ਸੜਕ ਹਾਦਸਿਆਂ ’ਚ ਬੱਚੀ ਦੀ ਮੌਤ, ਦੋ ਜ਼ਖ਼ਮੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਅਕਤੂਬਰ
ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਵਾਪਰੇ ਦੋ ਸੜਕ ਹਾਦਸਿਆਂ ਵਿੱਚ ਬੱਚੀ ਦੀ ਮੌਤ ਹੋ ਗਈ, ਜਦੋਂਕਿ ਦੋ ਹੋਰ ਜ਼ਖ਼ਮੀ ਹੋ ਗਏ। ਚੰਡੀਗੜ੍ਹ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਹਿਲੀ ਘਟਨਾ ਮੌਲੀ ਜੱਗਰਾਂ ਵਿੱਚ ਖੇੜਾ ਮੰਦਰ ਦੇ ਨਜ਼ਦੀਕ ਵਾਪਰੀ ਹੈ, ਜਿੱਥੇ ਤੇਜ਼ ਰਫ਼ਤਾਰ ਕਾਰ ਚਾਲਕ ਉੱਥੋਂ ਗੁਜਰ ਰਹੇ ਪਿਊ-ਧੀ ਵਿੱਚ ਟੱਕਰ ਮਾਰ ਕੇ ਫ਼ਰਾਰ ਹੋ ਗਿਆ ਹੈ। ਇਸ ਦੌਰਾਨ ਸੱਤਪਾਲ ਵਾਸੀ ਮੌਲੀ ਜੱਗਰਾਂ ਕਲੋਨੀ ਤੇ ਉਸ ਦੀ 11 ਸਾਲਾ ਧੀ ਜ਼ਖ਼ਮੀ ਹੋ ਗਏ। ਦੋਵਾਂ ਨੂੰ ਮਨੀਮਾਜਰਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੀ ਘਟਨਾ ਸੈਕਟਰ-19 ਦੇ ਲੋਕਲ ਬੱਸ ਅੱਡੇ ’ਤੇ ਵਾਪਰੀ ਹੈ। ਤੇਜ਼ ਰਫ਼ਤਾਰ ਕਾਰ ਨੇ ਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਦੀ ਪਛਾਣ ਵਿਕਰਮਜੀਤ ਸਿੰਘ ਵਾਸੀ ਸੈਕਟਰ-30 ਵਜੋਂ ਹੋਈ ਹੈ। ਉਹ ਸੈਕਟਰ-16 ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਚੰਡੀਗੜ੍ਹ ਪੁਲੀਸ ਨੇ ਦੋਵਾਂ ਮਾਮਲਿਆਂ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਸੜਕ ਹਾਦਸੇ ਵਿੱਚ ਮੌਤ
ਫਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਰਵਿਸ ਰੋਡ ਨਜ਼ਦੀਕ ਫਲੋਟਿੰਗ ਰੈਸਟੋਰੈਂਟ ਸਰਹਿੰਦ ਕੋਲ ਸੜਕ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਤਲਵੰਡੀ ਝਿਉਰਾਂ ਨੇੜੇ ਬਟਾਲਾ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਮਲਕੀਤ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਜਦੋਂ ਉਸ ਦਾ ਪਿਤਾ ਬੀਤੀ ਰਾਤ ਲਗਪਗ 9.30 ਵਜੇ ਸੜਕ ਪਾਰ ਕਰ ਰਿਹਾ ਸੀ ਤਾਂ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਪੁਲੀਸ ਨੇ ਅਣਪਛਾਤੇ ਟਰੱਕ ਡਰਾਈਵਰ ਖਿਲਾਫ਼ ਕੇਸ ਦਰਜ ਕਰ ਲਿਆ ਹੈ।