ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ
ਹਤਿੰਦਰ ਮਹਿਤਾ
ਜਲੰਧਰ, 24 ਜਨਵਰੀ
ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਫੁੱਲ ਡਰੈੱਸ ਰਿਹਰਸਲ ਕੀਤੀ ਗਈ। 26 ਜਨਵਰੀ ਨੂੰ ਸਮਾਗਮ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਤਿਰੰਗਾ ਲਹਿਰਾਉਣਗੇ। ਅੱਜ ਫੁੱਲ ਡਰੈੱਸ ਰਿਹਰਸਲ ਵਿੱਚ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਮਗਰੋਂ ਡਿਪਟੀ ਕਮਿਸ਼ਨਰ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਕਮਾਂਡਰ ਵੈਨੇਲਾ ਦੀ ਅਗਵਾਈ ਵਾਲੇ ਮਾਰਚ ਪਾਸਟ ਤੋਂ ਸਲਾਮੀ ਲਈ। ਪਰੇਡ ਵਿੱਚ ਆਈਟੀਬੀਪੀ, ਪੰਜਾਬ ਪੁਲੀਸ (ਪੁਰਸ਼ ਤੇ ਮਹਿਲਾ), ਪੰਜਾਬ ਹੋਮ ਗਾਰਡਜ਼, ਪੰਜਾਬ ਬਟਾਲੀਅਨ ਐੱਨਸੀਸੀ ਲੜਕੇ, ਪੰਜਾਬ ਬਟਾਲੀਅਨ ਐੱਨਸੀਸੀ ਲੜਕੀਆਂ ਅਤੇ ਸੀਆਰਪੀਐੱਫ ਬੈਂਡ ਸ਼ਾਮਲ ਸਨ। ਇਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਮਾਸ ਪੀਟੀ ਸ਼ੋਅ ਕੀਤਾ ਗਿਆ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਅੱਜ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿੱਚ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਫੁੱਲ ਡਰੈੱਸ ਰਿਹਰਸਲ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਪਰੇਡ ਦਾ ਜਾਇਜ਼ਾ ਲਿਆ ਗਿਆ। ਇਸ ਮਗਰੋਂ ਪਰੇਡ ਕਮਾਂਡਰ ਅਰਵਿੰਦ ਮੀਨਾ ਦੀ ਕਮਾਂਡ ਹੇਠ ਪੰਜਾਬ ਪੁਲੀਸ ਦੇ ਜਵਾਨਾਂ ਅਤੇ ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਪੰਜਾਬ ਪੁਲੀਸ ਦੇ ਬੈਂਡ ਵੱਲੋਂ ਪਾਰਚ ਪਾਸਟ ਕੀਤਾ ਗਿਆ।
ਨਵਾਂਸ਼ਹਿਰ (ਸੁਰਜੀਤ ਮਜਾਰੀ): ਨਵਾਂਸ਼ਹਿਰ ਵਿੱਚ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਈਟੀਆਈ ਗਰਾਊਂਡ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਅੱਜ ਐੱਸਐੱਸਪੀ ਡਾ. ਮਹਿਤਾਬ ਸਿੰਘ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਦਿੱਤੀ।
ਹੁਸ਼ਿਆਰਪੁਰ ਵਿੱਚ ਹਰਜੋਤ ਸਿੰਘ ਬੈਂਸ ਹੋਣਗੇ ਮੁੱਖ ਮਹਿਮਾਨ
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਤਹਿਤ ਸਥਾਨਕ ਪੁਲੀਸ ਲਾਈਨ ਗਰਾਊਂਡ ਵਿੱਚ ਫੁੱਲ ਡਰੈਸ ਰਿਹਰਸਲ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਤਿਰੰਗਾ ਲਹਿਰਾਇਆ। ਮਗਰੋਂ ਡਿਪਟੀ ਕਮਿਸ਼ਨਰ ਨੇ ਪੁਲੀਸ ਟੁਕੜੀਆਂ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਦੌਰਾਨ ਐੱਸਐੱਸਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਿਕਾਸ ਕੁਮਾਰ ਅਤੇ ਪਰੇਡ ਕਮਾਂਡਰ ਗਜ਼ਲਪ੍ਰੀਤ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲ ਸਿੱਖਿਆ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ 26 ਜਨਵਰੀ ਨੂੰ ਕੌਮੀ ਝੰਡਾ ਲਹਿਰਾਉਣਗੇ।