ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਗਰਜੇ ਕਿਸਾਨ
ਜੋਗਿੰਦਰ ਸਿੰਘ ਮਾਨ
ਮਾਨਸਾ, 22 ਸਤੰਬਰ
ਮਾਲਵਾ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀਸੀ ਦਫ਼ਤਰਾਂ ਅੱਗੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਦਿਵਾਉਣ ਦੀ ਮੰਗ ਦੇ ਹੱਕ ’ਚ ਧਰਨੇ ਦਿੱਤੇ ਗਏ। ਧਰਨਾਕਾਰੀਆਂ ਵੱਲੋਂ ਅਧਿਕਾਰੀਆਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਕਿ ਰਾਜਾਂ ਵਿੱਚ ਆਏ ਹੜ੍ਹਾਂ, ਲੈਂਡਸਲਾਈਡ ਅਤੇ ਸੋਕੇ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਢੁੱਕਵੇਂ ਰਾਹਤ ਪੈਕੇਜ ਜਾਰੀ ਕੀਤੇ ਜਾਣ। ਇਸੇ ਤਹਿਤ ਮਾਨਸਾ ਵਿੱਚ ਦਿੱਤੇ ਗਏ ਧਰਨੇ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਾਰੇ ਕੁਦਰਤੀ ਆਫ਼ਤ ਪ੍ਰਭਾਵਿਤ, ਸੋਕਾ ਗ੍ਰਸਤ, ਹੜ੍ਹਾਂ, ਜ਼ਮੀਨ ਖਿਸਕਣ ਵਰਗੀ ਤਬਾਹੀ ਦੀ ਮਾਰ ਹੇਠ ਆਏ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੇ ਖਾਸ ਕਰਕੇ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਪੰਜਾਬ, ਹਰਿਆਣਾ, ਉੱਤਰਾਖੰਡ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਆਸਾਮ ਨੂੰ ਰਾਸ਼ਟਰੀ ਆਫ਼ਤ ਐਲਾਨ ਕੇ ਢੁੱਕਵੇਂ ਰਾਹਤ ਪੈਕੇਜ ਦਿੱਤੇ ਜਾਣ। ਉਨ੍ਹਾਂ ਕਿਹਾ ਕਿ ਫ਼ਸਲੀ ਸੰਕਟ ਦੇ ਮੱਦੇਨਜ਼ਰ ਇੱਕ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ, ਭਵਿੱਖੀ ਪੈਦਾਵਰ ਨਾ ਕਰ ਸਕਣ ਦੀ ਸੂਰਤ ’ਚ 70 ਹਜ਼ਾਰ ਰੁਪਏ ਪ੍ਰਤੀ ਏਕੜ ਤੇ ਪਾਣੀ ਘਟਣ ਕਾਰਨ ਮੁੜ ਬਿਜਾਈ ਲਈ 30 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ। ਇਸ ਮੌਕੇ ਨਿਰਮਲ ਸਿੰਘ ਲੱਖੋਵਾਲ, ਐਡਵੋਕੇਟ ਸਵਰਨਜੀਤ ਦਲਿਓਂ ਤੇ ਭਜਨ ਸਿੰਘ ਘੁੰਮਣ ਤੇ ਮੇਜਰ ਦੂਲੋਵਾਲ ਨੇ ਵੀ ਸੰਬੋਧਨ ਕੀਤਾ।
ਬਠਿੰਡਾ (ਸ਼ਗਨ ਕਟਾਰੀਆ): ਹੜ੍ਹਾਂ ਅਤੇ ਹੋਰ ਕੁਦਰਤੀ ਆਫਤਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ (ਉਗਰਾਹਾਂ) ਵੱਲੋਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਵਿੱਚ ਡੀਸੀ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦਿੱਤੇ ਗਏ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਸੰਬੋਧਨ ਕੀਤਾ।
ਮੋਗਾ (ਮਹਿੰਦਰ ਸਿੰਘ ਰੱਤੀਆਂ): ਇੱਥੇ ਜ਼ਿਲ੍ਹਾ ਸਕੱਤਰੇਤ ਅੱਗੇ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਰੋਸ ਰੈਲੀ ਕੀਤੀ ਗਈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਅਤੇ ਬਲੌਰ ਸਿੰਘ ਘਾਲੀ, ਗੁਰਮੀਤ ਸਿੰਘ ਕਿਸ਼ਨਪੁਰਾ, ਗੁਰਦੇਵ ਸਿੰਘ ਕਿਸ਼ਨਪੁਰਾ, ਜਗਜੀਤ ਸਿੰਘ ਮੱਦੋਕੇ, ਬੂਟਾ ਸਿੰਘ ਭਾਗੀਕੇ, ਇਕਬਾਲ ਸਿੰਘ ਸਿੰਘਾਂਵਾਲਾ ਅਤੇ ਹਰਜੀਤ ਕੌਰ ਸੁਖਾਨੰਦ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਾਹਵਾਲਾ ਤੇ ਜ਼ੋਨ ਪ੍ਰਧਾਨ ਹਰਬੰਸ ਸਿੰਘ ਦੀ ਅਗਵਾਈ ਹੇਠ 28 ਸਤੰਬਰ ਨੂੰ ‘ਰੇਲ ਰੋਕੋ ਅੰਦੋਲਨ’ ਦੀ ਲਾਮਬੰਦੀ ਲਈ ਮੋਟਰਸਾਈਕਲ ਮਾਰਚ ਕੱਢਿਆ ਗਿਆ।
ਬਰਨਾਲਾ: ਭਾਕਿਯੂ ਏਕਤਾ-ਉਗਰਾਹਾਂ ਤੇ ਡਕੌਂਦਾ (ਧਨੇਰ) ਨੇ ਸਾਂਝਾ ਧਰਨਾ ਲਾਇਆ
ਬਰਨਾਲਾ (ਪਰਸ਼ੋਤਮ ਬੱਲੀ): ਹੜ੍ਹਾਂ ਕਾਰਨ ਹੋਏ ਨੁਕਸਾਨ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਤੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ -ਧਨੇਰ) ਵੱਲੋਂ ਸਾਂਝਾ ਧਰਨਾ ਦਿੱਤਾ ਗਿਆ। ਬੀਕੇਯੂ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਧਨੇਰ ਧੜੇ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਭਦੌੜ ਨੇ ਕਿਹਾ ਕਿ ਇਹ ਮੌਸਮੀ ਆਫ਼ਤਾਂ ਕਾਰਪੋਰੇਟਾਂ ਦੇ ਅੰਨ੍ਹੇ ਮੁਨਾਫ਼ਿਆਂ ਦੀ ਹੋੜ ਦਾ ਨਤੀਜਾ ਹਨ। ਇਸ ਮੌਕੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਧਨੇਰ ਧੜੇ ਦੇ ਸਾਹਿਬ ਸਿੰਘ ਬਡਬਰ, ਜਗਰਾਜ ਸਿੰਘ ਹਰਦਾਸਪੁਰਾ ਹਾਜ਼ਰ ਸਨ।