ਜੇਐੱਨ.1: ਸਾਰੇ ਨਮੂਨਿਆਂ ਦੀ ਜੀਨੋਮ ਸੀਕੁਐਂਸਿੰਗ ਕਰਨ ਦੇ ਹੁਕਮ
ਨਵੀਂ ਦਿੱਲੀ: ਦਿੱਲੀ ਦੇ ਸਿਹਤ ਮੰਤਰੀ ਸੌਰਭ ਭਾਰਦਵਾਜ ਨੇ ਅੱਜ ਕਿਹਾ ਕਿ ਜੇਐਨ.1 ਵੇਰੀਐਂਟ ਦੇ ਕੇਸਾਂ ਦਾ ਪਤਾ ਲਾਉਣ ਲਈ ਉਨ੍ਹਾਂ ਨੇ ਕਰੋਨਵਾਇਰਸ ਦੀ ਪੁਸ਼ਟੀ ਕੀਤੇ ਨਮੂਨਿਆਂ ਦੀ ਜੀਨੋਮ ਸੀਕੁਐਂਸਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਰੋਨਾ ਟੈਸਟ ਵਧਾ ਦਿੱਤੇ ਹਨ। ਬੀਤੇ ਦਿਨ 636 ਨਮੂਨਿਆਂ ਦੀ ਜਾਂਚ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਭਾਰਦਵਾਜ ਨੇ ਬੀਤੇ ਦਿਨ ਹੀ ਦਿੱਲੀ ਵਿੱਚ ਜੇਐੱਨ.1 ਵੇਰੀਐਂਟ ਦੇ ਪਹਿਲੇ ਕੇਸ ਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਕਿਹਾ, ‘‘ਮੈਂ ਕਰੋਨਾ ਦੇ ਸਾਰੇ ਪੁਸ਼ਟੀ ਕੀਤੇ ਗਏ ਕੇਸਾਂ ਦੀ ਜੀਨੋਮ ਸੀਕੁਐਂਸਿੰਗ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਨਵੇਂ ਵੇਰੀਐਂਟ ਦੇ ਕੇਸਾਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਜਾ ਸਕੇ। ਬੀਤੇ ਦਿਨ ਤਿੰਨ ਵੇਰੀਐਂਟਸ ਦੀ ਪੁਸ਼ਟੀ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਦੋ ਪੁਰਾਣੇ ਓਮੀਕਰੋਨ ਅਤੇ ਇੱਕ ਕੇਸ ਨਵੇਂ ਜੇਐੱਨ.1 ਵੇਰੀਐਂਟ ਦਾ ਸਾਹਮਣੇ ਆਇਆ ਸੀ। ਚੰਗੀ ਗੱਲ ਇਹ ਹੈ ਕਿ ਹਸਪਤਾਲ ਵਿੱਚ ਦਾਖ਼ਲ ਹੋਏ ਨਵੇਂ ਵੇਰੀਐਂਟ ਤੋਂ ਪੀੜਤ ਮਰੀਜ਼ ਨੂੰ ਛੁੱਟੀ ਦੇ ਦਿੱਤੀ ਗਈ ਹੈ।’’ ਉਨ੍ਹਾਂ ਦੱਸਿਆ ਕਿ ਇਹ ਮਰੀਜ਼ 52 ਸਾਲਾ ਔਰਤ ਸੀ। ਥੋੜ੍ਹੀ ਸਿਹਤ ਵਿਗੜਨ ਮਗਰੋਂ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ, “ਮਹਿਲਾ ਮਰੀਜ਼ ਨੂੰ ਕੋਈ ਗੰਭੀਰ ਸਮੱਸਿਆ ਨਹੀਂ ਸੀ।” ਇਸ ਵੇਲੇ ਹਸਪਤਾਲ ਵਿੱਚ ਕੋਵਿਡ-19 ਦੇ ਚਾਰ ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਨੇ ਲੰਮੇ ਸਮੇਂ ਤੋਂ ਬਿਮਾਰ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਉਨ੍ਹਾਂ ਅਧਿਕਾਰੀਆਂ ਨੂੰ ਬੱਸ ਅੱਡਿਆਂ ਅਤੇ ਹੋਰ ਜਨਤਕ ਥਾਵਾਂ ’ਤੇ ਮੁਹਿੰਮਾਂ ਚਲਾਉਣ ਦੀ ਹਦਾਇਤ ਦਿੱਤੀ ਹੈ। -ਪੀਟੀਆਈ