ਗੈਂਗਸਟਰ ਲੰਡਾ ਨੇ ਵਪਾਰੀ ਤੋਂ 2 ਕਰੋੜ ਦੀ ਫਿਰੌਤੀ ਮੰਗੀ
ਜਲੰਧਰ (ਹਤਿੰਦਰ ਮਹਿਤਾ):
ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਜਲੰਧਰ ਦੇ ਮਾਡਲ ਟਾਊਨ ’ਚ ਰਹਿਣ ਵਾਲੇ ਇੱਕ ਵਪਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਫਿਰੌਤੀ ਨਾ ਦੇਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਇਸ ਸਬੰਧ ’ਚ ਥਾਣਾ ਡਿਵੀਜ਼ਨ ਨੰਬਰ-6 ਦੀ ਪੁਲੀਸ ਨੇ ਤਰਨ ਤਾਰਨ ਦੇ ਪਿੰਡ ਹਰੀਕੇ ਪੱਤਣ ਦੇ ਰਹਿਣ ਵਾਲੇ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਤੇ ਉਸ ਦੇ ਸਾਥੀ ਸਤਵੀਰ ਸਿੰਘ ਉਰਫ ਸੱਤਾ ਖ਼ਿਲਾਫ਼ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 6 ਅਧੀਨ ਪੈਂਦੇ ਮਾਡਲ ਟਾਊਨ ਦੇ ਇਕ ਵਪਾਰੀ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ ਕਿ ਉਸ ਨੂੰ ਸਤਵੀਰ ਸਿੰਘ ਨਾਂ ਦੇ ਵਿਅਕਤੀ ਦੀ ਵੱਟਸਐਪ ਕਾਲ ਆਈ ਸੀ ਜਿਸ ਵਿੱਚ ਉਸ ਨੇ ਖ਼ੁਦ ਨੂੰ ਗੈਂਗਸਟਰ ਲਖਬੀਰ ਸਿੰਘ ਲੰਡਾ ਅਤੇ ਯਾਦਵਿੰਦਰ ਸਿੰਘ ਦਾ ਸਾਥੀ ਦੱਸਿਆ। ਉਸ ਨੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ’ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ। ਪੁਲੀਸ ਮੁਤਾਬਕ ਸ਼ਿਕਾਇਤਕਰਤਾ ਕਾਰੋਬਾਰੀ ਇੰਨਾ ਖੌਫ਼ਜ਼ਦਾ ਹੈ ਕਿ ਉਸ ਨੇ ਆਪਣਾ ਨਾਮ ਨਸ਼ਰ ਨਾ ਕਰਨ ਦੀ ਗੁਜ਼ਾਰਿਸ਼ ਵੀ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਹੁਣ ਤੱਕ ਜਾਂਚ ’ਚ ਪਤਾ ਲੱਗਾ ਹੈ ਕਿ ਸਤਵੀਰ ਸਿੰਘ ਇਸ ਸਮੇਂ ਪੰਜਾਬ ਵਿੱਚ ਕਿਤੇ ਲੁਕਿਆ ਹੋਇਆ ਹੈ।