ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Giani Kuldeep Singh Gadgaj ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ

07:37 AM Mar 10, 2025 IST
featuredImage featuredImage

ਬੀ ਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 10 ਮਾਰਚ

Advertisement

Giani Kuldeep Singh Gadgaj ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਗਿਆਨੀ ਕੁਲਦੀਪ ਸਿੰਘ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲ ਤੋ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰਿਆਂ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ। ਇਸ ਦੌਰਾਨ ਗ੍ਰੰਥੀ ਸਿੰਘਾਂ ਵੱਲੋਂ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਭੇਟ ਕੀਤੇ ਗਏ।

ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਪੰਥ ਵੱਲੋਂ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ। ਜਥੇਦਾਰ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਠੀ ਸਿੰਘ ਵਜੋਂ ਸ਼ੁਰੂ ਕਰਕੇ ਫਿਰ ਧਰਮ ਪ੍ਰਚਾਰ ਦੀ ਸੇਵਾ ਨੂੰ ਚੁਣਿਆ ਸੀ ਤੇ ਗੁਰੂ ਪੰਥ ਦੀ ਸੇਵਾ ਵਿੱਚ ਇੱਕ ਪ੍ਰਚਾਰਕ ਵਜੋਂ ਹੀ ਵਿਚਰਦੇ ਰਹਿਣਗੇ।

Advertisement

ਪੰਥ ਨੂੰ ਦਰਪੇਸ਼ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਮਸਲਿਆਂ ਬਾਰੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਸਾਡੇ ਬਹੁਤੇ ਮਸਲੇ ਗੁਰੂ ਦਰ ਨਾਲੋਂ ਟੁੱਟਣ ਕਾਰਨ ਪੈਦਾ ਹੋਏ ਹਨ। ਅੱਜ ਧਾਰਮਿਕ ਤੌਰ ’ਤੇ ਸਿੱਖਾਂ ਵਿੱਚ ਬੇਇਤਫਾਕੀ ਵਾਲਾ ਮਾਹੌਲ ਹੈ। ਧਾਰਮਿਕ ਤੇ ਸਿਆਸੀ ਤੌਰ ਤੇ ਯੋਗ ਅਗਵਾਈ ਦੀ ਘਾਟ ਕਾਰਨ ਮਿਲ ਬੈਠ ਕੇ ਮਸਲਿਆਂ ਨੂੰ ਸੁਲਝਾਉਣ ਦੀ ਥਾਂ ਤੇ ਇੱਕ ਦੂਜੇ ਨੂੰ ਨੀਵਾਂ ਦਿਖਾਉਣ ਦਾ ਕੰਮ ਚੱਲ ਰਿਹਾ ਹੈ।

ਪਿਛਲੇ ਸਾਲ 2 ਦਸੰਬਰ ਨੂੰ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਸਬੰਧੀ ਲਏ ਫੈਸਲੇ ਬਾਰੇ ਗੱਲ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਗੁਰਮਤਿ ਦੀ ਰੌਸ਼ਨੀ ਵਿੱਚ ਦਿੱਤੇ ਹੁਕਮਨਾਮਿਆਂ ਨਾਲ ਕੋਈ ਛੇੜਛਾੜ ਨਹੀਂ ਹੋ ਸਕਦੀ ਅਤੇ ਇਹੀ ਗੱਲ 2 ਦਸੰਬਰ ਨੂੰ ਜਾਰੀ ਹੁਕਮਨਾਮਿਆਂ ’ਤੇ ਇੰਨ ਬਿੰਨ ਲਾਗੂ ਹੁੰਦੀ ਹੈ। ਸੋ ਅਜਿਹੇ ਇਤਰਾਜ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਭਰਤੀ ਕਮੇਟੀ ਦੇ ਸਬੰਧ ਵਿੱਚ ਮੁੜ ਨਜ਼ਰਸਾਨੀ ਕੀਤੀ ਜਾਵੇਗੀ ਅਤੇ ਸਬੰਧਤ ਧਿਰਾਂ ਦੇ ਇਤਰਾਜ਼ ਦੂਰ ਕਰਨ ਹਿੱਤ ਫੈਸਲਾ ਲਿਆ ਜਾਵੇਗਾ। ਸਬੰਧਤ ਧਿਰਾਂ ਨੂੰ ਤਕੀਦ ਕੀਤੀ ਜਾਂਦੀ ਹੈ ਕਿ ਉਹ ਇਸ ਸਬੰਧ ਵਿੱਚ ਇੱਕ ਦੂਜੇ ਪ੍ਰਤੀ ਕੁੜੱਤਣ ਭਰੀ ਬਿਆਨਬਾਜੀ ਤੋਂ ਗ਼ੁਰੇਜ਼ ਕਰਨ।

ਉਨ੍ਹਾਂ ਕਿਹਾ ਕਿ 2 ਦਸੰਬਰ ਦੇ ਫੈਸਲਿਆਂ ਵਿੱਚ ਇੱਕ ਅਹਿਮ ਫੈਸਲਾ ਪੰਥਕ ਏਕਤਾ ਦਾ ਵੀ ਕੀਤਾ ਗਿਆ ਸੀ ਜਿਸ ਸਬੰਧ ਵਿੱਚ ਦੋਵਾਂ ਧਿਰਾਂ ਵੱਲੋਂ ਹੁਣ ਤੱਕ ਕੋਈ ਉਦਮ ਨਹੀਂ ਕੀਤਾ ਗਿਆ। ਇਸ ਫੈਸਲੇ ਨੂੰ ਲਾਗੂ ਕਰਾਉਣ ਲਈ ਵੀ ਸਬੰਧਤ ਧਿਰਾਂ ਦੇ ਦਾਵਿਆਂ ਦੀ ਮੁੜ ਨਜ਼ਰਸਾਨੀ ਕੀਤੀ ਜਾਵੇਗੀ।

ਜਥੇਦਾਰ ਨੇ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਸਿੱਖ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਗੁਰੂ ਪ੍ਰੇਮ ਵਿੱਚ ਭਿੱਜ ਕੇ ਹੋਲੇ ਮਹੱਲੇ ਦੀਆਂ ਰੌਣਕਾਂ ਵਿੱਚ ਵਾਧਾ ਕਰਨ ਤੇ ਇਸ ਤਿਉਹਾਰ ਨੂੰ ਸੇਵਾ ਸਿਮਰਨ ਸਿੱਖੀ ਦੇ ਜੋਸ਼ ਤੇ ਜਜ਼ਬੇ ਨਾਲ ਖਾਲਸੇ ਦੀ ਪਾਵਨ ਧਰਤੀ ਤੇ ਆ ਕੇ ਮਨਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਚਰਨ ਸਿੰਘ ਕੁਹਾਲਾ, ਚੀਫ਼ ਗੁਰਦੁਆਰਾ ਇੰਸਪੈਕਟਰ ਜਗਦੀਸ਼ ਸਿੰਘ ਬੁੱਟਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਹਰਦੇਵ ਸਿੰਘ ਆਦਿ ਮੌਜੂਦ ਸਨ।

ਜਥੇਦਾਰਾਂ ਨੂੰ ਅਹੁਦਿਆਂ ਤੋਂ ਫਾਰਗ ਕਰਨ ਤੇ ਰਾਤ ਦੇ ਹਨੇਰੇ ਵਿੱਚ ਨਵੇਂ ਜਥੇਦਾਰ ਨੂੰ ਸੇਵਾ ਸੌਂਪਣ ਦਾ ਨਿਹੰਗ ਜਥੇਬੰਦੀਆਂ ਵੱਲੋਂ ਵਿਰੋਧ

ਮਰਿਆਦਾ ਦੇ ਉਲਟ ਜਥੇਦਾਰਾਂ ਨੂੰ ਅਹੁਦਿਆਂ ਤੋਂ ਫਾਰਗ ਕਰਨ ਤੇ ਰਾਤ ਦੇ ਹਨੇਰੇ ਵਿੱਚ ਨਵੇਂ ਜਥੇਦਾਰ ਨੂੰ ਸੇਵਾ ਸੌਂਪਣ ਦਾ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਹੈ। ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਤਰਨਾ ਦਲ ਦੇ ਮੁਖੀ ਬਾਬਾ ਨਾਗਰ ਸਿੰਘ, ਬਾਬਾ ਮੇਜਰ ਸਿੰਘ ਸੋਢੀ, ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਬਾਬਾ ਸੁਖਦੇਵ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ ਸਮੇਤ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਿਹੰਗ ਮੁਖੀ ਬਾਬਾ ਬਲਵੀਰ ਸਿੰਘ

ਇਸ ਮੌਕੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਵੱਲੋਂ ਬਖਸ਼ੀ ਮਰਿਆਦਾ ਤੋਂ ਉਲਟ ਜਾ ਕੇ ਬਿਨਾਂ ਕਿਸੇ ਗੱਲ ਤੋਂ ਦੋਵਾਂ ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਫਾਰਗ ਕੀਤਾ ਅਤੇ ਮਰਿਆਦਾ ਤੋਂ ਉਲਟ ਨਵੇਂ ਥਾਪੇ ਗਏ ਜਥੇਦਾਰ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸੇਵਾ ਸੰਭਾਲੀ ਗਈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਸਮੇਤ ਸਮੁੱਚੇ ਦਲ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਅਰਦਾਸ ਕਰਦੇ ਹਨ ਪ੍ਰੰਤੂ ਪਿਛਲੇ ਸਮੇਂ ਵਿੱਚ ਜਿਸ ਤਰ੍ਹਾਂ ਪੰਥਕ ਆਗੂਆਂ ਦੀ ਸਲਾਹ ਤੋਂ ਬਗੈਰ ਤੇ ਮਰਿਆਦਾ ਦੇ ਉਲਟ ਕੰਮ ਕੀਤੇ ਗਏ ਉਸ ਦਾ ਉਹ ਡੱਟ ਕੇ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਮਰਿਆਦਾ ਨੂੰ ਬਹਾਲ ਕਰਵਾਉਣ ਲਈ ਇਹ ਵਿਰੋਧ ਨਿਰੰਤਰ ਜਾਰੀ ਰਹੇਗਾ। ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਜਥੇਦਾਰ ਸੁਖਦੇਵ ਸਿੰਘ ਨੇ ਕਿਹਾ ਕਿ ਨਵੇਂ ਥਾਪੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਜਿੱਥੇ ਵੀ ਸਮਾਗਮ ਲਈ ਜਾਂਦੇ ਹਨ ਉਨ੍ਹਾਂ ਦਾ ਸਮੂਹ ਸੰਗਤ ਵੱਲੋਂ ਵਿਰੋਧ ਕੀਤਾ ਜਾਵੇ।

Advertisement
Tags :
Giani Kuldeep Singh Gadgaj