ਘੱਲੂਘਾਰਾ ਦਿਵਸ ਸ਼ਾਂਤੀ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ: ਜਥੇਦਾਰ ਗੜਗੱਜ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜੂਨ
ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਕਿਹਾ ਕਿ 6 ਜੂਨ ਨੂੰ ਘੱਲੂਘਾਰਾ ਦਿਵਸ ਪੂਰੀ ਸ਼ਾਂਤੀ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਅੱਜ ਇਥੇ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ ਅਤੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਹੈ। ਇਸ ਦੌਰਾਨ ਪੁਲੀਸ ਵੱਲੋਂ ਘੱਲੂਘਾਰਾ ਦਿਵਸ ਨੂੰ ਲੈ ਕੇ ਕੀਤੇ ਜਾ ਰਹੇ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਅੱਜ ਸ਼ਾਮ ਵੇਲੇ ਪੁਲੀਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਵੀ ਕੀਤਾ ਗਿਆ ਹੈ।
ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਦਮਦਮੀ ਟਕਸਾਲ ਵਿਚਾਲੇ ਬਣੇ ਵਿਵਾਦ ਸਬੰਧੀ ਕਿਹਾ ਕਿ ਅਜਿਹਾ ਕੁਝ ਨਹੀਂ ਹੈ, ਸਭ ਕੁਝ ਠੀਕ ਹੈ। ਇਹ ਦਿਵਸ ਸ਼ਾਂਤੀ ਪੂਰਵਕ ਅਤੇ ਸ਼ਰਧਾ ਸਤਿਕਾਰ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਵਿਖੇ ਹਨ ਅਤੇ ਉਹ ਲਗਾਤਾਰ ਦੇਖ ਰਹੇ ਹਨ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਆ ਰਹੀ ਹੈ ਅਤੇ ਸੰਗਤ ਚੜਦੀ ਕਲਾ ਵਿੱਚ ਹੈ।
ਜਥੇਦਾਰ ਨੇ ਕਿਹਾ ਕਿ ਦਮਦਮੀ ਟਕਸਾਲ ਅਤੇ ਹੋਰ ਸਿੱਖ ਜਥੇਬੰਦੀਆਂ ਆਪਸ ਵਿੱਚ ਗੁਰਭਾਈ ਹਨ ਅਤੇ ਕਿਸੇ ਵਿੱਚ ਵੀ ਕੋਈ ਵਿਵਾਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਸਮੁੱਚੀ ਕੌਮ ਵੱਲੋਂ ਇਹ ਦਿਵਸ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਰਿਹਾ ਹੈ ਅਤੇ ਇਸ ਵਾਰ ਵੀ ਪਹਿਲਾਂ ਵਾਂਗ ਹੀ ਸ਼ਾਂਤੀ ਪੂਰਵਕ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲੇ ਟਕਸਾਲ ਦੇ ਮੁਖੀ ਸਨ ਅਤੇ ਅਜਿਹਾ ਕਦੇ ਵੀ ਨਹੀਂ ਹੋ ਸਕਦਾ ਕਿ ਟਕਸਾਲ ਆਪਣੇ ਮੁਖੀ ਤੇ ਹੋਰ ਸ਼ਹੀਦਾਂ ਦੇ ਸ਼ਹੀਦੀ ਦਿਵਸ ਮੌਕੇ ਕਿਸੇ ਤਰ੍ਹਾਂ ਦਾ ਕੋਈ ਵਿਵਾਦ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਚੱਲ ਰਹੀਆਂ ਚਰਚਾਵਾਂ ਸਿਰਫ ਕਿਆਸ ਹਨ।
ਚੇਤੇ ਰਹੇ ਕਿ ਦਮਦਮੀ ਟਕਸਾਲ ਅਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਜਥੇਦਾਰ ਗੜਗੱਜ ਨੂੰ ਸਿੱਖ ਕੌਮ ਦੇ ਪ੍ਰਵਾਨਿਤ ਜਥੇਦਾਰ ਮੰਨਣ ਤੋਂ ਇਨਕਾਰ ਕੀਤਾ ਹੈ ਅਤੇ ਐਲਾਨ ਕੀਤਾ ਹੈ ਕਿ ਜੇਕਰ ਉਹ ਘੱਲੂਘਾਰਾ ਦਿਵਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹਨ ਅਤੇ ਸ਼ਹੀਦਾਂ ਨੂੰ ਸਨਮਾਨਿਤ ਕਰਦੇ ਹਨ ਤਾਂ ਜਥੇਬੰਦੀਆਂ ਉਨ੍ਹਾਂ ਦਾ ਵਿਰੋਧ ਕਰਨਗੀਆਂ। ਇਸ ਦੌਰਾਨ ਪੁਲੀਸ ਵੱਲੋਂ ਘੱਲੂਘਾਰਾ ਦਿਵਸ ਨੂੰ ਲੈ ਕੇ ਕੀਤੇ ਜਾ ਰਹੇ ਸਖ਼ਤ ਸੁਰੱਖਿਆ ਪ੍ਰਬੰਧਾਂ ਤਹਿਤ ਅੱਜ ਸ਼ਾਮ ਵੇਲੇ ਪੁਲੀਸ ਵੱਲੋਂ ਸ਼ਹਿਰ ਵਿੱਚ ਫਲੈਗ ਮਾਰਚ ਵੀ ਕੀਤਾ ਗਿਆ ਹੈ।