ਜਬਰ-ਜਨਾਹ ਤੇ ਕਤਲ ਦੇ ਮਾਮਲੇ ’ਚ ਭਗੌੜਾ ਮੁਲਜ਼ਮ ਕਾਬੂ
ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 10 ਜੂਨ
ਮੁਹਾਲੀ ਪੁਲੀਸ ਨੇ ਉੱਤਰ ਪ੍ਰਦੇਸ਼ ਵਿੱਚ 2014 ਦੌਰਾਨ ਨਾਬਾਲਗ ਕੁੜੀਆਂ ਨਾਲ ਬਲਾਤਕਾਰ ਅਤੇ ਕਤਲ ਕਰ ਕੇ ਭਗੌੜੇ ਹੋਏ ਇੱਕ ਅਪਰਾਧੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਮੁਹਾਲੀ ਦੇ ਡੀਐੱਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਫੈਜ਼ਾਨ ਨਾਦ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਇੱਥੋਂ ਦੇ ਸੈਕਟਰ-68 ਵਿੱਚ ਰਹਿ ਰਿਹਾ ਸੀ। ਉਸ ਨੂੰ ਅੱਜ ਗ੍ਰਿਫ਼ਤਾਰ ਕਰ ਕੇ ਉੱਤਰ ਪ੍ਰਦੇਸ਼ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਡੀਐੱਸਪੀ ਬੱਲ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ 2014 ਵਿੱਚ ਉੱਤਰ ਪ੍ਰਦੇਸ਼ ਦੇ ਥਾਣਾ ਕੁਰਾਨਾ (ਜ਼ਿਲ੍ਹਾ ਸ਼ਾਮਲੀ) ਵਿੱਚ ਨਾਬਾਲਗ ਕੁੜੀਆਂ ਦੇ ਕਤਲ ਅਤੇ ਬਲਾਤਕਾਰ ਦੇ ਦੋਸ਼ ਤਹਿਤ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਅਤੇ ਪੈਕਸੋ ਐਕਟ ਅਧੀਨ ਅਪਰਾਧਿਕ ਕੇਸ ਦਰਜ ਕਰ ਕੇ ਉਸ ਦੀ ਭਾਲ ਕੀਤੀ ਜਾ ਰਹੀ ਸੀ ਪ੍ਰੰਤੂ ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਚੱਲ ਰਿਹਾ ਸੀ।
ਉਨ੍ਹਾਂ ਦੱਸਿਆ ਕਿ ਅਦਾਲਤ ਵੱਲੋਂ 13 ਜੂਨ 2019 ਨੂੰ ਮੁਲਜ਼ਮ ਨੂੰ ਭਗੌੜਾ ਐਲਾਨਿਆ ਗਿਆ ਸੀ। ਡੀਐੱਸਪੀ ਨੇ ਦੱਸਿਆ ਕਿ ਮੁਲਜ਼ਮ ਨੂੰ ਅੱਜ ਥਾਣਾ ਕੁਰਾਨਾ ਦੇ ਤਫ਼ਤੀਸ਼ੀ ਅਫ਼ਸਰ ਸਬ ਇੰਸਪੈਕਟਰ ਕੁਲਦੀਪ ਸਿੰਘ ਦੇ ਸਪੁਰਦ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਪੁਲੀਸ ਪਾਰਟੀ ਮੁਲਜ਼ਮ ਨੂੰ ਲੈ ਕੇ ਉੱਤਰ ਪ੍ਰਦੇਸ਼ ਲਈ ਰਵਾਨਾ ਹੋ ਗਈ।