ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰ ਵਚਨਬੱਧ: ਅਨਮੋਲ ਗਗਨ ਮਾਨ
ਪੱਤਰ ਪ੍ਰੇਰਕ
ਕੁਰਾਲੀ, 26 ਜੁਲਾਈ
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਹੜ੍ਹ ਪੀੜਤ ਪਰਿਵਾਰਾਂ ਦੀ ਜ਼ਿੰਦਗੀ ਮੁੜ ਲੀਹ ’ਤੇ ਲਿਆਉਣ ਲਈ ਗੰਭੀਰ ਹੈ। ਉਹ ਬਲਾਕ ਮਾਜਰੀ ਦੇ ਪਿੰਡ ਕੁੱਬਾਹੇੜੀ ਵਿੱਚ ਇੱਕ ਸਮਾਗਮ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕੇ ਦੇ 104 ਕੱਚੇ ਘਰ ਪੱਕੇ ਕਰਵਾਉਣ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਤਨਾਮ ਸਿੰਘ, ਗੁਰਮੇਲ ਸਿੰਘ, ਮੀਨਾ ਮਾਜਰੀ, ਬਹਾਦਰ ਸਿੰਘ ਕੁੱਬਾਹੇੜੀ ਨੂੰ ਇੱਕ-ਇੱਕ ਲੱਖ ਰੁਪਏ ਅਤੇ ਵਿਜੈ ਕੁਮਾਰ ਤੇ ਅੰਗਰੇਜ਼ ਕੌਰ ਨੂੰ 50-50 ਹਜ਼ਾਰ ਰੁਪਏ ਮਾਲੀ ਸਹਾਇਤਾ ਦਾ ਚੈੱਕ ਸੌਂਪਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਵ੍ਹੀਲ ਚੇਅਰ ’ਤੇ ਸਮਾਗਮ ’ਚ ਪੁੱਜੇ ਕੈਬਨਿਟ ਮੰਤਰੀ
ਪੈਰ ਦੀ ਹੱਡੀ ਵਿੱਚ ਫਰੈਕਚਰ ਹੋਣ ਕਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਹੜ੍ਹ ਪੀੜਤ ਪਰਿਵਾਰਾਂ ਦੀ ਸਾਰ ਲੈਣ ਲਈ ਵ੍ਹੀਲ ਚੇਅਰ ’ਤੇ ਪਿੰਡ ਕੁੱਬਾਹੇੜੀ ਪਹੁੰਚੇ। ਉਨ੍ਹਾਂ ਸਮਾਗਮ ਦੌਰਾਨ ਕੁਰਸੀ ’ਤੇ ਬੈਠ ਕੇ ਹੀ ਲੋਕਾਂ ਨਾਲ ਵਿਚਾਰਾਂ ਦੀ ਸਾਂਝ ਪਾਈ ਅਤੇ ਬੈਠ ਕੇ ਹੀ ਚੈੱਕ ਤਕਸੀਮ ਕੀਤੇ।