ਗਿੱਦੜਬਾਹਾ ਜ਼ਿਮਨੀ ਚੋਣ: ਹਰਸਿਮਰਤ ਬਾਦਲ ਨੇ ਸੰਭਾਲੀ ਅਕਾਲੀ ਦਲ ਦੀ ਕਮਾਨ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 7 ਸਤੰਬਰ
ਗਿੱਦੜਬਾਹਾ ਜ਼ਿਮਨੀ ਚੋਣ ਤੋਂ ਪਹਿਲਾਂ ਹੀ ਇਹ ਚੋਣ ਕਈ ਸਿਆਸਤਦਾਨਾਂ ਲਈ ਵੱਕਾਰ ਦਾ ਸਵਾਲ ਬਣੀ ਹੋਈ ਹੈ। ਅਕਾਲੀ ਦਲ ਦੇ ਗਿੱਦੜਬਾਹਾ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਅਚਨਚੇਤ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖਤ ਵੱਲੋਂ ਤਨਖਾਹੀਆ ਕਰਾਰ ਦੇਣ ਕਾਰਨ ਪੈਦਾ ਹੋਏ ਸਿਆਸੀ ਖਲਾਅ ਨੂੰ ਭਰਨ ਲਈ ਹੁਣ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਨੂੰ ਪ੍ਰਚਾਰ ਦੀ ਕਮਾਨ ਸੰਭਾਲ ਦਿੱਤੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸੂਚਨਾ ਦਿੱਤੀ ਹੈ ਕਿ ਆਉਣ ਵਾਲੀਆਂ ਜ਼ਿਮਨੀ ਚੋਣਾਂ ਫਤਹਿ ਕਰਨ ਲਈ ਅਕਾਲੀ ਦਲ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਹਲਕੇ ਦੇ ਪ੍ਰਚਾਰ ਦਾ ਜ਼ਿੰਮਾ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ, ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਅਤੇ ਜ਼ਿਲ੍ਹਾ ਸੰਗਰੂਰ ਦੇ ਹਲਕਾ ਬਰਨਾਲਾ ਦੇ ਵਿਧਾਇਕਾਂ ਦੇ ਲੋਕ ਸਭਾ ਮੈਂਬਰ ਬਣਨ ਕਰਕੇ ਇਹ ਸੀਟਾਂ ਖਾਲੀ ਹੋ ਗਈਆਂ ਸਨ ਜਿਸ ਕਰਕੇ ਇੱਥੇ ਹੁਣ ਜ਼ਿਮਨੀ ਚੋਣ ਹੋਣੀ ਹੈ। ਇਸ ਦੌਰਾਨ ‘ਵਾਰਿਸ ਪੰਜਾਬ ਦੇ’ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਚੋਣ ਮੈਦਾਨ ’ਚ ਆ ਗਏ ਹਨ। ਉਹ ਨੁੱਕੜ ਮੀਟਿੰਗਾਂ ਕਰ ਰਹੇ ਹਨ। ਲੋਕ ਸਭਾ ਹਲਕਾ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਵੱਲੋਂ ਵੀ ਮਨਦੀਪ ਸਿੱਧੂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਥੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਵੀ ਗਿੱਦੜਬਾਹਾ ਤੋਂ ਆਪਣੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਚੋਣ ਲੜਾਉਣ ਦੇ ਰੌਂਅ ਵਿੱਚ ਹਨ।
ਬਹਿਬਲ ਕਲਾਂ ਗੋਲੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਚੋਣ ਲੜਨ ਦਾ ਐਲਾਨ
ਬਹਿਬਲ ਕਲਾਂ ਗੋਲੀ ਕਾਂਡ ਸਮੇਂ ਸ਼ਹੀਦ ਹੋਏ ਫਰੀਦਕੋਟ ਦੇ ਪਿੰਡ ਨਿਆਮੀਵਾਲਾ ਦੇ ਕ੍ਰਿਸ਼ਨ ਭਗਵਾਨ ਸਿੰਘ ਦੇ ਬੇਟੇ ਸੁਖਰਾਜ ਸਿੰਘ ਨੇ ਵੀ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਨੌਂ ਸਾਲਾਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਹਨ, ਤਿੰਨ ਸਰਕਾਰਾਂ ਆ ਗਈਆਂ ਹਨ ਤੇ ਹੁਣ ਉਹ ਖੁਦ ਵਿਧਾਨ ਸਭਾ ’ਚ ਜਾ ਕੇ ਸੰਘਰਸ਼ ਕਰਨਗੇ।