ਵੋਟਰਾਂ ਨੂੰ ਧਮਕਾ ਰਹੇ ਨੇ ਗੈਂਗਸਟਰ: ਪ੍ਰਤਾਪ ਬਾਜਵਾ
ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 10 ਨਵੰਬਰ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਕਿ ਉਹ ਗੈਂਗਸਟਰਾਂ ਵੱਲੋਂ ਲੋਕਾਂ ਨੂੰ ਕਾਂਗਰਸ ਦੇ ਹੱਕ ਵਿੱਚ ਵੋਟਾਂ ਨਾ ਪਾਉਣ ਦੀਆਂ ਧਮਕੀਆਂ ਦੇਣ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਣਗੇ। ਹਲਕਾ ਡੇਰਾ ਬਾਬਾ ਨਾਨਕ ’ਚ ਕਾਂਗਰਸ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਪ੍ਰਤਾਪ ਬਾਜਵਾ ਨੇ ਕਿਹਾ ਕਿ ਪਿੰਡਾਂ ਤੇ ਕਸਬਿਆਂ ’ਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ‘ਆਪ’ ਸਰਕਾਰ ਵਾਅਦਿਆਂ ਦੇ ਬਾਵਜੂਦ ਨਸ਼ੇ ਖ਼ਤਮ ਨਹੀਂ ਕਰ ਸਕੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਅੱਜ ਤੱਕ ਨਸ਼ੇ ਦੀ ਵੱਧ ਮਾਤਰਾ ਕਾਰਨ ਫੌਤ ਹੋਏ ਨੌਜਵਾਨਾਂ ਦੇ ਘਰ ਕਿਉਂ ਨਹੀਂ ਗਏ, ਜਦਕਿ 2022 ਦੀਆਂ ਚੋਣਾਂ ਦੌਰਾਨ ਵਾਅਦਾ ਕੀਤਾ ਸੀ ਕਿ ਇਸ ਤਰ੍ਹਾਂ ਦੀ ਕੋਈ ਮੌਤ ਹੋਈ ਤਾਂ ਉਹ ਪੀੜਤ ਪਰਿਵਾਰ ਤੱਕ ਪਹੁੰਚ ਕਰਨਗੇ। ਬਾਜਵਾ ਨੇ ਆਖਿਆ ਕਿ ਪੰਜਾਬ ’ਚ ਨਸ਼ੇ ਘਟੇ ਨਹੀਂ, ਸਗੋਂ ਵਧੇ ਹਨ ਤੇ ਪੰਜਾਬ ਵਿੱਚ ਨਸ਼ਿਆਂ ਦੀ ਹੋਮ ਡਿਲਿਵਰੀ ਚੱਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਰਲ ਕੇ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀ ਵਰਗ ਨੂੰ ਲੁੱਟ ਰਹੀ ਹੈ। ਪੰਜਾਬ ਵਿੱਚ ਪਹਿਲੀ ਵਾਰੀ ਕਿਸਾਨਾਂ ਦੀ ਲੁੱਟ ਵੱਡੇ ਪੱਧਰ ’ਤੇ ਹੋਈ ਹੈ। ਬਾਜਵਾ ਨੇ ਕੇਜਰੀਵਾਲ ’ਤੇ ਨਿਸ਼ਾਨਾ ਸੇਧਦੇ ਹੋਏ ਕਿਹਾ ਕਿ ਉਨ੍ਹਾਂ ਨੂੰ ‘ਇਮਾਨਦਾਰ ਰੰਧਾਵਾ ਤੇ ਬੇਈਮਾਨ ਰੰਧਾਵਾ’ ’ਚ ਫ਼ਰਕ ਕਰਨਾ ਸ਼ੋਭਾ ਨਹੀਂ ਦਿੰਦਾ ਹੈ। ਕਿਉਂਕਿ ਕੇਜਰੀਵਾਲ ਤਾਂ ਖ਼ੁਦ ਕਥਿਤ ਆਬਕਾਰੀ ਘੁਟਾਲੇ ਵਿੱਚ ਜੇਲ੍ਹ ਜਾ ਚੁੱਕੇ ਹਨ। ਬਾਜਵਾ ਨੇ ਆਖਿਆ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਲੋਕ 20 ਨਵੰਬਰ ਨੂੰ ਨਿਤਾਰਾ ਕਰਨਗੇ। ਇਸ ਮੌਕੇ ਕਾਂਗਰਸ ਦੇ ਸੀਨੀਅਰ ਲੀਡਰ ਇੰਦਰਜੀਤ ਸਿੰਘ ਰੰਧਾਵਾ ਸਮੇਤ ਹੋਰ ਹਾਜ਼ਰ ਸਨ।