ਗਹਿਲੋਤ ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤਾ
ਕੁਲਵਿੰਦਰ ਕੌਰ ਦਿਓਲ
ਨਵੀਂ ਦਿੱਲੀ, 27 ਨਵੰਬਰ
ਦਿੱਲੀ ਦੇ ਸਾਬਕਾ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਲੀ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਸਪੀਕਰ ਰਾਮ ਨਿਵਾਸ ਗੋਇਲ ਨੂੰ ਆਪਣਾ ਅਸਤੀਫ਼ਾ ਭੇਜਿਆ। ਕੈਲਾਸ਼ ਗਹਿਲੋਤ ਹਾਲ ਹੀ ’ਚ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਉਨ੍ਹਾਂ ਕਿਹਾ, ‘‘ਜਿਵੇਂ ਕਿ ਤੁਸੀਂ ਜਾਣਦੇ ਹੋਵੋਗੇ, ਮੈਂ 17 ਨਵੰਬਰ ਨੂੰ ਦਿੱਲੀ ਸਰਕਾਰ (ਜੀਐੱਨਸੀਟੀਡੀ) ਵਿੱਚ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ। ਉਸੇ ਦਿਨ, ਮੈਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਸੀ। ਮੁੱਖ ਕਾਰਨ ਇਹ ਸੀ ਕਿ ‘ਆਪ’ ਨੇ ਆਪਣੀਆਂ ਨੈਤਿਕ ਕਦਰਾਂ-ਕੀਮਤਾਂ ਤੋਂ ਭਟਕਣਾ ਸ਼ੁਰੂ ਕਰ ਦਿੱਤਾ ਹੈ, ਜਿਸ ਨਾਲ ਮੇਰੇ ਲਈ ਪਾਰਟੀ ਨਾਲ ਸਬੰਧ ਜਾਰੀ ਰੱਖਣਾ ਮੁਸ਼ਕਲ ਹੋ ਗਿਆ ਸੀ।’’ ਉਨ੍ਹਾਂ ਕਿਹਾ ਕਿ ਮੈਂ ਇਸ ਤਰ੍ਹਾਂ ਦਿੱਲੀ ਵਿਧਾਨ ਸਭਾ ਤੋਂ ਆਪਣਾ ਅਸਤੀਫਾ ਦਿੰਦਾ ਹਾਂ। ਕੈਲਾਸ਼ ਗਹਿਲੋਤ ਨੇ ਦਿੱਲੀ ਦੇ ਟਰਾਂਸਪੋਰਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਅਗਲੇ ਦਿਨ 17 ਨਵੰਬਰ ਨੂੰ ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ। 23 ਨਵੰਬਰ ਨੂੰ ਉਨ੍ਹਾਂ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਪ੍ਰਵਾਨਗੀ ਨਾਲ, ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਵੱਲੋਂ ਦਿੱਲੀ ਵਿਧਾਨ ਸਭਾ ਚੋਣ ਤਾਲਮੇਲ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਗਹਿਲੋਤ ਨੇ ਸ਼ੁੱਕਰਵਾਰ ਨੂੰ ਕੇਂਦਰੀ ਸਿਹਤ ਮੰਤਰੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ ਅਤੇ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਬਾਰੇ ਚਰਚਾ ਕੀਤੀ।