ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਸੁਨੇਹਾ ਭੇਜਣ ਦੇ ਦੋਸ਼ ਹੇਠ ਲੜਕੀ ਗ੍ਰਿਫ਼ਤਾਰ
ਮੁੰਬਈ, 3 ਨਵੰਬਰ
ਮੁੰਬਈ ਪੁਲੀਸ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਭਰਿਆ ਸੁਨੇਹਾ ਭੇਜਣ ਦੇ ਦੋਸ਼ ਹੇਠ ਇਕ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਮੁਲਜ਼ਮ ਲੜਕੀ ਦੀ ਪਛਾਣ ਫ਼ਾਤਿਮਾ ਖਾਨ (24) ਦੇ ਰੂਪ ਵਿੱਚ ਹੋਈ ਹੈ, ਉਹ ਆਪਣੇ ਪਰਿਵਾਰ ਦੇ ਨਾਲ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ ਇਲਾਕੇ ਵਿੱਚ ਰਹਿੰਦੀ ਹੈ। ਅਧਿਕਾਰੀ ਨੇ ਦੱਸਿਆ ਕਿ ਉਸ ਨੇ ਸੂਚਨਾ ਤਕਨਾਲੋਜੀ ਵਿੱਚ ਬੀਐੱਸਸੀ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਉਸ ਦੇ ਪਿਤਾ ਦਾ ਲੱਕੜ ਦਾ ਕਾਰੋਬਾਰ ਹੈ। ਪੁਲੀਸ ਨੇ ਦੱਸਿਆ ਕਿ ਲੜਕੀ ਸਿੱਖਿਅਤ ਹੈ ਪਰ ਮਾਨਸਿਕ ਤੌਰ ’ਤੇ ਅਸਥਿਰ ਹੈ। ਅਧਿਕਾਰੀ ਨੇ ਦੱਸਿਆ ਕਿ ਮੁੰਬਈ ਟਰੈਫਿਕ ਪੁਲੀਸ ਦੇ ਵੱਟਸਐਪ ’ਤੇ ਸ਼ਨਿਚਰਵਾਰ ਨੂੰ ਕਿਸੇ ਅਣਪਛਾਤੇ ਨੰਬਰ ਤੋਂ ਇਕ ਸੁਨੇਹਾ ਆਇਆ, ਜਿਸ ਵਿੱਚ ਧਮਕੀ ਦਿੱਤੀ ਗਈ ਕਿ ਜੇ ਆਦਿੱਤਿਆਨਾਥ ਨੇ 10 ਦਿਨਾਂ ਦੇ ਅੰਦਰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦਿੱਤਾ ਤਾਂ ਉਨ੍ਹਾਂ ਨੂੰ ਐੱਨਸੀਪੀ ਆਗੂ ਬਾਬਾ ਸਿੱਦੀਕੀ ਵਾਂਗ ਮਾਰ ਦਿੱਤਾ ਜਾਵੇਗਾ। ਜਾਂਚ ਵਿੱਚ ਪਤਾ ਲੱਗਾ ਕਿ ਇਹ ਸੁਨੇਹਾ ਫ਼ਾਤਿਮਾ ਨੇ ਭੇਜਿਆ ਸੀ। -ਪੀਟੀਆਈ