ਸੈਨਿਕ ਸਕੂਲ ਦੀ ਇਮਾਰਤ ਦੀ ਸੰਭਾਲ ਲਈ ਸਰਕਾਰ ਵਚਨਬੱਧ: ਈਟੀਓ
ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 29 ਅਕਤੂਬਰ
ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਸਰਕਾਰ ਸੈਨਿਕ ਸਕੂਲ ਕਪੂਰਥਲਾ ਦੀ ਇਤਿਹਾਸਕ ਇਮਾਰਤ ਦੀ ਸਾਂਭ ਸੰਭਾਲ ਲਈ ਵਚਨਬੱਧ ਹੈ। ਇਸ ਵੱਕਾਰੀ ਸੰਸਥਾ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ। ਅੱਜ ਇੱਥੇ ਸੈਨਿਕ ਸਕੂਲ ਦੇ 61ਵੇਂ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਸ਼ਿਰਕਤ ਕਰਨ ਮੌਕੇ ਈਟੀਓ ਨੇ ਸਕੂਲ ਦੀ ਇਮਾਰਤ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਹੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਮਾਰਤ ਦੀ ਮੁਰੰਮਤ ਲਈ ਡਿਟੇਲ ਪ੍ਰਾਜੈਕਟ ਰਿਪੋਰਟ ਤਿਆਰ ਕਰਕੇ ਸੌਂਪਣ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ‘ਸਮ੍ਰਿਤੀ ਸਥਲ’ ਉੱਪਰ ਸ਼ਰਧਾ ਦੇ ਫੁੱਲ ਭੇਟ ਕੀਤੇ। ਗਰੁੱਪ ਕੈਪਟਨ ਪ੍ਰਿੰਸੀਪਲ ਮਧੂ ਸੇਂਗਰ ਨੇ ਸਕੂਲ ਦੇ ਹੋਰ ਅਹੁਦੇਦਾਰਾਂ ਸਮੇਤ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਲਲਿਤ ਸਖਲਾਨੀ, ਆਪ ਦੇ ਜੁਆਇੰਟ ਸਕੱਤਰ ਪਰਵਿੰਦਰ ਸਿੰਘ ਢੋਟ, ਐਸ ਡੀ ਐਮ ਮੇਜਰ ਇਰਵਨ ਕੌਰ, ਪੰਜਾਬ ਸਟੇਟ ਕੌਂਸਲ ਪਰ ਸਾਇੰਸ ਐਂਡ ਟੈਕਨਾਲੌਜੀ ਦੇ ਮੈਂਬਰ ਕੰਵਰ ਇਕਬਾਲ ਸਿੰਘ ਆਦਿ ਹਾਜ਼ਰ ਸਨ।