For the best experience, open
https://m.punjabitribuneonline.com
on your mobile browser.
Advertisement

ਗਿੱਦੜਬਾਹਾ: ਜਗਮੀਤ ਬਰਾੜ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ

08:34 AM Oct 26, 2024 IST
ਗਿੱਦੜਬਾਹਾ  ਜਗਮੀਤ ਬਰਾੜ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ
ਗਿੱਦੜਬਾਹਾ ਵਿੱਚ ਨਾਮਜ਼ਦਗੀ ਪੱਤਰ ਦਾਖਲ ਕਰਦੇ ਹੋਏ ਜਗਮੀਤ ਸਿੰਘ ਬਰਾੜ।
Advertisement

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ
ਕਾਂਗਰਸ ਵੱਲੋਂ ਫ਼ਰੀਦਕੋਟ ਹਲਕੇ ਤੋਂ ਦੋ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਜਗਮੀਤ ਸਿੰਘ ਬਰਾੜ ਨੇ ਆਜ਼ਾਦ ਉਮੀਦਵਾਰ ਵਜੋਂ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ। ਬਰਾੜ ਨੇ ਸੰਨ 1980 ਵਿੱਚ 22 ਸਾਲ ਦੀ ਉਮਰੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਗਿੱਦੜਬਾਹਾ ਹਲਕੇ ਤੋਂ ਚੋਣ ਲੜ ਕੇ ਸਿਆਸੀ ਜੀਵਨ ਦੀ ਸ਼ੁਰੂਆਤ ਕੀਤੀ ਸੀ। ਉਹ ਫਰੀਦਕੋਟ ਲੋਕ ਸਭਾ ਹਲਕੇ ਤੋਂ 1992 ਅਤੇ 1999 ਵਿੱਚ ਦੋ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੀਏ, ਐੱਲਐੱਲਬੀ ਪਾਸ ਜਗਮੀਤ ਸਿੰਘ ਬਰਾੜ ਦੀ ਕੌਮੀ ਪੱਧਰ ’ਤੇ ਉਸ ਵੇਲੇ ਬਹੁਤ ਚਰਚਾ ਹੋਈ ਸੀ, ਜਦੋਂ ਉਨ੍ਹਾਂ 1999 ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਫਰੀਦਕੋਟ ਤੋਂ ਲੋਕ ਸਭਾ ਚੋਣਾਂ ਵਿੱਚ ਹਰਾਇਆ ਸੀ। ਇਸ ਤੋਂ ਬਾਅਦ ਉਹ ਕਾਂਗਰਸ ਦੇ ਕੌਮੀ ਪੱਧਰ ਦੇ ਆਗੂ ਬਣ ਗਏ ਪਰ 35 ਸਾਲਾ ਕਾਂਗਰਸੀ ਸਫਰ ਤੋਂ ਬਾਅਦ ਉਨ੍ਹਾਂ ਹਾਈ ਕਮਾਂਡ ਨਾਲ ਕੁਝ ਵਖਰੇਵੇਂ ਹੋਣ ਤੋਂ ਬਾਅਦ ਉਹ ਕਾਂਗਰਸ ਛੱਡ ਕੇ ‘ਆਲ ਇੰਡੀਆ ਤ੍ਰਿਣਮੂਲ ਕਾਂਗਰਸ’ ਵਿੱਚ ਸ਼ਾਮਲ ਹੋ ਗਏ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਬਣ ਗਏ ਪਰ ਜਲਦੀ ਹੀ ਇਹ ਪਾਰਟੀ ਵੀ ਛੱਡ ਦਿੱਤੀ ਤੇ 19 ਅਪਰੈਲ 2019 ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਤੇ 2021 ਵਿੱਚ ਮੌੜ ਮੰਡੀ ਤੋਂ ਅਕਾਲੀ ਉਮੀਦਵਾਰ ਵਜੋਂ ਚੋਣ ਵੀ ਲੜੀ ਪਰ ਇਸ ਤੋਂ ਬਾਅਦ ਅਕਾਲੀ ਦਲ ਨਾਲ ਵੀ ਉਨ੍ਹਾਂ ਦਾ ਮੱਤਭੇਦ ਹੋ ਗਿਆ ਸੀ ਤੇ ਹੁਣ ਉਹ ਆਜ਼ਾਦ ਉਮੀਦਵਾਰ ਵਜੋਂ ਗਿੱਦੜਬਾਹਾ ਤੋਂ ਚੋਣ ਲੜ ਰਹੇ ਹਨ। ਉਨ੍ਹਾਂ ਦੇ ਭਰਾ ਰਿਪਜੀਤ ਬਰਾੜ ਕੋਟਕਪੂਰਾ ਤੋਂ ਵਿਧਾਇਕ ਰਹੇ ਹਨ।

Advertisement

‘ਆਪ’ ਦੇ ਹਲਕਾ ਗਿੱਦੜਬਾਹਾ ਦੇ ਇੰਚਾਰਜ ਪ੍ਰਿਤਪਾਲ ਸ਼ਰਮਾ ਵੱਲੋਂ ਅਸਤੀਫਾ

ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ):

Advertisement

ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਹਲਕਾ ਇੰਚਾਰਜ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਪ੍ਰਿਤਪਾਲ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫਾ ਦੇਣ ਦਾ ਕਾਰਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਪਹਿਲਾਂ ਤੋਂ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਅੜਿੱਕਾ ਡਾਹੁਣ ਨੂੰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਡਿੰਪੀ ਢਿੱਲੋਂ ਨੂੰ ਟਿਕਟ ਦੇਣ ਅਤੇ ਹੋਰ ਹਰ ਤਰ੍ਹਾਂ ਦੇ ਫੈਸਲਿਆਂ ਦਾ ਉਹ ਸਵਾਗਤ ਕਰਦੇ ਹਨ ਪਰ ਜਦੋਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ’ਚ ਅੜਿੱਕੇ ਪਾਉਣੇ ਸ਼ੁਰੂ ਕਰ ਦਿੱਤੇ ਗਏ ਤਾਂ ਉਨ੍ਹਾਂ ਨੂੰ ਭਾਰੀ ਠੇਸ ਪੁੱਜੀ ਹੈ। ਇਸ ਲਈ ਉਨ੍ਹਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਸਾਰੇ ਆਹੁਦਿਆਂ ਨੂੰ ਤਿਆਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਉਹ ਅਗਲਾ ਪ੍ਰੋਗਰਾਮ ਦੱਸਣਗੇ।

Advertisement
Author Image

joginder kumar

View all posts

Advertisement