ਮੁੱਖ ਮੰਤਰੀ ਵੱਲੋਂ ਸੰਗਰੂਰ ਜ਼ਿਲ੍ਹੇ ਨੂੰ ਵਿਕਾਸ ਕਾਰਜਾਂ ਦਾ ਤੋਹਫ਼ਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 9 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਆਪਣੇ ਜੱਦੀ ਜ਼ਿਲ੍ਹੇ ਦੇ ਲੋਕਾਂ ਨੂੰ 869 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ ਹੈ ਜਿਸ ਵਿੱਚ ਚੀਮਾ ’ਚ 30 ਬਿਸਤਰਿਆਂ ਵਾਲਾ ਰੂਰਲ ਹਸਪਤਾਲ, ਧੂਰੀ ਵਿੱਚ 80 ਬਿਸਤਰਿਆਂ ਵਾਲਾ ਜੱਚਾ-ਬੱਚਾ ਹਸਪਤਾਲ ਅਤੇ ਕੌਹਰੀਆਂ ਵਿੱਚ 30 ਬਿਸਤਰਿਆਂ ਵਾਲਾ ਕਮਿਊਨਿਟੀ ਹੈਲਥ ਸੈਂਟਰ ਸਮੇਤ ਕਈ ਪ੍ਰਾਜੈਕਟ ਸ਼ਾਮਲ ਹਨ।
ਚੀਮਾ ਵਿੱਚ 30 ਬਿਸਤਰਿਆਂ ਵਾਲੇ ਹਸਪਤਾਲ ਦਾ ਨੀਂਹ ਪੱਥਰ ਰੱਖਣ ਮਗਰੋਂ ਵਿਕਾਸ ਕ੍ਰਾਂਤੀ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਤੋਂ ਚਾਹੁੰਦੇ ਸਨ ਕਿ ਇਸ ਖਿੱਤੇ ਵਿੱਚ ਅਤਿ-ਆਧੁਨਿਕ ਹਸਪਤਾਲ ਹੋਵੇ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ ਹਸਪਤਾਲ ਦੇ ਅੰਦਰ ਹੀ ਮਰੀਜ਼ਾਂ ਨੂੰ ਮੁਫ਼ਤ ਦਵਾਈ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਹਰ ਹਸਪਤਾਲ ਵਿੱਚ ਐਕਸ-ਰੇਅ ਅਤੇ ਅਲਟਰਾਸਾਊਂਡ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰ੍ਹਾਂ ਦੀਆਂ ਦਵਾਈਆਂ ਅਤੇ 40 ਦੇ ਕਰੀਬ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਰੋਕਣ ਅਤੇ ਸੂਬੇ ਦੀਆਂ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਸਿਹਤ ਮੰਤਰੀ ਡਾ. ਬਲਵੀਰ ਸਿੰਘ, ਕੈਬਨਿਟ ਮੰਤਰੀ ਅਮਨ ਅਰੋੜਾ, ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਵੱਖ-ਵੱਖ ਵਿਧਾਇਕ, ਚੇਅਰਮੈਨ ਅਤੇ ਹੋਰ ਆਗੂ ਮੌਜੂਦ ਸਨ।
ਕੈਬਨਿਟ ਮੰਤਰੀਆਂ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਦੀ ਉਸਾਰੀ ਦੀ ਸ਼ੁਰੂਆਤ
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੌਹਰੀਆਂ ਵਿੱਚ 11.01 ਕਰੋੜ ਦੀ ਲਾਗਤ ਨਾਲ ਕਮਿਊਨਿਟੀ ਹੈਲਥ ਸੈਂਟਰ ਦੀ ਨਵੀਂ ਇਮਾਰਤ ਦੀ ਉਸਾਰੀ ਸ਼ੁਰੂ ਕਰਵਾਈ। ਇਸ ਮੌਕੇ ਐੱਸ.ਡੀ.ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਸਿਵਲ ਸਰਜਨ ਡਾ. ਕਿਰਪਾਲ ਸਿੰਘ, ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਹਰੀਕਾ ਤੇ ਗੁਰਮੀਤ ਸਿੰਘ ਕੌਹਰੀਆਂ ਆਦਿ ਹਾਜ਼ਰ ਸਨ। ਸਿਹਤ ਮੰਤਰੀ ਨੇ ਕਿਹਾ ਕਿ ਇਸ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਚੀਮਾ ਮੰਡੀ ਵਿੱਚ ਵਿਕਾਸ ਕ੍ਰਾਂਤੀ ਰੈਲੀ ਦੌਰਾਨ ਆਨਲਾਈਨ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ 2025 ਵਿੱਚ ਇਸ ਇਮਾਰਤ ਦੇ ਨਿਰਮਾਣ ਕਾਰਜ ਮੁਕੰਮਲ ਕਰਨ ਮਗਰੋਂ ਇਹ ਇਲਾਕੇ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ 30 ਬਿਸਤਰਿਆਂ ਦੀ ਸਮਰੱਥਾ ਵਾਲਾ ਇਹ ਕਮਿਊਨਿਟੀ ਹੈਲਥ ਸੈਂਟਰ ਆਲੇ ਦੁਆਲੇ ਵੱਸਦੇ ਬਹੁ ਗਿਣਤੀ ਪਿੰਡਾਂ ਤੇ ਸ਼ਹਿਰੀ ਵਸੋਂ ਲਈ ਵਰਦਾਨ ਸਾਬਤ ਹੋਵੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਹਰ ਹਲਕੇ ਵਿੱਚ ਅੱਜ ਵਿਕਾਸ ਕਾਰਜਾਂ ਦੀ ਹਨੇਰੀ ਚੱਲ ਰਹੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਤਰਫੋਂ ਓ.ਐਸ.ਡੀ ਤਪਿੰਦਰ ਸਿੰਘ ਸੋਹੀ ਨੇ ਪੰਜਾਬ ਸਰਕਾਰ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਅਮਨ ਅਰੋੜਾ ਦਾ ਧੰਨਵਾਦ ਕੀਤਾ।