ਸਰਕਾਰੀ ਏਜੰਸੀਆਂ ਨੇ ਪੰਜਾਬ ’ਚੋਂ 125.49 ਲੱਖ ਟਨ ਝੋਨਾ ਖਰੀਦਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਨਵੰਬਰ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਕੰਮ ਨੇ ਜ਼ੋਰ ਫੜ ਲਿਆ ਹੈ। ਇਸ ਦੌਰਾਨ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਤੇ ਹੋਰਨਾਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਪਹੁੰਚੇ ਕੁੱਲ ਝੋਨੇ ਵਿੱਚੋਂ 99 ਫ਼ੀਸਦ ਤੋਂ ਵੱਧ ਹਿੱਸੇ ਦੀ ਖਰੀਦ ਕੀਤੀ ਗਈ ਹੈ। ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ ਕੁੱਲ 131.37 ਲੱਖ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 125.49 ਲੱਖ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਨੇ 125.21 ਲੱਖ ਟਨ ਝੋਨੇ ਦੀ ਖਰੀਦ ਕੀਤੀ ਹੈ, ਜਦੋਂ ਕਿ ਪ੍ਰਾਈਵੇਟ ਵਪਾਰੀਆਂ ਨੇ ਸਿਰਫ਼ 28 ਹਜ਼ਾਰ ਟਨ ਝੋਨਾ ਹੀ ਖਰੀਦਿਆ ਹੈ। ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ 28 ਹਜ਼ਾਰ ਕਰੋੜ ਰੁਪਏ ਦਾ ਝੋਨਾ ਖਰੀਦਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
ਸੂਬਾ ਸਰਕਾਰ ਤੋਂ ਮਿਲੇ ਅੰਕੜਿਆਂ ਅਨੁਸਾਰ ਅੱਜ ਪੰਜਾਬ ਦੀਆਂ ਮੰਡੀਆਂ ਵਿੱਚ 4.70 ਲੱਖ ਟਨ ਝੋਨਾ ਆਇਆ, ਜਦੋਂ ਕਿ ਖਰੀਦ 4.54 ਲੱਖ ਟਨ ਦੀ ਕੀਤੀ ਗਈ ਹੈ। ਹੁਣ ਤੱਕ ਮੰਡੀਆਂ ਵਿੱਚੋਂ 89.67 ਲੱਖ ਟਨ ਝੋਨੇ ਦੀ ਲਿਫਟਿੰਗ ਕੀਤੀ ਗਈ ਹੈ, ਜਿਸ ਵਿੱਚੋਂ ਅੱਜ ਦੇ ਦਿਨ 6.17 ਲੱਖ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਗਈ ਹੈ। ਕਿਸਾਨਾਂ ਮੁਤਾਬਕ, ਇਸ ਵਰ੍ਹੇ ‘ਏ’ ਗਰੇਡ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ 2320 ਰੁਪਏ ਤੈਅ ਕੀਤਾ ਗਿਆ ਹੈ। ਹਾਲਾਂਕਿ, ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਕੁਆਲਿਟੀ ਵਿੱਚ ਫ਼ਰਕ ਦੇ ਨਾਮ ’ਤੇ ਕਿਸਾਨਾਂ ਦੀ ਫ਼ਸਲ ਦੀ ਕੀਮਤ ’ਤੇ ਕੱਟ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪੀਆਰ-126 ਵੇਚਣ ਸਮੇਂ ਦਿੱਕਤ ਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।