਸੇ ਨੇ ਇੱਕ ਵੀ ਕੰਮ ਨਹੀਂ ਕੀਤਾ। ਸਨੀ ਦਿਓਲ ਪਾਕਿਸਤਾਨ ਵਿਚ ਜਾ ਕੇ ਨਲਕਾ ਪੁੱਟਦਾ ਰਿਹਾ ਪਰ ਇੱਕ ਵੀ ਨਲਕਾ ਗੁਰਦਾਸਪੁਰ ਹਲਕੇ ਵਿਚ ਨਹੀਂ ਲਗਵਾ ਸਕਿਆ। ਉਨ੍ਹਾਂ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਹਿਲਾਵਾਂ ਨੂੰ ਦਿੱਤੇ ਜਾਣ ਦਾ ਭਰੋਸਾ ਦਿੱਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਸਵਰਨ ਸਲਾਰੀਆ, ਰਮਨ ਬਹਿਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਨੇ ਹਲਕੇ ਦੇ ਲੋਕਾਂ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਲੋਕਾਂ ਨੂੰ ਮੁੱਖ ਮੰਤਰੀ ਤੋਂ ਵੱਡੇ ਐਲਾਨ ਦੀ ਉਮੀਦ ਸੀ ਪਰ ਰੈਲੀ ਤੋਂ ਉਨ੍ਹਾਂ ਨੂੰ ਨਿਰਾਸ਼ਾ ਹੀ ਹੱਥ ਲੱਗੀ। ਰੈਲੀ ਦੌਰਾਨ ਇੱਕ ਨੌਜਵਾਨ ਮੁੱਖ ਮੰਤਰੀ ਨੂੰ ਮਿਲਣ ਲਈ ਅੱਗੇ ਵਧਿਆ ਪਰ ਪੁਲੀਸ ਨੇ ਉਸ ਨੂੰ ਪਿੱਛੇ ਹੀ ਰੋਕ ਦਿੱਤਾ।

Advertisement

ਭਗਵੰਤ ਮਾਨ ਦੀ ਰੈਲੀ ਫਲਾਪ ਹੋਈ: ਬਾਜਵਾ

ਕਾਦੀਆਂ (ਪੱਤਰ ਪ੍ਰੇਰਕ): ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕਾਦੀਆਂ ਵਿਚ ਅੱਜ ਮੁੱਖ ਮੰਤਰੀ ਦੀ ਰੈਲੀ ਪੂਰੀ ਤਰ੍ਹਾਂ ਫ਼ਲਾਪ ਸਿੱਧ ਹੋਈ ਹੈ। ਇਸ ਰੈਲੀ ਲਈ ਲੋਕਾਂ ਵਿਚ ਕੋਈ ਉਤਸ਼ਾਹ ਨਹੀਂ ਸੀ। ਉਨ੍ਹਾਂ ਕਿਹਾ ਕਿ ਲੋਕ ਰੈਲੀ ਵਿੱਚ ਬੜੀਆਂ ਉਮੀਦਾਂ ਲੈ ਕੇ ਗਏ ਸਨ ਪਰ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਕੋਈ ਐਲਾਨ ਨਾ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਭਰੋਸਾ ਤੱਕ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਨਾਸਿਬ ਨਹੀਂ ਸਮਝਿਆ।

ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਕਿਸਾਨਾਂ ਵੱਲੋਂ ਪ੍ਰਦਰਸ਼ਨ

ਕਾਦੀਆਂ (ਪੱਤਰ ਪ੍ਰੇਰਕ): ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਮਾਝਾ ਕਿਸਾਨ ਯੂਨੀਅਨ ਦੇ ਕਾਰਕੁਨ ਅੱਜ ਵੱਡੀ ਗਿਣਤੀ ਵਿੱਚ ਡੱਲਾ ਮੌੜ ਕਾਦੀਆਂ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਇਸ ਮੌਕੇ ਕਿਸਾਨ ਆਗੂ ਬਲਵਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਕਿਸਾਨਾਂ ਨੂੰ ਗੰਨੇ ਦੀ ਨੁਕਸਾਨੀ ਫਸਲ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ। ਮਿੱਲਾਂ ਬੰਦ ਹੋਣ ਕਰ ਕੇ ਕਿਸਾਨਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਗੰਨੇ ਦੀ ਅਦਾਇਗੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਗੰਨੇ ਦੀ ਫ਼ਸਲ ਦਾ ਪਿਛਲਾ ਬਕਾਇਆ ਦਿੱਤਾ ਜਾਵੇ ਅਤੇ ਖ਼ਰਾਬ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਦੌਰਾਨ ਕਿਸਾਨ ਸੜਕ ਜਾਮ ਕਰਨਾ ਚਾਹੁੰਦੇ ਸਨ ਪਰ ਪੁਲੀਸ ਅਧਿਕਾਰੀਆਂ ਨੇ ਕਿਸਾਨਾਂ ਦਾ ਮੰਗ ਪੱਤਰ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਕਿਸਾਨ ਸ਼ਾਂਤ ਹੋ ਗਏ। ਕਿਸਾਨਾਂ ਦਾ ਮੰਗ ਪੱਤਰ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਰਾਹੀਂ ਮੁੱਖ ਮੰਤਰੀ ਤੱਕ ਪੁੱਜਦਾ ਕੀਤਾ ਗਿਆ।

Advertisement
Author Image

sukhwinder singh

View all posts

Advertisement
Advertisement
×