ਸਰਕਾਰੀ ਅਪੀਲਾਂ ਨਜ਼ਰਅੰਦਾਜ਼; ਖੇਤਾਂ ’ਚੋਂ ਲਗਾਤਾਰ ਉੱਠ ਰਿਹੈ ਧੂੰਆਂ
ਜੋਗਿੰਦਰ ਸਿੰਘ ਮਾਨ
ਮਾਨਸਾ, 18 ਨਵੰਬਰ
ਸੁਪਰੀਮ ਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੋਕਣ ਵਾਸਤੇ ਸੂਬੇ ਦੇ ਨਾਲ-ਨਾਲ ਕੇਂਦਰ ਦੇ 600 ਤੋਂ ਵੱਧ ਉਡਣ ਦਸਤੇ ਖੇਤਾਂ ਵਿੱਚ ਤਾਇਨਾਤ ਹਨ ਪਰ ਇਸ ਦੇ ਬਾਵਜੂਦ ਇਹ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਪੰਜਾਬ ਭਰ ਵਿੱਚ ਕੱਲ੍ਹ 1152 ਤੋਂ ਵੱਧ ਘਟਨਾਵਾਂ ਵੱਖ-ਵੱਖ ਜ਼ਿਲ੍ਹਿਆਂ ’ਚੋਂ ਦਰਜ ਕੀਤੀਆਂ ਗਈਆਂ ਹਨ। ਇਸ ਸੀਜ਼ਨ ਦੌਰਾਨ ਅੰਕੜਿਆਂ ਅਨੁਸਾਰ ਪਰਾਲੀ ਸਾੜਨ ਦੇ ਕੁੱਲ 33,082 ਮਾਮਲੇ ਸਾਹਮਣੇ ਆ ਚੁੱਕੇ ਹਨ। ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਹਵਾ ਦੀ ਗੁਣਵੱਤਾ (ਏਕਿਊਆਈ) ‘ਬਹੁਤ ਮਾੜੀ’ ਅਤੇ ‘ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤੀ ਗਈ ਹੈ। ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਜਥੇਬੰਦੀਆਂ ਦੀ ਸ਼ਹਿ ’ਤੇ ਸੂਬਾ ਸਰਕਾਰ ਦੀ ਅਪੀਲ ਨੂੰ ਨਜ਼ਰਅੰਦਾਜ਼ ਕਰਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਜਾਰੀ ਰੱਖਿਆ ਹੈ। ਜਾਣਕਾਰੀ ਅਨੁਸਾਰ ਕੱਲ੍ਹ 1152 ਮਾਮਲਿਆਂ ’ਚੋਂ ਸਭ ਤੋਂ ਵੱਧ 225 ਮਾਮਲੇ ਮੋਗਾ ਜ਼ਿਲ੍ਹੇ ’ਚ ਸਾਹਮਣੇ ਆਏ ਹਨ। ਇਸ ਤੋਂ ਬਾਅਦ ਬਰਨਾਲਾ ਵਿੱਚ 117, ਫ਼ਿਰੋਜ਼ਪੁਰ ਵਿੱਚ 114, ਸੰਗਰੂਰ ਵਿੱਚ 110, ਬਠਿੰਡਾ ਵਿੱਚ 111 ਅਤੇ ਫਰੀਦਕੋਟ ਵਿੱਚ 101 ਮਾਮਲੇ ਸਾਹਮਣੇ ਆਏ ਹਨ। ਪਿਛਲੇ ਸਾਲ ਨਾਲੋਂ ਇਸ ਵਾਰ ਇੱਕੋ ਦਿਨ 966 ਖੇਤਾਂ ਵਿੱਚ ਅੱਗ ਲੱਗਣ ਦੇ ਮਾਮਲੇ ਸਾਹਮਣੇ ਆਏ ਹਨ।
ਪੰਜਾਬ ਵਿੱਚ 15 ਸਤੰਬਰ ਤੋਂ 17 ਨਵੰਬਰ ਤੱਕ ਖੇਤਾਂ ਵਿੱਚ ਅੱਗ ਲੱਗਣ ਦੇ ਕੁੱਲ 33,082 ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ ਸਭ ਤੋਂ ਵੱਧ 5462 ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਸੰਗਰੂਰ ਸਭ ਤੋਂ ਅੱਗੇ ਹੈ। ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ ਹੁਣ ਤੱਕ 2998, ਬਠਿੰਡਾ ਵਿੱਚ 2696, ਮਾਨਸਾ ਵਿੱਚ 2194, ਮੋਗਾ ਵਿੱਚ 2170 ਅਤੇ ਬਰਨਾਲਾ ਵਿੱਚ 2112 ਮਾਮਲੇ ਸਾਹਮਣੇ ਆਏ ਹਨ।
ਉਧਰ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਪਹਿਲਾਂ ਤੋਂ ਹੀ ਬੰਦ ਕੀਤੀਆਂ ਛੁੱਟੀਆਂ ਨੂੰ ਜਾਰੀ ਰੱਖਦਿਆਂ ਮਾਨਸਾ ਦੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਅੱਜ ਇਥੇ ਸਮੂਹ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਆਦੇਸ਼ ਦਿੱਤੇ ਕਿ ਇਸ ਲਈ ਅਧਿਕਾਰੀ ਪਿੰਡਾਂ ਵਿਚ ਤਾਇਨਾਤ ਰਹਿਣਗੇ ਅਤੇ ਕਿਸੇ ਪ੍ਰਕਾਰ ਦੀ ਕੋਈ ਢਿੱਲ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੂਜੇ ਪਾਸੇ ਲੋਕਾਂ ਦਾ ਕਹਿਣਾ ਹੈ ਕਿ ਹਵਾ ਪ੍ਰਦੂਸ਼ਣ ਕਾਰਨ ਉਨ੍ਹਾਂ ਦਾ ਸਾਹ ਲੈਣਾ ਵੀ ਔਖਾ ਹੋਇਆ ਪਿਆ ਹੈ। ਇਹ ਹਾਲਾਤ ਸ਼ਹਿਰਾਂ ਦੇ ਨਾਲ ਨਾਲ ਪਿੰਡਾਂ ਵਿਚ ਕਈ ਲੋਕਾਂ ਦੇ ਹਨ। ਕਈ ਘਰਾਂ ਵਿਚ ਸਾਹ ਤੇ ਦਮੇ ਦੇ ਮਰੀ਼ਜ਼ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਡਾਕਟਰਾਂ ਦੀਆਂ ਕਲੀਨਿਕਾਂ ਵਿਚ ਇਸ ਮਰਜ਼ ਨਾਲ ਸਬੰਧਤ ਮਰੀਜ਼ਾਂ ਦੀ ਆਮਦ ਵਿਚ ਤੇਜ਼ੀ ਆਈ ਹੈ। ਲੋਕਾਂ ਨੇ ਅਪੀਲ ਕੀਤੀ ਹੈ ਕਿ ਇਸ ਮਾਮਲੇ ’ਤੇ ਸਖਤੀ ਕੀਤੀ ਜਾਵੇ।