ਨੌਜਵਾਨਾਂ ਨੂੰ ਬਿਨਾਂ ਸਿਫ਼ਾਰਸ਼ ਨੌਕਰੀਆਂ ਦਿੱਤੀਆਂ: ਕੇਜਰੀਵਾਲ
ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 16 ਨਵੰਬਰ
ਗਿੱਦੜਬਾਹਾ ਜ਼ਿਮਨੀ ਚੋਣ ਲਈ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਾ ਹੈ। ਆਗਾਮੀ 20 ਨਵੰਬਰ ਨੂੰ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਦੇ ਆੜ੍ਹਤ ਬਾਜ਼ਾਰ ਵਿੱਚ ਗਿੱਦੜਬਾਹਾ ਤੋਂ ਪਾਰਟੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਹੱਕ ’ਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ ਢਾਈ ਸਾਲਾਂ ਦੌਰਾਨ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਫ਼ਾਰਸ਼ ਅਤੇ ਰਿਸ਼ਵਤ ਨਾਲ ਮਿਲਦੀਆਂ ਨੌਕਰੀਆਂ ਨੂੰ ਸੂਬਾ ਸਰਕਾਰ ਨੇ ਸਿਰਫ਼ ਮੈਰਿਟ ਦੇ ਆਧਾਰ ’ਤੇ ਉਨ੍ਹਾਂ ਨੌਜਵਾਨਾਂ ਨੂੰ ਦੇਣਾ ਯਕੀਨੀ ਬਣਾਇਆ ਜੋ ਇਨ੍ਹਾਂ ਦੇ ਕਾਬਿਲ ਸਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੀਤੇ ਢਾਈ ਸਾਲਾਂ ਵਿੱਚ 48 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਅਤੇ ਕਿਸੇ ਤੋਂ ਇੱਕ ਰੁਪਇਆ ਵੀ ਨਹੀਂ ਲਿਆ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ, ਜਿਸ ਨਾਲ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ ਅਤੇ ਇਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਢਾਈ ਸਾਲ ਪਹਿਲਾਂ ਸੂਬੇ ਦੇ ਲੋਕਾਂ ਨੇ ਦੋਵਾਂ ਪਾਰਟੀਆਂ ਤੋਂ ਨਿਰਾਸ਼ ਹੋ ਕੇ 117 ਵਿੱਚੋਂ 92 ਸੀਟਾਂ ਆਮ ਆਦਮੀ ਪਾਰਟੀ ਨੂੰ ਦਿੱਤੀਆਂ ਪਰ ਉਸ ਸਮੇਂ ਗਿੱਦੜਬਾਹਾ ਦੇ ਲੋਕਾਂ ਨੇ ਕੰਮ ਕਰਨ ਨਾਲੋਂ ਜ਼ਿਆਦਾ ‘ਲੜਨ’ ਵਾਲੇ ਵਿਅਕਤੀ ਨੂੰ ਚੁਣ ਕੇ ਗਲਤੀ ਕੀਤੀ, ਜਿਸ ਕਾਰਨ ਹਲਕੇ ਦਾ ਵਿਕਾਸ ਨਹੀਂ ਹੋ ਸਕਿਆ। ਇਸ ਮੌਕੇ ‘ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਹਾ ਕਿ ਉਹ ਸਿਰਫ਼ ਢਾਈ ਸਾਲ ਲਈ ਹੀ ਗਿੱਦੜਬਾਹਾ ਵਾਸੀਆਂ ਤੋਂ ਵੋਟ ਮੰਗ ਰਹੇ ਹਨ ਅਤੇ ਜੇ ਉਹ ਇਸ ਸਮੇਂ ਦੌਰਾਨ ਆਪਣੇ ਕੀਤੇ ਵਾਅਦੇ ਪੂਰੇ ਨਾ ਕਰ ਸਕੇ ਤਾਂ ਉਹ ਸਾਲ 2027 ਵਿੱਚ ਵੋਟ ਮੰਗਣ ਨਹੀਂ ਆਉਣਗੇ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ, ਡਾ. ਬਲਜੀਤ ਕੌਰ, ਵਰਿੰਦਰ ਗੋਇਲ, ਐੱਮ.ਪੀ. ਮਾਲਵਿੰਦਰ ਸਿੰਘ ਕੰਗ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਜਗਦੀਪ ਗੋਲਡੀ, ਅਮੋਲਕ ਸਿੰਘ, ਮਾਸਟਰ ਜਗਸੀਰ ਸਿੰਘ, ਜਸਵੀਰ ਸਿੰਘ ਮੌੜ, ਜਗਦੀਪ ਸਿੰਘ ਕਾਕਾ ਬਰਾੜ, ਨੀਨਾ ਮਿੱਤਲ, ਰਣਵੀਰ ਸਿੰਘ, ਅਨਮੋਲ ਸਿੰਘ ਮੌਜੂਦ ਸਨ।
‘ਆਪ’ ਲੋਕਾਂ ਦੀ ਆਪਣੀ ਪਾਰਟੀ ਹੈ: ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੇ ਹੋਰਨਾਂ ਪਾਰਟੀਆਂ ਨੂੰ ਬਿਜਲੀ, ਨੌਕਰੀਆਂ, ਸਕੂਲਾਂ ਅਤੇ ਹਸਪਤਾਲਾਂ ਦੀਆਂ ਗੱਲਾਂ ਕਰਨ ਲਾ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ, ਜੋ ਇਮਾਨਦਾਰੀ ਨਾਲ ਪੰਜਾਬ ਦਾ ਚਹੁੰਮੁਖੀ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਕੱਲੇ ਗਿੱਦੜਬਾਹਾ ਵਿੱਚ 110 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਦੋਂਕਿ ਇਹ ਕੰਮ ਅੱਗੇ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੌਜਵਾਨਾਂ ਦੇ ਹੱਥੋਂ ਟੀਕੇ ਖੋਹ ਕੇ ਟਿਕਨ ਫੜਾਉਣਾ ਚਾਹੁੰਦੀ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿਣ।
ਬਰਨਾਲਾ ਸ਼ਹਿਰ ਨੂੰ ਜਲਦੀ ਮਿਲੇਗਾ ਸਨਅਤੀ ਫੋਕਲ ਪੁਆਇੰਟ
ਬਰਨਾਲਾ (ਪਰਸ਼ੋਤਮ ਬੱਲੀ): ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ‘ਆਪ’ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਇੱਥੇ ਫਰਵਾਹੀ ਬਾਜ਼ਾਰ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਸਰਕਾਰ ਦੇ ਕੰਮਾਂ ਦੇ ਆਧਾਰ ’ਤੇ ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸਰਕਾਰ, ਬਰਨਾਲਾ ਸ਼ਹਿਰ ਵਿੱਚ ਜ਼ਮੀਨ ਦੀ ਪਛਾਣ ਕਰੇਗੀ ਅਤੇ ਉੱਥੇ ਉਦਯੋਗਿਕ ਫੋਕਲ ਪੁਆਇੰਟ ਬਣਾਇਆ ਜਾਵੇਗਾ ਜਿਸ ਨਾਲ ਹਜ਼ਾਰਾਂ ਰੁਜ਼ਗਾਰ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਹੁਣ ਸੰਘੇੜਾ ਵਿੱਚ ਵੱਡਾ ਸਟੇਡੀਅਮ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਜਲਦੀ ਹੀ ਤਿਆਰ ਹੋ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਵਲ ਢਿੱਲੋਂ ਪਹਿਲਾਂ ਕਾਂਗਰਸ ਤੋਂ ਹਾਰ ਗਏ ਸਨ ਤੇ ਹੁਣ ਭਾਜਪਾ ਵੱਲੋਂ ਘੁੰਮ ਰਹੇ ਹਨ। ਉਨ੍ਹਾਂ ਦਾ ਕੋਈ ਪਤਾ ਨਹੀਂ ਕਿ ਉਹ ਕਿਹੜੇ ਵੇਲੇ ਕਿਹੜੇ ਪਾਸੇ ਹੋ ਜਾਣ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕਰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ, ਪਰ ਚੰਡੀਗੜ੍ਹ ਜਾ ਕੇ ਉਨ੍ਹਾਂ ਨੇ ਆਪਣੇ ਦਰਵਾਜ਼ੇ ਅੰਦਰੋਂ ਬੰਦ ਕਰ ਦਿੱਤੇ, ਫਿਰ 2022 ਵਿੱਚ ਲੋਕਾਂ ਨੇ ਉਨ੍ਹਾਂ ਦੇ ਦਰਵਾਜ਼ੇ ਬਾਹਰੋਂ ਬੰਦ ਕਰ ਦਿੱਤੇ। ਉਹ ਕਦੇ ਵੀ ਆਮ ਲੋਕਾਂ ਨੂੰ ਨਹੀਂ ਮਿਲੇ, ਜਿਸ ਕਾਰਨ ਉਨ੍ਹਾਂ ਦੀ ਇਹ ਹਾਲਤ ਹੋ ਗਈ।