ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਵਚਨਬੱਧ: ਕਲਸੀ
ਨਿੱਜੀ ਪੱਤਰ ਪ੍ਰੇਰਕ
ਬਟਾਲਾ, 4 ਫਰਵਰੀ
‘ਆਪ’ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸੇ ਲੜੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫ਼ੈਸਲਾ ਸ਼ਲਾਘਾਯੋਗ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ ਹੁਣ ਤੱਕ ਪੰਜਾਬ ਦੇ 198 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਦੀ ਪ੍ਰਿੰਸੀਪਲਜ਼ ਅਕੈਡਮੀ ਤੋਂ ਸਿਖਲਾਈ ਲੈ ਚੁੱਕੇ ਹਨ। ਇਸੇ ਪ੍ਰੋਗਰਾਮ ਤਹਿਤ ਹੁਣ ਸੱਤਵਾਂ ਬੈਚ ਮਾਰਚ ਸਿੰਗਾਪੁਰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਤੋਂਂ ਸੀਨੀਅਰ ਸੈਕੰਡਰੀ ਸਕੂਲਾਂ ’ਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਵੀ ਅਹਿਮ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਵੱਖ-ਵੱਖ ਪੱਧਰਾਂ ’ਤੇ ਕੰਮ ਕਰ ਰਹੇ ਅਧਿਆਪਕਾਂ, ਸਕੂਲ ਮੁੱਖੀਆਂ ਅਤੇ ਸਕੂਲ ਸਿੱਖਿਆ ਪ੍ਰਬੰਧਕਾਂ ਨੂੰ ਕੌਮਾਂਤਰੀ ਪੱਧਰ ਦੀ ਸਿਖਲਾਈ ਪ੍ਰਦਾਨ ਕਰਨ ਲਈ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵਿੱਚ ‘ਇੰਟਰਨੈਸ਼ਨਲ ਐਜੂਕੇਸ਼ਨ ਅਫੇਅਰਜ਼ ਸੈੱਲ (ਆਈ.ਈ.ਏ.ਸੀ.)’ ਸਥਾਪਤ ਕੀਤਾ ਗਿਆ ਹੈ।