ਕਿਸਾਨਾਂ ਦੀ ਹਰ ਮਦਦ ਲਈ ਸਰਕਾਰ ਵਚਨਬੱਧ: ਖੁੱਡੀਅਾਂ
ਸਤਵਿੰਦਰ ਬਸਰਾ/ ਸੰਤੋਖ ਸਿੰਘ ਗਿੱਲ
ਲੁਧਿਆਣਾ/ ਗੁਰੂਸਰ ਸੁਧਾਰ, 1 ਜੁਲਾਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਨਾਰੰਗਵਾਲ ਅਤੇ ਕੋਟਲੀ ਦੇ ਦੌਰੇ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਲਈ ਸਮੇਂ ਸਿਰ ਪਾਣੀ, ਖੇਤੀਬਾੜੀ ਮਸ਼ੀਨਰੀ ’ਤੇ ਸਬਸਿਡੀ ਤੋਂ ਇਲਾਵਾ ਹਰ ਸੰਭਵ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਅਗਾਂਹਵਧੂ ਕਿਸਾਨਾਂ ਦੀ ਪਿੱਠ ਥਾਪੜੀ ਅਤੇ ਉਨ੍ਹਾਂ ਦੇ ਉੱਦਮ ਦੀ ਸ਼ਲਾਘਾ ਕਰਦਿਅਾਂ ਕਿਹਾ ਕਿ ਅਜਿਹੇ ਕਿਸਾਨ ਹੋਰਨਾ ਲਈ ਵੀ ਮਾਰਗ ਦਰਸ਼ਕ ਸਾਬਤ ਹੁੰਦੇ ਹਨ। ਅਗਾਂਹਵਧੂ ਕਿਸਾਨ ਤਪਿੰਦਰ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਕਿਸਾਨ ਨੇ ਪਿਛਲੇ 5 ਸਾਲਾਂ ਤੋਂ ਮਸ਼ੀਨ ਨਾਲ ਝੋਨੇ ਦੀ ਬਿਜਾਈ ਕਰ ਕੇ ਜਿੱਥੇ ਮਜ਼ਦੂਰੀ ਦਾ ਖਰਚਾ ਬਚਾਇਆ ਹੈ, ਉੱਥੇ ਪ੍ਰਤੀ ਏਕੜ ਕਰੀਬ ਤਿੰਨ ਕੁਇੰਟਲ ਝਾੜ ਵੀ ਵੱਧ ਲਿਆ ਹੈ।
ਖੇਤੀ ਮੰਤਰੀ ਖੁੱਡੀਆਂ ਨੇ ਅਗਾਂਹਵਧੂ ਕਿਸਾਨ ਵੱਲੋਂ ਹੋਰਨਾਂ ਕਿਸਾਨਾਂ ਨੂੰ ਪਨੀਰੀ ਅਤੇ ਬਿਜਾਈ ਲਈ ਇਸੇ ਵਿਧੀ ਨੂੰ ਅਪਣਾਉਣ ਵਿੱਚ ਸਹਿਯੋਗ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੀਂ ਖੇਤੀ ਨੀਤੀ ਬਣਾਉਣ ਲਈ ਜਿੱਥੇ ਖੇਤੀ ਵਿਗਿਆਨੀਆਂ, ਮਾਹਿਰਾਂ ਤੋਂ ਇਲਾਵਾ ਕਿਸਾਨਾਂ ਦੇ ਤਜਰਬੇ ਦਾ ਵੀ ਲਾਹਾ ਲਿਆ ਜਾਵੇਗਾ। ਇਸ ਮੌਕੇ ਮੌਜੂਦ ਕਿਸਾਨਾਂ ਨੇ ਵੀ ਇਕਸੁਰ ਹੋ ਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਸ਼ਲਾਘਾ ਕੀਤੀ ਅਤੇ ਸਰਕਾਰ ਵੱਲੋਂ ਬਿਜਲੀ, ਪਾਣੀ, ਖੇਤੀ ਮਸ਼ੀਨਰੀ ’ਤੇ ਸਬਸਿਡੀ, ਖਾਦ, ਬੀਜ ਵੇਲੇ ਸਿਰ ਕਿਸਾਨਾਂ ਨੂੰ ਮੁਹੱਈਆ ਕਰਾਉਣ ਲਈ ਧੰਨਵਾਦ ਕੀਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੇ.ਐਨ.ਐੱਸ ਕੰਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਕਿਸਾਨ ਜਥੇਬੰਦੀ ਵੱਲੋਂ ਖੇਤੀ ਮੰਤਰੀ ਨੂੰ ਮੰਗ-ਪੱਤਰ
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੀਤ ਪ੍ਰਧਾਨ ਅਮਰੀਕ ਸਿੰਘ ਜੜਤੌਲੀ, ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਸੁਰਜੀਤ ਸਿੰਘ ਸੀਲੋਂ ਅਤੇ ਨਛੱਤਰ ਸਿੰਘ ਕਿਲ੍ਹਾ ਰਾਏਪੁਰ ਦੀ ਅਗਵਾਈ ਵਿੱਚ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੋਂ ਖੇਤੀ ਮਸ਼ੀਨਾਂ ਲਈ ਕਿਸਾਨਾਂ ਤੋਂ ਲਈ ਗਈ ਅਮਾਨਤੀ ਕਰਮ ਦੇਣ ਵਾਲਿਆਂ ਵਿੱਚੋਂ ਹੀ ਮਸ਼ੀਨਾਂ ਦਾ ਡਰਾਅ ਕੱਢੇ ਜਾਣ ਦੀ ਮੰਗ ਕੀਤੀ ਹੈ। ਕਿਸਾਨ ਆਗੂਆਂ ਨੇ ਖੇਤੀ ਮੋਟਰਾਂ ਦੇ ਕੁਨੈਕਸ਼ਨ ਜਲਦੀ ਦੇਣ, ਮੰਡੀਆਂ ਵਿੱਚ ਜਿਨਸ ਦਾ ਤੋਲ ਕੰਪਿਊਟਰ ਕੰਡੇ ਨਾਲ ਕਰਨ, ਸਹਿਕਾਰੀ ਸਭਾਵਾਂ ਨੂੰ ਮਿਲਣ ਵਾਲੀ ਖਾਦ ਲਈ ਐਡਵਾਂਸ ਅਦਾਇਗੀ ਨਾ ਲੈਣ ਅਤੇ ਜਬਰੀ ਵਾਧੂ ਸਮਾਨ ਨਾ ਦੇਣ, ਪੁਟਾਸ਼ ਖਾਦ ਦਾ ਸਹਿਕਾਰੀ ਸਭਾਵਾਂ ਵਿੱਚ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ। ਜੋਧਾਂ ਦੌਰੇ ਸਮੇਂ ਜਮਹੂਰੀ ਕਿਸਾਨ ਸਭਾ ਦੇ ਇਕ ਵਫ਼ਦ ਨੇ ਮੰਤਰੀ ਨੂੰ ਮੰਗ-ਪੱਤਰ ਸੌਂਪਿਆ। ਕਿਸਾਨ ਆਗੂਆਂ ਨੇ ਨਕਲੀ ਬੀਜ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ, ਭਾਰਤ ਮਾਲਾ ਪ੍ਰੋਜੈਕਟ ਲਈ ਕਿਸਾਨਾਂ ਦੀਆਂ ਜ਼ਮੀਨਾਂ ਉੱਪਰ ਜਬਰੀ ਕਬਜ਼ੇ ਨਾ ਕਰਨ ਅਤੇ ਜ਼ਮੀਨਾਂ ਦਾ ਉਚਿੱਤ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ। ਕਿਲ੍ਹਾ ਰਾਏਪੁਰ ਤੋਂ ਬ੍ਰਾਹਮਣ ਮਾਜਰਾ ਤੱਕ ਸੜਕ ਚੌੜੀ ਕਰਨ ਅਤੇ ਅਹਿਮਦਗੜ੍ਹ ਨਾਲ ਜੋੜਨ ਦੀ ਵੀ ਮੰਗ ਕੀਤੀ। ਨਾਰੰਗਵਾਲ ਵਿੱਚ ਭਾਈ ਰਣਧੀਰ ਸਿੰਘ ਨਾਰੰਗਵਾਲ ਦੀ ਯਾਦਗਾਰ ਦੇ ਨਵੀਨੀਕਰਨ ਅਤੇ ਸਾਂਭ ਸੰਭਾਲ ਦੇ ਪ੍ਰਬੰਧ ਕਰਨ ਦੀ ਵੀ ਮੰਗ ਕੀਤੀ।