ਕਿਸਾਨਾਂ ਵੱਲੋਂ ਫ਼ਸਲਾਂ ਦੇ ਮੁਆਵਜ਼ੇ ਲਈ ਨਾਇਬ ਤਹਿਸੀਲਦਾਰ ਦਾ ਘਿਰਾਓ
ਪੱਤਰ ਪ੍ਰੇਰਕ
ਨਥਾਣਾ, 5 ਜੂਨ
ਬੇਮੌਸਮੇ ਮੀਂਹ ਤੇ ਗੜਿਆਂ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਬਦਲੇ ਮੁਆਵਜ਼ੇ ਲਈ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸ਼ਾਮ ਨਾਇਬ ਤਹਿਸੀਲਦਾਰ ਅਤੇ ਹੋਰਨਾਂ ਮੁਲਾਜ਼ਮਾਂ ਦਾ ਘਿਰਾਉ ਕੀਤਾ ਗਿਆ। ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀਆਂ ਇੱਕ ਜੂਨ ਤੋਂ ਮੁਆਵਜ਼ੇ ਦੀ ਮੰਗ ਸਬੰਧੀ ਇੱਥੇ ਲਗਾਤਾਰ ਧਰਨਾ ਦੇ ਰਹੀਆਂ ਸਨ। ਉਕਤ ਅਧਿਕਾਰੀ ਵੱਲੋਂ ਪੀੜਤ ਕਿਸਾਨਾਂ ਦੀਆਂ ਲਿਸਟਾਂ ਦੇਣ ਅਤੇ ਟਾਲ-ਮਟੋਲ ਕੀਤੇ ਜਾਣ ਕਾਰਨ ਇਹ ਧਰਨਾ ਘਿਰਾਉ ਵਿੱਚ ਬਦਲ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਡਕੌਦਾ ਧੜੇ ਦੇ ਰਾਜਮਿੰਦਰ ਸਿੰਘ ਕੋਟਭਾਰਾ, ਸਿੱਧੂਪੁਰ ਦੇ ਬਲਦੇਵ ਸਿੰਘ ਸੰਦੋਹਾ ਅਤੇ ਮਹਿਲਾ ਆਗੂ ਸੁਖਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਗਿਰਦਾਵਰੀਆਂ ਤੋਂ ਪਹਿਲਾਂ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਡੇਢ ਮਹੀਨੇ ਬਾਅਦ ਵੀ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਮਿਲੀ। ਧਰਨਾਕਾਰੀਆਂ ਨੇ ਕਿਹਾ ਕਿ ਮੁਆਵਜ਼ਾ ਮਿਲਣ ‘ਤੇ ਹੀ ਘਿਰਾਉ ਖਤਮ ਹੋਵੇਗਾ। ਦੇਰ ਸ਼ਾਮ ਐੱਸਡੀਐੱਮ ਵਰਿੰਦਰ ਸਿੰਘ ਨੇ ਇੱਥੇ ਪੁੱਜ ਕੇ ਟਰੇਨਿੰਗ ‘ਤੇ ਗਏ ਡਿਪਟੀ ਕਮਿਸ਼ਨਰ ਦੀ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨਾਲ ਗੱਲਬਾਤ ਕਰਵਾ ਕੇ ਭਰੋਸਾ ਦਿੱਤਾ ਕਿ ਪਿੰਡ ਗਿੱਦੜ ਦੇ ਕਿਸਾਨਾਂ ਨੂੰ 3 ਕਰੋੜ 45 ਲੱਖ ਰੁਪਏ ਦਾ ਮੁਆਵਜ਼ਾ ਇੱਕ ਹਫ਼ਤੇ ਅੰਦਰ ਦਿੱਤਾ ਜਾਵੇਗਾ। ਇਸ ਭਰੋਸੇ ਉਪਰੰਤ ਕਿਸਾਨਾਂ ਨੇ ਘਿਰਾਓ ਖਤਮ ਕਰਨ ਅਤੇ ਧਰਨਾ ਲਗਾਤਾਰ ਜਾਰੀ ਰੱਖਣ ਦਾ ਐਲਾਨ ਕੀਤਾ।
ਭਗਤਾ ਭਾਈ (ਪੱਤਰ ਪ੍ਰੇਰਕ): ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਨੁਕਸਾਨੀ ਗਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਕਾਰਨ ਪਿੰਡ ਦਿਆਲਪੁਰਾ ਮਿਰਜ਼ਾ, ਕੋਠਾ ਗੁਰੂ, ਸਿਰੀਏਵਾਲਾ ਆਦਿ ਪਿੰਡਾਂ ਦੇ ਰੋਹ ‘ਚ ਆਏ ਕਿਸਾਨਾਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ‘ਚ ਤਹਿਸੀਲ ਦਫਤਰ ਭਗਤਾ ਭਾਈ ਅੱਗੇ ਧਰਨਾ ਦਿੱਤਾ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੇਲ ਸਿੰਘ ਲਹਿਰਾ, ਗੁਰਜੰਟ ਸਿੰਘ ਕੋਠਾਗੁਰੂ ਆਦਿ ਨੇ ਸੰਬੋਧਨ ਕੀਤਾ।