ਕੇਂਦਰ ਦੀਆਂ ਲੋਕ ਪੱਖੀ ਨੀਤੀਆਂ ਕਰਕੇ ਭਾਜਪਾ ਨੂੰ ਭਰਵਾਂ ਹੁੰਗਾਰਾ: ਬਰਾੜ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਜਨਵਰੀ
ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਅੱਜ ਇਥੇ ਭਾਜਪਾ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਨਿਗਮ ਅਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਪੂਰੀ ਤਰ੍ਹਾਂ ਮੁਸਤੈਦ ਹੋ ਜਾਣ।
ਉਹ ਅੱਜ ਵਿਧਾਨ ਸਭਾ ਹਲਕਾ ਪੂਰਬੀ ਦੇ ਵਾਰਡ ਨੰਬਰ ਤਿੰਨ ਵਿੱਚ ਭਾਜਪਾ ਆਗੂ ਵਿਪਨ ਵਿਨਾਇਕ ਅਤੇ ਸਾਬਕਾ ਕੌਂਸਲਰ ਪੱਲਵੀ ਵਿਨਾਇਕ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ।
ਸ੍ਰੀ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤੇ ਕੇਂਦਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਹਰ ਵਰਗ ਵੱਲੋਂ ਭਾਜਪਾ ਨੂੰ ਹੁੰਗਾਰਾ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਹੋਰਨਾਂ ਪਾਰਟੀਆਂ ਦੇ ਆਗੂ ਵੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਨਗਰ ਨਿਗਮ ਤੇ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਭਰਵਾਂ ਹੁੰਗਾਰਾ ਮਿਲੇਗਾ। ਇਸ ਮੌਕੇ ਉਨ੍ਹਾਂ ਸਾਬਕਾ ਕੌਂਸਲਰ ਪਲਵੀ ਵਿਨਾਇਕ ਵੱਲੋਂ ਵਾਰਡ ਵਿੱਚ ਕੀਤੇ ਕੰਮਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਵਿਪਨ ਵਿਨਾਇਕ ਦੀ ਅਗਵਾਈ ਹੇਠ ਪਰਮਿੰਦਰ ਸਿੰਘ ਬਰਾੜ ਨੂੰ ਸਨਮਾਨਿਤ ਵੀ ਕੀਤਾ ਗਿਆ। ਮੀਟਿੰਗ ਦੌਰਾਨ ਸੂਬਾਈ ਬੁਲਾਰਾ ਅਮਿਤ ਗੋਸਾਈ, ਰਵੀ ਬਤਰਾ, ਸੁਖਦੇਵ ਸਿੰਘ ਗਿੱਲ, ਡਾ: ਸਤੀਸ਼ ਕੁਮਾਰ ਅਤੇ ਰਣਧੀਰ ਸਿੰਘ ਲਾਡੀ ਸਮੇਤ ਕਈ ਆਗੂ ਹਾਜ਼ਰ ਸਨ।