ਪੁਲੀਸ ਮੁਕਾਬਲੇ ’ਚ ਗੈਂਗਸਟਰ ਜ਼ਖ਼ਮੀ
ਹਤਿੰਦਰ ਮਹਿਤਾ
ਜਲੰਧਰ, 26 ਦਸੰਬਰ
ਇੱਥੋਂ ਦੀ ਪੁਲੀਸ ਨਾਲ ਹੋਏ ਮੁਕਾਬਲੇ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਜ਼ਖਮੀ ਹੋ ਗਿਆ, ਜਿਸ ਕੋਲੋਂ ਹਥਿਆਰ ਬਰਾਮਦ ਹੋਏ ਹਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਵਿਵੇਕ ਮੱਟੂ ਉਰਫ਼ ਬਾਦਲ ਵਾਸੀ ਪੱਤੀ ਬਰੀ ਜੰਡਿਆਲਾ ’ਤੇ ਗੈਂਗਸਟਰ ਮਨਜੀਤ ਸਿੰਘ ਤੇ ਅਮਨਦੀਪ ਸਿੰਘ ਨੇ ਹਮਲਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਜੱਗੂ ਭਗਵਾਨਪੁਰੀਆ ਗੈਂਗ ਦੇ ਦੋਵੇਂ ਗੈਂਗਸਟਰਾਂ ਨੇ ਵਿਵੇਕ ’ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਸੀ। ਪੁਲੀਸ ਨੇ ਉਨ੍ਹਾਂ ’ਤੇ ਅਸਲਾ ਐਕਟ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਇੱਕ ਹੋਰ ਮੁਲਜ਼ਮ ਦਵਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮਨਜੀਤ ਸਿੰਘ ਤੇ ਅਮਨਦੀਪ ਸਿੰਘ ਵੱਲੋਂ ਦਿੱਤੀ ਸੂਚਨਾ ’ਤੇ ਪਿਸਤੌਲ ਤੇ ਰੌਂਦ ਬਰਾਮਦ ਹੋਏ। ਇਹ ਗੈਂਗਸਟਰ ਕਤਲ, ਧਮਕੀਆਂ, ਫਿਰੌਤੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।
ਮਨਜੀਤ ਸਿੰਘ ਨੇ ਪੈਟਰੋਲ ਪੰਪ ਅਤੇ ਨਾਲ ਲੱਗਦੇ ਖਾਲੀ ਪਲਾਟ ਨੇੜੇ ਹਥਿਆਰਾਂ ਦੀ ਮੌਜੂਦਗੀ ਦਾ ਖੁਲਾਸਾ ਕੀਤਾ ਸੀ। ਜਦੋਂ ਪੁਲੀਸ ਪਾਰਟੀ ਉਨ੍ਹਾਂ ਨੂੰ ਮੌਕੇ ’ਤੇ ਲੈ ਕੇ ਗਈ ਤਾਂ ਉਸ ਨੇ ਪੁਲੀਸ ਪਾਰਟੀ ’ਤੇ ਲੁਕਾਏ ਹਥਿਆਰਾਂ ਨਾਲ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲੀਸ ਨੇ ਵੀ ਜਵਾਬੀ ਕਾਰਵਾਈ ਕੀਤੀ ਤਾਂ ਮੁਲਜ਼ਮ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਸਵਪਨ ਸ਼ਰਮਾ ਨੇ ਦੱਸਿਆ ਕਿ ਸੰਗਠਿਤ ਅਪਰਾਧਾਂ ਵਿਰੁੱਧ ਮੁਹਿੰਮ ਤਹਿਤ ਕਮਿਸ਼ਨਰੇਟ ਪੁਲੀਸ ਨੇ ਹੁਣ ਤੱਕ 15 ਗੈਂਗਸਟਰਾਂ ਨੂੰ 17 ਹਥਿਆਰਾਂ ਅਤੇ 74 ਰੌਂਦਾਂ ਸਮੇਤ ਕਾਬੂ ਕੀਤਾ ਹੈ।
ਪੁਲੀਸ ਮੁਕਾਬਲੇ ਵਿੱਚ ਨਸ਼ਾ ਤਸਕਰ ਫੱਟੜ
ਤਰਨ ਤਾਰਨ (ਗੁਰਬਖਸ਼ਪੁਰੀ):
ਇੱਥੋਂ ਦੀ ਪੁਲੀਸ ਨਾਲ ਮੁਕਾਬਲੇ ਵਿਚ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ, ਜਿਸ ਦੀ ਪਛਾਣ ਲਵਕਰਨ ਸਿੰਘ ਉਰਫ ਮੰਗਾ ਵਾਸੀ ਬਾਕੀਪੁਰ ਵਜੋਂ ਹੋਈ ਹੈ, ਜਿਸ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ| ਡੀਐੱਸਪੀ ਕਮਲਮੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਸਥਾਨਕ ਥਾਣਾ ਸਿਟੀ ਦੇ ਏਐੱਸਆਈ ਗੁਰਦੀਪ ਸਿੰਘ ਦੀ ਅਗਵਾਈ ਵਿੱਚ ਪੁਲੀਸ ਪਾਰਟੀ ਇਲਾਕੇ ਅੰਦਰ ਗਸ਼ਤ ਕਰ ਰਹੀ ਸੀ। ਇਸ ਦੌਰਾਨ ਜਦੋਂ ਕਾਰ ਸਵਾਰ ਸ਼ੱਕੀ ਵਿਅਕਤੀ ਨੂੰ ਰੋਕਿਆ ਗਿਆ ਤਾਂ ਉਸ ਨੇ ਪੁਲੀਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ। ਡੀਐੱਸਪੀ ਨੇ ਕਿਹਾ ਕਿ ਇਕ ਗੋਲੀ ਏਐੱਸਆਈ ਗੁਰਦੀਪ ਸਿੰਘ ਦੀ ਪੱਗ ਨੇੜਿਓਂ ਲੰਘ ਗਈ ਅਤੇ ਦੂਜੀ ਗੋਲੀ ਹਵਾ ਵਿੱਚ ਚਲਾਈ ਗਈ। ਇਸ ਤੋਂ ਬਾਅਦ ਪੁਲੀਸ ਨੇ ਜਵਾਬੀ ਕਾਰਵਾਈ ਕੀਤੀ ਜਿਸ ਦੌਰਾਨ ਇਕ ਗੋਲੀ ਨਸ਼ਾ ਤਸਕਰ ਦੀ ਲੱਤ ਵਿਚ ਲੱਗੀ ਤੇ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਲਵਕਰਨ ਸਿੰਘ ਖਿਲਾਫ਼ ਪਹਿਲਾਂ ਵੀ ਨਸ਼ਿਆਂ ਨਾਲ ਸਬੰਧਿਤ ਕਈ ਕੇਸ ਦਰਜ ਹਨ।