ਕੇਂਦਰ ਸਰਕਾਰ ਵੱਲੋਂ ਸ਼ਕਤੀਆਂ ਦੀ ਦੁਰਵਰਤੋਂ ਖ਼ਿਲਾਫ਼ ਜਨਤਕ ਜਥੇਬੰਦੀਆਂ ਦੀ ਇਕੱਤਰਤਾ
ਪੱਤਰ ਪ੍ਰੇਰਕ
ਜਲੰਧਰ, 4 ਜੂਨ
ਈਡੀ ਵੱਲੋਂ ਡਾ. ਨਵਸ਼ਰਨ ਸਣੇ ਕਈ ਮਹਿਲਾ ਕਾਰਕੁਨਾਂ ਤੇ ਬੁੱਧੀਜੀਵੀਆਂ ਨੂੰ ਲਗਾਤਾਰ ਤੰਗ ਕਰਨ ਦਾ ਵਿਰੋਧ ਕਰਨ ਲਈ ਤੇ ਪਹਿਲਵਾਨਾਂ ਦੇ ਹੱਕ ਵਿੱਚ ਠੋਸ ਅੰਦੋਲਨ ਕਰਨ ਲਈ ਪੰਜਾਬ ਦੀਆਂ ਜਨਤਕ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਅੱਜ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਪ੍ਰੋ. ਜਗਮੋਹਣ ਸਿੰਘ ਅਤੇ ਸੁਰਿੰਦਰ ਕੁਮਾਰੀ ਕੋਛੜ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਵਿੱਚ ਫ਼ੈਸਲਾ ਲਿਆ ਗਿਆ ਕਿ ਨੌਂ ਜੂਨ ਨੂੰ ਪੰਜਾਬ ਦੀਆਂ ਸਮੂਹ ਸੰਘਰਸ਼ੀਲ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦਿੱਤਾ ਜਾਵੇਗਾ।
ਮੀਟਿੰਗ ‘ਚ ਕੇਂਦਰ ਸਰਕਾਰ ਵੱਲੋਂ ਡਾ. ਨਵਸ਼ਰਨ ਨੂੰ ਨਾਜਾਇਜ਼ ਪ੍ਰੇਸ਼ਾਨ ਕਰਨ ਅਤੇ ਪਹਿਲਵਾਨ ਖਿਡਾਰਨਾਂ ਦੀ ਹਮਾਇਤ ‘ਚ ਗੰਭੀਰ ਨੋਟਿਸ ਲਿਆ ਗਿਆ। ਮੀਟਿੰਗ ਵਿੱਚ 25 ਦੇ ਲਗਭਗ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਹਾਜ਼ਰ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀ ਦੁਰਵਰਤੋਂ ਦੀਆਂ ਘਟਨਾਵਾਂ ਵਧ ਰਹੀਆਂ ਹਨ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜਮਹੂਰੀ ਅਧਿਕਾਰ ਸਭਾ ਦੇ ਪ੍ਰੈੱਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਈਡੀ ਵੱਲੋਂ ਡਾ. ਨਵਸ਼ਰਨ ਸਣੇ ਹੋਰ ਔਰਤ ਸਮਾਜਿਕ ਕਾਰਕੁਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰਨ, ਬ੍ਰਿਜ਼ ਭੂਸ਼ਣ ਨੂੰ ਗ੍ਰਿਫ਼ਤਾਰ ਕਰਨ ਅਤੇ ਜੇਲ੍ਹਾਂ ਵਿੱਚ ਬੰਦ ਬੁੱਧੀਜੀਵੀਆਂ ਦੀ ਰਿਹਾਈ ਤੋਂ ਇਲਾਵਾ ਯੂਏਪੀਏ ਜਿਹੇ ਲੋਕ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਨਤਕ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਸੁਖਦੇਵ ਸਿੰਘ ਕੋਕਰੀ ਕਲਾਂ, ਬੀਕੇਯੂ ਡਕੌਂਦਾ ਮਨਜੀਤ ਸਿੰਘ ਧਨੇਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਕਸ਼ਮੀਰ ਸਿੰਘ ਘੁੱਗਸ਼ੋਰ, ਨੌਜਵਾਨ ਭਾਰਤ ਸਭਾ ਦੇ ਅਸ਼ਵਨੀ ਘੁੱਦਾ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜਸਵਿੰਦਰ ਫਗਵਾੜਾ, ਪੰਜਾਬ ਦਿਹਾਤੀ ਮਜ਼ਦੂਰ ਯੂਨੀਅਨ ਦੇ ਮਹੀਪਾਲ, ਡੈਮੋਕ੍ਰੈਟਿਕ ਮੁਲਾਜ਼ਮ ਫੈੱਡਰੇਸ਼ਨ, ਪਸਸਫ ਦੇ ਸਤੀਸ਼ ਰਾਣਾ, ਪਲਸ ਮੰਚ ਦੇ ਅਮੋਲਕ ਸਿੰਘ, ਪੰਜਾਬ ਸਟੂਡੈਂਟਸ ਯੂਨੀਅਨ ਦੇ ਮੰਗਲ ਪੰਡੋਰੀ, ਬੂਟਾ ਸਿੰਘ ਨਵਾਂ ਸ਼ਹਿਰ ਆਦਿ ਹਾਜ਼ਰ ਸਨ।