ਨਾਵਲਕਾਰ ਨਾਨਕ ਸਿੰਘ ਦੇ ਜਨਮ ਦਨਿ ਨੂੰ ਸਮਰਪਿਤ ਗੋਸ਼ਟੀ
ਪੱਤਰ ਪ੍ਰੇਰਕ
ਪਟਿਆਲਾ, 4 ਨਵੰਬਰ
ਭਾਸ਼ਾ ਵਿਭਾਗ ਪੰਜਾਬ ਵੱਲੋਂ ਮਨਾਏ ਜਾ ਰਹੇ ਪੰਜਾਬੀ ਮਾਹ ਦੌਰਾਨ ਸਮਾਗਮਾਂ ਦੀ ਲੜੀ ਵਿੱਚ ਅੱਜ ਇੱਥੇ ਮੁੱਖ ਦਫ਼ਤਰ ਵਿੱਚ ਨਾਵਲਕਾਰ ਨਾਨਕ ਸਿੰਘ ਦੇ 125ਵੇਂ ਜਨਮ ਦਨਿ ਨੂੰ ਸਮਰਪਿਤ ਗੋਸ਼ਟੀ ਕਰਵਾਈ ਗਈ। ਵਿਭਾਗ ਦੀ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜੇਮਾਜਰਾ ਮੁੱਖ ਮਹਿਮਾਨ ਵਜੋਂ ਅਤੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ. ਬਲਵੀਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਪ੍ਰਧਾਨਗੀ ਸ਼੍ਰੋਮਣੀ ਪੰਜਾਬੀ ਆਲੋਚਕ ਡਾ. ਸੁਰਜੀਤ ਸਿੰਘ ਭੱਟੀ ਨੇ ਕੀਤੀ। ਸ੍ਰੀ ਜੌੜੇਮਾਜਰਾ ਨੇ ਕਿਹਾ ਕਿ ਸਾਹਿਤ ਨੂੰ ਸਮਾਜ ਨਾਲ ਜੋੜ ਕੇ ਕਲਾਤਮਕ ਤਰੀਕੇ ਨਾਲ ਸਿਰਜਿਆ ਜਾਣਾ ਚਾਹੀਦਾ ਹੈ। ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਨੂੰ ਲਾਗੂ ਕਰਵਾਉਣ ਲਈ ਵਚਨਬੱਧ ਤੇ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਨਾਵਲਕਾਰ ਨਾਨਕ ਸਿੰਘ ਦੇ ਨਾਵਲਾਂ ਵਿੱਚ ਤਾਂ ਪੰਜਾਬ ਦੀ ਅੱਧੀ ਸਦੀ ਦਾ ਬਿਰਤਾਂਤ ਮੌਜੂਦ ਹੈ। ਉਨ੍ਹਾਂ ਇਸ ਮੌਕੇ ‘ਪੰਜਾਬ ਦੀਆਂ ਲੋਕ ਗਾਥਾਵਾਂ’ ਲੜੀ ਦੀਆਂ ਤਿੰਨ ਪੁਸਤਕਾਂ ਰਿਲੀਜ਼ ਕੀਤੀਆਂ। ਵਿਸ਼ੇਸ਼ ਮਹਿਮਾਨ ਡਾ. ਬਲਵੀਰ ਸਿੰਘ ਨੇ ਕਿਹਾ ਕਿ ਨਾਵਲਕਾਰ ਨਾਨਕ ਸਿੰਘ ਨੂੰ ਯਾਦ ਕਰਨਾ ਆਪਣੇ ਸਾਹਿਤ ਤੇ ਬੋਲੀ ਦਾ ਸਤਿਕਾਰ ਹੈ।
ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਚੇਤਨਾ ਰੈਲੀ ਕੱਢੀ
ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੰਜਾਬੀ ਚੇਤਨਾ ਰੈਲੀ ਕੱਢੀ ਗਈ। ਇਸ ਦੀ ਅਗਵਾਈ ਏਡੀਸੀ ਗੁਰਪ੍ਰੀਤ ਸਿੰਘ ਥਿੰਦ ਨੇ ਕੀਤੀ। ਸ੍ਰੀ ਥਿੰਦ ਨੇ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਆਪਣੀ ਮਾਂ ਬੋਲੀ ਨਾਲ ਜੋੜਨ ਲਈ ਚੇਤਨਾ ਸਮਾਗਮ ਕਰਨੇ ਅਤਿ ਜ਼ਰੂਰੀ ਹਨ। ਉਨ੍ਹਾਂ ਭਾਸ਼ਾ ਵਿਭਾਗ ਦੇ ਮੁਲਾਜ਼ਮਾਂ ਨੂੰ ਸ਼ੁੱਭਕਾਮਨਾਵਾਂ ਦੇ ਕੇ ਰੈਲੀ ਲਈ ਰਵਾਨਾ ਕੀਤਾ। ਭਾਸ਼ਾ ਵਿਭਾਗ ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਤੇ ਡਿਪਟੀ ਡਾਇਰੈਕਟਰ ਹਰਪ੍ਰੀਤ ਕੌਰ ਦੀ ਅਗਵਾਈ ਹੇਠਲੀ ਇਸ ਪੰਜਾਬੀ ਚੇਤਨਾ ਰੈਲੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ, ਖੰਡਾ ਚੌਕ, ਲੀਲਾ ਭਵਨ, ਵਾਈ.ਪੀ.ਐੱਸ. ਚੌਕ, ਨਗਰ ਨਿਗਮ ਦਫ਼ਤਰ, ਸਰਕਾਰੀ ਮਹਿੰਦਰਾ ਕਾਲਜ, ਮੁਲਤਾਨੀ ਮੱਲ ਮੋਦੀ ਕਾਲਜ ਤੋਂ ਹੁੰਦੇ ਹੋਏ ਲੋਅਰ ਮਾਲ ਪਟਿਆਲਾ ਰਾਹੀਂ ਭਾਸ਼ਾ ਵਿਭਾਗ ਪਟਿਆਲਾ ਸ਼ੇਰਾ ਵਾਲਾ ਗੇਟ ਵਿੱਚ ਆ ਕੇ ਸਮਾਪਤੀ ਕੀਤੀ।