For the best experience, open
https://m.punjabitribuneonline.com
on your mobile browser.
Advertisement

ਘੱਲੂਘਾਰਾ ਦਿਵਸ: ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ

08:41 AM Jun 07, 2024 IST
ਘੱਲੂਘਾਰਾ ਦਿਵਸ  ਪੁਲੀਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ
ਲੁਧਿਆਣਾ ਦੇ ਚੌੜਾ ਬਾਜ਼ਾਰ ਵਿੱਚ ਤਾਇਨਾਤ ਸੁਰੱਖਿਆ ਬਲ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 6 ਜੂਨ
ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੱਜ ਲੁਧਿਆਣਾ ਵਿੱਚ ਜ਼ਿਲ੍ਹਾ ਤੇ ਪੁਲੀਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਰਿਹਾ। ਇਸ ਦੌਰਾਨ ਪੁਲੀਸ ਤੇ ਪੈਰਾਮਿਲਟਰੀ ਫੋਰਸ ਦੇ ਜਵਾਨਾਂ ਨੇ ਸ਼ਹਿਰ ਦੇ ਘੰਟਾ ਘਰ ਚੌਕ, ਦਰੇਸੀ ਰੋਡ, ਗੁਰਦੁਆਰਾ ਕਲਗੀਧਰ ਸਾਹਿਬ, ਸੰਗਲਾ ਵਾਲਾ ਸ਼ਿਵਾਲਾ ਮੰਦਿਰ, ਦੁਰਗਾ ਮਾਤਾ ਮੰਦਿਰ, ਜਗਰਾਉਂ ਪੁਲ, ਭਾਰਤ ਨਗਰ ਚੌਕ, ਸਿੱਧਵਾ ਨਹਿਰ ਚੌਕ ਇਲਾਕਿਆਂ ਵਿੱਚ ਨਾਕਾਬੰਦੀ ਕੀਤੀ ਹੋਈ ਤੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਵੀ ਕੀਤੀ।
ਜਾਣਕਾਰੀ ਅਨੁਸਾਰ ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਹਿੰਦੂ ਜਥੇਬੰਦੀਆਂ ਨੇ ਵੀ ਆਪਣੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਸੀ। ਅੱਜ ਹਿੰਦੂ ਜਥੇਬੰਦੀਆਂ ਵੱਲੋਂ ਜਿੱਥੇ ਮੰਦਰਾਂ ’ਚ ਹਵਨ ਯੱਗ ਕਰਵਾਏ ਗਏ, ਉਥੇ ਸ਼ਹਿਰ ਦੇ ਪ੍ਰਮੁੱਖ ਗੁਰਦੁਆਰਿਆਂ ’ਚ ਘੱਲੂਘਾਰਾ ਦਿਵਸ ਨੂੰ ਧਾਰਮਿਕ ਸਮਾਗਮ ਕਰਵਾਏ ਗਏ। ਦੂਜੇ ਪਾਸੇ ਪੁਲੀਸ ਵੱਲੋਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ। ਪੁਲੀਸ ਦੇ ਉੱਚ ਅਧਿਕਾਰੀਆਂ ਵੱਲੋਂ ਥਾਣਾ ਇੰਚਾਰਜਾਂ ਨੂੰ ਹੁਕਮ ਜਾਰੀ ਕੀਤੇ ਗਏ ਸਨ ਕਿ ਇਲਾਕੇ ’ਚ ਹੋ ਰਹੀ ਹਰ ਗਤੀਵਿਧੀ ’ਤੇ ਨਜ਼ਰ ਰੱਖੀ ਜਾਵੇ ਤੇ ਜੇਕਰ ਕੋਈ ਗੜਬੜੀ ਹੁੰਦੀ ਹੈ ਤਾਂ ਉਸ ਬਾਰੇ ਤੁਰੰਤ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ, ਪਰ ਸ਼ਹਿਰ ’ਚ ਅਜਿਹੀ ਕੋਈ ਘਟਨਾ ਨਹੀਂ ਵਾਪਰੀ।
ਜ਼ਿਕਰਯੋਗ ਹੈ ਕਿ ਘੱਲੂਘਾਰਾ ਦਿਵਸ ਨੂੰ ਲੈ ਕੇ ਸ਼ਹਿਰ ’ਚ ਹਰ ਸਾਲ ਹਿੰਦੂ ਜਥੇਬੰਦੀਆਂ ਤੇ ਕਈ ਸਿੱਖ ਜਥੇਬੰਦੀਆਂ ਆਹਮੋ- ਸਾਹਮਣੇ ਹੁੰਦੀਆਂ ਹਨ। ਇਸ ਦੌਰਾਨ ਪ੍ਰਸ਼ਾਸਨ ਨੂੰ ਕਿਸੇ ਤਰ੍ਹਾਂ ਨਾਲ ਸਥਿਤੀ ਨੂੰ ਸੰਭਾਲਣਾ ਪੈਂਦਾ ਹੈ।
ਲੋਕ ਸਭਾ ਚੋਣਾਂ ਤੇ ਉਪਰੋਂ ਘੱਲੂਘਾਰਾ ਦਿਵਸ ਤੋਂ ਪਹਿਲਾਂ ਚੋਣ ਨਤੀਜਿਆਂ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਪਹਿਲਾਂ ਹੀ ਸਖਤ ਕੀਤੇ ਗਏ ਸਨ, ਪਰ ਪੁਲੀਸ ਨੇ 6 ਜੂਨ ਨੂੰ ਲੈ ਕੇ ਖਾਸ ਤਿਆਰੀ ਕੀਤੀ ਹੋਈ ਸੀ ਕਿ ਜੇਕਰ ਲੋੜ ਪਵੇ ਤਾਂ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਕਿਵੇਂ ਨਜਿੱਠਣਾ ਹੈ। ਪੁਲੀਸ ਪੁਲੀਸ ਪ੍ਰਸ਼ਾਸਨ ਨੇ ਪਹਿਲਾਂ ਹੀ ਹਿੰਦੂ ਜਥੇਬੰਦੀਆਂ ਅਤੇ ਸਿਖ ਜਥੇਬੰਦੀਆਂ ਨੂੰ ਮਾਹੌਲ ਖਰਾਬ ਨਾ ਕਰਨ ਦੀ ਸਲਾਹ ਦਿੱਤੀ ਸੀ। ਹਾਲਾਂਕਿ ਪ੍ਰਸ਼ਾਸਨ ਵੱਲੋਂ ਗੁਰਦੁਆਰਿਆਂ ਤੇ ਮੰਦਰਾਂ ਬਾਹਰ ਸੁਰੱਖਿਆ ਪ੍ਰਬੰਧ ਸਖਤ ਕੀਤੇ ਗਏ ਸਨ, ਪਰ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਦੂਜੇ ਪਾਸੇ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਅਸ਼ੋਕ ਥਾਪਰ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਇਸ ਦੇ ਨਾਲ ਹੀ ਸ਼ਿਵ ਸੈਨਾ ਆਗੂ ਅਮਿਤ ਅਰੋੜਾ, ਭਾਨੂ ਪ੍ਰਤਾਪ ਸਿੰਘ ਨੂੰ ਵੀ ਪੁਲੀਸ ਨੇ ਘਰ ਵਿੱਚ ਹੀ ਨਜ਼ਰਬੰਦ ਕੀਤਾ ਹੋਇਆ ਸੀ।

Advertisement

Advertisement
Author Image

joginder kumar

View all posts

Advertisement
Advertisement
×