ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਘੱਲੂਘਾਰਾ ਦਿਵਸ: ਜਥੇਦਾਰ ਗੜਗੱਜ ਦੇ ਸਿੱਖ ਸੰਗਤ ਨੂੰ ਸੰਬੋਧਨ ਬਾਰੇ ਬੇਯਕੀਨੀ ਬਰਕਰਾਰ

10:08 PM Jun 05, 2025 IST
featuredImage featuredImage
Cops deputed at the entrance of Ghee Mandi gate leading to Golden Temple on Thursday. Security has been beefed up in view of the Operation Bluestar Anniversary in Amritsar that falls on June 6. photo vishal kumar

ਸ਼੍ਰੋਮਣੀ ਕਮੇਟੀ ਵੱਲੋਂ ਟਕਰਾਅ ਟਾਲਣ ਲਈ ਯਤਨ ਜਾਰੀ, ਸ਼ਹਿਰ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ

Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ , 5 ਜੂਨ

Advertisement

ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਦੀ 41ਵੀਂ ਬਰਸੀ ਨੂੰ ਲੈ ਕੇ ਭਲਕੇ 6 ਜੂਨ ਨੂੰ ਸ੍ਰੀ ਅਕਾਲ ਤਖਤ ਵਿਖੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਅਖੰਡ ਪਾਠ ਦੇ ਭੋਗ ਪੈਣਗੇ। ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮਾਗਮ ਦੌਰਾਨ ਸਿੱਖ ਸੰਗਤ ਨੂੰ ਸੰਬੋਧਨ ਕਰਨਗੇ ਜਾਂ ਨਹੀਂ, ਇਸ ਬਾਰੇ ਬੇਯਕੀਨੀ ਬਰਕਰਾਰ ਹੈ। ਉਧਰ ਦਮਦਮੀ ਟਕਸਾਲ ਅਤੇ ਨਿਹੰਗ ਸਿੰਘ ਜਥੇਬੰਦੀਆਂ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪ੍ਰਵਾਨਿਤ ਜਥੇਦਾਰ ਮੰਨਣ ਤੋਂ ਨਾਂਹ ਕਰਦਿਆਂ ਆਪਣੇ ਫੈਸਲੇ ’ਤੇ ਅਡਿੱਗ ਹਨ।

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਅੱਜ ਮੁੜ ਆਖਿਆ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਕਾਲ ਤਖਤ ਤੋਂ ਸੰਦੇਸ਼ ਪੜ੍ਹਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦਮਦਮੀ ਟਕਸਾਲ ਆਪਣੇ ਫੈਸਲੇ ’ਤੇ ਕਾਇਮ ਹੈ ਅਤੇ ਆਪਣਾ ਸਟੈਂਡ ਸਪਸ਼ਟ ਕਰ ਚੁੱਕੀ ਹੈ। ਉਨ੍ਹਾਂ ਇਸ ਮਾਮਲੇ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਸਬੰਧੀ ਚਰਚਾ ਨੂੰ ਗਲਤ ਦੱਸਦਿਆਂ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਮੀਟਿੰਗ ਨਹੀਂ ਹੋਈ ਹੈ ਅਤੇ ਇਸ ਤਰ੍ਹਾਂ ਦੀਆਂ ਅਫਵਾਹਾਂ ਤੋਂ ਸੰਗਤ ਸੁਚੇਤ ਰਹੇ।

ਜਾਣਕਾਰੀ ਮੁਤਾਬਿਕ ਜੇਕਰ ਜਥੇਦਾਰ ਗੜਗੱਜ ਭਲਕੇ ਸ੍ਰੀ ਅਕਾਲ ਤਖਤ ਤੋਂ ਸੰਬੋਧਨ ਕਰਦੇ ਹਨ ਤਾਂ ਨਿਹੰਗ ਜਥੇਬੰਦੀ ਬੁੱਢਾ ਦਲ ਅਤੇ ਹੋਰਨਾਂ ਨਿਹੰਗ ਸਿੰਘ ਜਥੇਬੰਦੀਆਂ ਵਿਰੋਧ ਵਜੋਂ ਸਮਾਗਮ ਦਾ ਬਾਈਕਾਟ ਕਰ ਸਕਦੀਆਂ ਹਨ। ਉਹ ਸਮਾਗਮ ਵਿੱਚ ਕਿਸੇ ਵੀ ਤਰ੍ਹਾਂ ਦੇ ਟਕਰਾਅ ਵਿੱਚ ਪੈਣ ਤੋਂ ਗੁਰੇਜ਼ ਕਰਨ ਦੀ ਨੀਤੀ ’ਤੇ ਚੱਲ ਰਹੇ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮੌਕੇ ਕਿਸੇ ਵੀ ਤਰ੍ਹਾਂ ਦੇ ਹੋਣ ਵਾਲੇ ਟਕਰਾਅ ਨੂੰ ਟਾਲਣ ਸਬੰਧੀ ਲਗਾਤਾਰ ਯਤਨ ਜਾਰੀ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਨੂੰ ਲੈ ਕੇ ਜਿੱਥੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ, ਉੱਥੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲੀਸ ਕਮਿਸ਼ਨਰ ਅਤੇ ਹੋਰ ਅਧਿਕਾਰੀ ਵੀ ਉਨ੍ਹਾਂ ਨੂੰ ਮਿਲੇ ਹਨ। ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਯਤਨ ਕਰ ਰਹੀ ਹੈ ਕਿ ਟਕਰਾਅ ਨੂੰ ਟਾਲਣ ਵਾਸਤੇ ਅਰਦਾਸ ਸਮਾਗਮ ਦੌਰਾਨ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਸੰਬੋਧਨ ਤੋਂ ਗੁਰੇਜ਼ ਕੀਤਾ ਜਾਵੇ।

ਇਸ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਇੱਥੇ ਅਕਾਲ ਤਖਤ ਸਕੱਤਰੇਤ ਵਿਖੇ ਕਈ ਸਿੱਖ ਆਗੂਆਂ ਦੇ ਨਾਲ ਆਮ ਦਿਨਾਂ ਵਾਂਗ ਗੈਰ ਰਸਮੀ ਮੁਲਾਕਾਤ ਕੀਤੀ ਹੈ। ਉਨ੍ਹਾਂ ਲੰਘੇ ਦਿਨ ਕਿਹਾ ਸੀ ਕਿ 6 ਜੂਨ ਨੂੰ ਹੋਣ ਵਾਲਾ ਘੱਲੂਘਾਰਾ ਦਿਵਸ ਸਮਾਗਮ ਸ਼ਾਂਤੀ ਪੂਰਵਕ ਹੋਵੇਗਾ।

ਉਧਰ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਘੱਲੂਘਾਰਾ ਦਿਵਸ ਸਮਾਗਮ ਦੌਰਾਨ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦੇ ਵਾਸਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੀ ਪੁਲੀਸ ਸੁਰੱਖਿਆ ਬਲ ਮੰਗਵਾਏ ਗਏ ਹਨ।

Advertisement