ਸਮੇਂ ਸਿਰ ਖ਼ਰੀਦ ਤੇ ਅਦਾਇਗੀ ਲਈ ਸਰਕਾਰ ਵਚਨਬੱਧ: ਕਟਾਰੂਚੱਕ
ਹਤਿੰਦਰ ਮਹਿਤਾ
ਜਲੰਧਰ, 13 ਅਕਤੂਬਰ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਚੱਲ ਰਹੇ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਚਨਬੱਧ ਹੈ। ਨਕੋਦਰ ਅਨਾਜ ਮੰਡੀ ਵਿੱਚ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਦੱਸਿਆ ਕਿ 12 ਅਕਤੂਬਰ ਤੱਕ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ 15.51 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 14.62 ਲੱਖ ਮੀਟ੍ਰਿਕ ਟਨ ਅਨਾਜ ਦੀ ਖ਼ਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਖ਼ਰੀਦ ਕੀਤੀ ਫ਼ਸਲ ਦੀ ਕਿਸਾਨਾਂ ਨੂੰ 2129 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ 1854 ਖ਼ਰੀਦ ਕੇਂਦਰਾਂ ਵਿੱਚ ਪਹਿਲਾਂ ਤੋਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਇਸ ਸਾਲ 182 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਣ ਦੀ ਉਮੀਦ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਧਿਕਾਰੀ ਅਨਾਜ ਮੰਡੀਆਂ ਵਿੱਚ ਮੌਜੂਦ ਰਹਿਣੇ ਚਾਹੀਦੇ ਹਨ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਲਗਾਤਾਰ ਮੀਟਿੰਗਾਂ ਕਰਨ ਲਈ ਵੀ ਕਿਹਾ।
ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਲਗਾਤਾਰ ਯਤਨ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖ਼ਰੀਦ ਕੀਤੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਖ਼ਰੀਦ ਪ੍ਰਕਿਰਿਆ ’ਤੇ ਨੇੜਿਓਂ ਨਜ਼ਰ ਰੱਖਣ ਲਈ ਅਸਰਦਾਰ ਵਿਧੀ ਤਿਆਰ ਕੀਤੀ ਗਈ ਹੈ। ਅਧਿਕਾਰੀਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਜਲੰਧਰ ਜ਼ਿਲ੍ਹੇ ਦੀਆਂ 81 ਦਾਣਾ ਮੰਡੀਆਂ ਵਿੱਚ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ।