ਗੜਗੱਜ ਨੂੰ ਨਹੀਂ ਦਿੱਤੀ ਬਤੌਰ ਜਥੇਦਾਰ ਮਾਨਤਾ: ਖ਼ਾਲਸਾ
ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 13 ਮਾਰਚ
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਤਖ਼ਤ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬਤੌਰ ਜਥੇਦਾਰ ਮਾਨਤਾ ਨਾ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਜਥੇਦਾਰਾਂ ਨੂੰ ਲਗਾਉਣ ਅਤੇ ਹਟਾਉਣ ਸਬੰਧੀ ਕੋਈ ਵਿਧੀ-ਵਿਧਾਨ ਹੋਣਾ ਚਾਹੀਦਾ ਹੈ। ਡੇਰਾ ਦਮਦਮੀ ਟਕਸਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਦਮਦਮੀ ਟਕਸਾਲ ਵੱਲੋਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲ ਸੰਤਾਂ ਅਤੇ ਅੰਤਰਿੰਗ ਕਮੇਟੀ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵੱਡਾ ਪੰਥਕ ਇਕੱਠ ਭਲਕੇ ਕੀਤਾ ਜਾ ਰਿਹਾ ਹੈ। ਖ਼ਾਲਸਾ ਨੇ ਕਿਹਾ ਕਿ ਦਮਦਮੀ ਟਕਸਾਲ ਅਤੇ ਹੋਰ ਜਥੇਬੰਦੀਆਂ ਸ਼੍ਰੋਮਣੀ ਕਮੇਟੀ ਨਾਲ ਕਿਸੇ ਤਰ੍ਹਾਂ ਦਾ ਕੋਈ ਟਕਰਾਅ ਨਹੀਂ ਚਾਹੁੰਦੀਆਂ ਪ੍ਰੰਤੂ ਸ਼੍ਰੋਮਣੀ ਕਮੇਟੀ ਨੂੰ ਵੀ ਚਾਹੀਦਾ ਹੈ ਕਿ ਮੌਜੂਦਾ ਹਾਲਾਤ ਵਿੱਚੋਂ ਨਿਕਲਣ ਲਈ ਸੰਪਰਦਾਵਾਂ ਤੇ ਸਿੱਖ ਬੁੱਧੀਜੀਵੀਆਂ ਨਾਲ ਬੈਠ ਕੇ ਮਸਲੇ ਦਾ ਸਾਰਥਕ ਹੱਲ ਕੱਢਿਆ ਜਾਵੇ।
ਖ਼ਾਲਸਾ ਨੇ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਕੋਲ ਹੋਲੇ-ਮਹੱਲੇ ਮੌਕੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਦਾ ਅਧਿਕਾਰ ਨਹੀਂ ਹੈ ਕਿਉਂਕਿ ਉਨ੍ਹਾਂ ਦੀ ਨਿਯੁਕਤੀ ਕੌਮ ਨੂੰ ਪ੍ਰਵਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਮਹੱਲੇ ਵਾਲੇ ਦਿਨ ਤਖ਼ਤ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਜਾਂ ਪੰਜ ਪਿਆਰੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ। ਹੋਲੇ-ਮਹੱਲੇ ਦੇ ਕੌਮੀ ਤਿਉਹਾਰ ਮੌਕੇ ਉਨ੍ਹਾਂ ਦੀ ਜਥੇਬੰਦੀ ਵੱਲੋਂ ਜਥੇਦਾਰ ਗੜਗੱਜ ਦਾ ਕੋਈ ਵਿਰੋਧ ਨਹੀਂ ਕੀਤਾ ਜਾਏਗਾ।