ਮੇਲਾ ਗ਼ਦਰੀ ਬਾਬਿਆਂ ਦਾ 30 ਅਕਤੂਬਰ ਤੋਂ
ਟ੍ਰਿਬਿਊਨ ਨਿਊਜ਼ ਸਰਵਿਸ
ਜਲੰਧਰ, 22 ਸਤੰਬਰ
ਗਦਰੀ ਬਾਬਿਆਂ ਦੀ ਵਿਰਾਸਤ ਅਤੇ ਵਰਤਮਾਨ ਚੁਣੌਤੀਆਂ ਨੂੰ ਸਮਰਪਿਤ 32ਵਾਂ ਮੇਲਾ ਗ਼ਦਰੀ ਬਾਬਿਆਂ ਦਾ ਦਾ ਆਗਾਜ਼ 30 ਅਕਤੂਬਰ ਦੀ ਸ਼ਾਮ ਨੂੰ ਪੁਸਤਕ ਸਭਿਆਚਾਰ ਨਾਲ ਹੋਵੇਗਾ ਤੇ ਪਹਿਲੀ ਨਵੰਬਰ ਨੂੰ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸੀਨੀਅਰ ਟਰੱਸਟੀ ਸੁਰਿੰਦਰ ਕੁਮਾਰੀ ਕੋਛੜ ਗਦਰ ਪਾਰਟੀ ਦਾ ਝੰਡਾ ਲਹਿਰਾਉਣਗੇ। ਇਸ ਸਬੰਧੀ ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਭਿਆਚਾਰਕ ਵਿੰਗ ਦੀ ਮੀਟਿੰਗ ਕਮੇਟੀ ਦੇ ਅਹੁਦੇਦਾਰਾਂ ਦੀ ਹਾਜ਼ਰੀ ’ਚ ਦੇਸ਼ ਭਗਤ ਯਾਦਗਾਰ ਹਾਲ ਵਿਚ ਹੋਈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ, ਖਜ਼ਾਨਚੀ ਸੀਤਲ ਸਿੰਘ ਸੰਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਕਿਹਾ ਕਿ ਇਹ ਮੇਲਾ ਪ੍ਰੋ. ਬਰਕਤ ਉੱਲਾ ਤੇ ਬੀਬੀ ਗੁਲਾਬ ਕੌਰ ਨੂੰ ਸਮਰਪਿਤ ਹੋਵੇਗਾ।
ਜਾਣਕਾਰੀ ਅਨੁਸਾਰ 30 ਅਕਤੂਬਰ ਦੀ ਸ਼ਾਮ ਪੁਸਤਕ ਸਭਿਆਚਾਰ ਦੇ ਨਾਮ ਨਾਲ ਮੇਲਾ ਸ਼ੁਰੂ ਹੋਵੇਗਾ। ਮੇਲੇ ਦੇ ਤਿੰਨੋਂ ਦਿਨ ਚਿਤਰਕਲਾ ਅਤੇ ਫੋਟੋ ਕਲਾ ਪ੍ਰਦਰਸ਼ਨੀ ਲੱਗੇਗੀ ਇਸ ਵਾਰ ਅਮੋਲਕ ਸਿੰਘ ਦਾ ਲਿਖਿਆ ਸੰਗੀਤ ਨਾਟ ਓਪੇਰਾ ਝੰਡੇ ਦਾ ਗੀਤ: ਪੰਜਾਬੀ ਰੰਗ ਮੰਚ ਦੇ ਨਾਮਵਰ ਨਿਰਦੇਸ਼ਕ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ’ਚ ਗਾਇਆ ਜਾਵੇਗਾ।