ਗੈਸ ਫੈਕਟਰੀ: ਐੱਸਡੀਐੱਮ ਵੱਲੋਂ ਧਰਨਾਕਾਰੀਆਂ ਨਾਲ ਗੱਲਬਾਤ
ਜੋਗਿੰਦਰ ਸਿੰਘ ਓਬਰਾਏ
ਖੰਨਾ, 10 ਮਈ
ਇਥੋਂ ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਗੈਸ ਫੈਕਟਰੀ ਖਿਲਾਫ਼ ਚੱਲਦੇ ਧਰਨੇ ’ਤੇ ਬੈਠੇ ਲੋਕਾਂ ਨਾਲ ਗੱਲਬਾਤ ਕਰਨ ਲਈ ਐੱਸਡੀਐੱਮ ਬਲਜਿੰਦਰ ਸਿੰਘ ਢਿੱਲੋਂ, ਡੀਐੱਸੀਪੀ ਹਰਜਿੰਦਰ ਸਿੰਘ ਗਿੱਲ, ਐੱਸਐੱਚਓ ਹਰਦੀਪ ਸਿੰਘ ਪੁੱਜੇ। ਇਸ ਦੌਰਾਨ ਪਿੰਡ ਵਾਸੀਆਂ ਅਤੇ ਸੰਘਰਸ਼ ਕਮੇਟੀ ਦੇ ਮੈਬਰਾਂ ਨੇ ਐੱਸਡੀਐੱਮ ਨੂੰ ਲਿਖਤੀ ਮੰਗ ਪੱਤਰ ਸੌਂਪਿਆ। ਇਸ ਮੌਕੇ ਐੱਸਡੀਐੱਮ ਬਲਜਿੰਦਰ ਸਿੰਘ ਢਿੱਲੋਂ ਨੇ ਟੀਮ ਸਣੇ ਬਾਇਓ ਗੈਸ ਫੈਕਟਰੀ ਦੇ ਆਲੇ-ਦੁਆਲੇ ਦਾ ਦੌਰਾ ਕਰਦਿਆਂ ਧਰਨਾਕਾਰੀਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ। ਸੰਘਰਸ਼ ਕਮੇਟੀ ਨੇ ਕਿਹਾ ਕਿ ਇਸ ਸਬੰਧੀ ਲੁਧਿਆਣਾ ਦੇ ਡੀਸੀ ਨੂੰ ਵੀ ਮੰਗ ਪੱਤਰ ਸੌਂਪਿਆ ਜਾਵੇਗਾ।
ਇਸ ਮੌਕੇ ਪ੍ਰਧਾਨ ਕਰਮਜੀਤ ਸਿੰਘ ਸਹੋਤਾ, ਗੁਰਪਾਲ ਸਿੰਘ ਚਹਿਲ, ਬਲਵੀਰ ਸਿੰਘ ਗਿੱਲ, ਮਨਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਫੈਕਟਰੀ ਖ਼ਿਲਾਫ਼ ਜਲਦ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਫੈਕਟਰੀ ਖਿਲਾਫ਼ ਕਾਰਵਾਈ ਕਰ ਕੇ ਇਸ ਨੂੰ ਬੰਦ ਨਹੀਂ ਕੀਤਾ ਜਾਂਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਆਗੂ ਰਜਿੰਦਰ ਸਿੰਘ ਕੋਟ ਪਨੈਚ, ਗੁਰਮੇਲ ਸਿੰਘ ਸਿਹੌੜਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਰਜਿੰਦਰ ਸਿੰਘ, ਗੁਰਦੀਪ ਸਿੰਘ, ਹਰਬੰਸ ਸਿੰਘ, ਸੰਤੋਖ ਸਿੰਘ, ਜਰਨੈਲ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ, ਦਵਿੰਦਰ ਸਿੰਘ, ਇਕਬਾਲ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ ਆਦਿ ਹਾਜ਼ਰ ਸਨ।