ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਪਿੰਦਰਪਾਲ ਸਿੰਘ ਦਾ ਸਨਮਾਨ
ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 13 ਨਵੰਬਰ
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਕਰ ਰਹੇ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਹ 29 ਅਕਤੂਬਰ ਤੋਂ ਲਗਾਤਾਰ ਕਥਾ ਕਰਨ ਦੀ ਸੇਵਾ ਨਿਭਾਅ ਰਹੇ ਸਨ। ਅੱਜ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਵੱਲੋਂ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਇਸੇ ਤਰ੍ਹਾਂ ਹਰ ਸਾਲ ਕਥਾ ਸੇਵਾਵਾਂ ਨਿਭਾਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਉਹ ਸਿੱਖ ਕੌਮ ਦੇ ਪ੍ਰਬੁੱਧ ਕਥਾਵਾਚਕ ਹਨ, ਜੋ ਧਰਮ ਪ੍ਰਚਾਰ ਦੇ ਖੇਤਰ ਵਿਚ ਅਹਿਮ ਸੇਵਾਵਾਂ ਨਿਭਾ ਰਹੇ ਹਨ। ਇਸੇ ਦੌਰਾਨ ਭਾਈ ਪਿੰਦਰਪਾਲ ਸਿੰਘ ਨੂੰ ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸੰਗਤਾਂ ਵੱਲੋਂ ਵੀ ਸਨਮਾਨਿਤ ਕੀਤਾ ਗਿਆ।