ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ: ਮਾਨ
ਹਤਿੰਦਰ ਮਹਿਤਾ
ਜਲੰਧਰ, 7 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਵੱਖ-ਵੱਖ ਕਿੱਤਿਆਂ ਨਾਲ ਸਬੰਧਤ ਛੋਟੇ ਦੁਕਾਨਦਾਰਾਂ ਅਤੇ ਵਪਾਰ ਮੰਡਲ ਨਾਲ ਮੀਟਿੰਗ ਕਰ ਕੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਮਾਨ ਨੇ ਵਪਾਰੀਆਂ ਨਾਲ ਉਨ੍ਹਾਂ ਦੇ ਮੁੱਦਿਆਂ ਅਤੇ ਸਮੱਸਿਆਵਾਂ ਬਾਰੇ ਵੀ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ। ਉਨ੍ਹਾਂ ਨੇ ਕਈ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਅਤੇ ਕੁਝ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜਲੰਧਰ ਦੇ ਵਪਾਰੀਆਂ ਨੂੰ ਜ਼ਿਮਨੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ, ‘‘ਤੁਸੀਂ ਮਹਿੰਦਰ ਭਗਤ ਨੂੰ ਵਿਧਾਇਕ ਚੁਣ ਕੇ ਵਿਧਾਨ ਸਭਾ ਵਿਚ ਭੇਜੋ, ਮੈਂ ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਦੇਵਾਂਗਾ, ਤਾਂ ਜੋ ਉਹ ਜਲੰਧਰ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰ ਸਕਣ।’’
ਮੁੱਖ ਮੰਤਰੀ ਨੇ ਵਪਾਰੀਆਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਬਿਲਕੁਲ ਵੀ ਫ਼ਿਕਰ ਕਰਨ ਦੀ ਲੋੜ ਨਹੀਂ ਹੈ। ਹੁਣ ਪੰਜਾਬ ਵਿਚ ਲੋਕਾਂ ਦੀ ਆਪਣੀ (ਆਮ ਆਦਮੀ ਪਾਰਟੀ) ਸਰਕਾਰ ਹੈ। ਮਾਨ ਨੇ ਕਿਹਾ ਕਿ ਪੰਜਾਬ ਨੂੰ ਤਰੱਕੀ ਅਤੇ ਆਰਥਿਕ ਪੱਖੋਂ ਮਜ਼ਬੂਤ ਬਣਾਉਣ ਵਿੱਚ ਵਪਾਰੀਆਂ ਦਾ ਅਹਿਮ ਯੋਗਦਾਨ ਹੈ। ਉਦਯੋਗਾਂ ਦੇ ਵਿਕਾਸ ਨਾਲ ਹੀ ਬੇਰੁਜ਼ਗਾਰੀ ਦੀ ਸਮੱਸਿਆ ਖ਼ਤਮ ਕੀਤੀ ਜਾ ਸਕਦੀ ਹੈ। ਸੂਬੇ ਦਾ ਮਾਲੀਆ ਵੀ ਉਦਯੋਗ ਅਤੇ ਵਪਾਰ ਕਰਕੇ ਹੀ ਵਧ ਸਕਦਾ ਹੈ। ਮਾਨ ਨੇ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਹ ਪੂਰੀ ਤਰ੍ਹਾਂ ਨਾਲ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਪੰਜਾਬ ਦੇ ਕਈ ਹੁਨਰਮੰਦ ਲੋਕ ਵਿਦੇਸ਼ਾਂ ਤੋਂ ਵਾਪਸ ਪੰਜਾਬ ਆ ਗਏ ਹਨ ਅਤੇ ਇੱਥੇ ਨਵੇਂ ਕਿਸਮ ਦੇ ਕਾਰੋਬਾਰ ਸ਼ੁਰੂ ਕਰ ਰਹੇ ਹਨ।
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ‘ਆਪ’ ਉਮੀਦਵਾਰ ਮਹਿੰਦਰ ਭਗਤ ਲਈ ਚੋਣ ਪ੍ਰਚਾਰ ਵੀ ਕੀਤਾ। ਉਨ੍ਹਾਂ ਇੱਥੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਵਾਰਡ ਨੰਬਰ 32, 37, 47 ਅਤੇ 77 ਵਿਚ ਰੈਲੀਆਂ ਕੀਤੀਆਂ। ਇਸ ਦੌਰਾਨ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਅਤੇ ਵਿਧਾਇਕ ਬਲਜਿੰਦਰ ਕੌਰ ਵੀ ਹਾਜ਼ਰ ਸਨ। ਰੈਲੀਆਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਕਾਂਗਰਸ ਉਮੀਦਵਾਰ ਸੁਰਿੰਦਰ ਕੌਰ ਜੇ ਜਲੰਧਰ ਦੇ ਡਿਪਟੀ ਮੇਅਰ ਹੁੰਦਿਆਂ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕੇ ਤਾਂ ਇੰਨੇ ਵੱਡੇ ਵਿਧਾਨ ਸਭਾ ਹਲਕੇ ਦੇ ਕੰਮ ਕਿਵੇਂ ਕਰਵਾਉਣਗੇ। ਮਾਨ ਨੇ ਕਿਹਾ ਕਿ ਗਲੀਆਂ, ਨਾਲੀਆਂ ਅਤੇ ਸੀਵਰੇਜ ਸਿਸਟਮ ਆਦਿ ਦਾ ਕੰਮ ਨਗਰ ਨਿਗਮ ਅਧੀਨ ਆਉਂਦਾ ਹੈ। ਜਲੰਧਰ ਨਿਗਮ ਵਿੱਚ ਇਸ ਵੇਲੇ ਕਾਂਗਰਸ ਦਾ ਮੇਅਰ ਹੈ, ਫਿਰ ਵੀ ਉਸ ਨੇ ਸ਼ਹਿਰ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਸੀਵਰੇਜ ਦੇ ਢੱਕਣ ਵੀ ਨਹੀਂ ਬਦਲੇ। ਉਨ੍ਹਾਂ ਕਿਹਾ ਕਿ ਜੋ ਆਪਣੇ ਵਾਰਡ ਦੇ ਕੰਮ ਨਹੀਂ ਕਰਵਾ ਸਕਿਆ ਉਹ ਸਾਰੇ ਹਲਕੇ ਦੇ ਕੰਮ ਕਿਵੇਂ ਕਰਵਾਏਗਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਆਪਣੀ ਵੋਟ ਬਰਬਾਦ ਕਰਨਾ ਹੈ। ਇਸ ਚੋਣ ਵਿੱਚ ਜਿੱਤ ਜਾਂ ਹਾਰ ਨਾਲ ਸਰਕਾਰ ਨੂੰ ਕੋਈ ਫਰਕ ਨਹੀਂ ਪਵੇਗਾ ਪਰ ਜੇ ਆਮ ਆਦਮੀ ਪਾਰਟੀ ਦਾ ਉਮੀਦਵਾਰ ਜਿੱਤਦਾ ਹੈ ਤਾਂ ਸਰਕਾਰ ਵਿੱਚ ਹਲਕੇ ਦੀ ਹਿੱਸੇਦਾਰੀ ਹੋਵੇਗੀ ਅਤੇ ਇਸ ਇਲਾਕੇ ਦੇ ਕੰਮ ਹੋਰ ਵੀ ਤੇਜ਼ੀ ਨਾਲ ਹੋਣਗੇ। ਮਹਿੰਦਰ ਭਗਤ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ।
ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਇੱਥੋਂ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਵੀ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੀ ਹਾਲਤ ਇੰਨੀ ਮਾੜੀ ਹੋ ਗਈ ਹੈ ਕਿ ਸੁਖਬੀਰ ਆਪਣੇ ਉਮੀਦਵਾਰ ਤੋਂ ਸਮਰਥਨ ਵਾਪਸ ਲੈ ਕੇ ਲੋਕਾਂ ਨੂੰ ਬਹੁਜਨ ਸਮਾਜ ਪਾਰਟੀ ਨੂੰ ਵੋਟ ਪਾਉਣ ਲਈ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਜ਼ੀਰੋ ’ਤੇ ਪਹੁੰਚ ਗਿਆ ਹੈ।
ਕੰਮ ਕੀਤੇ ਹੁੰਦੇ ਤਾਂ ਮੁੱਖ ਮੰਤਰੀ ਨੂੰ ਮਕਾਨ ਕਿਰਾਏ ’ਤੇ ਨਾ ਲੈਣਾ ਪੈਂਦਾ: ਬੀਬੀ ਰਾਮੂਵਾਲੀਆ
ਮੁਹਾਲੀ (ਪੱਤਰ ਪ੍ਰੇਰਕ): ਭਾਜਪਾ ਦੀ ਕੇਂਦਰੀ ਕਮੇਟੀ ਮੈਂਬਰ ਅਤੇ ਸੀਨੀਅਰ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਜੇ ਪੰਜਾਬ ਦੀ ‘ਆਪ’ ਸਰਕਾਰ ਨੇ ਵਿਕਾਸ ਨੂੰ ਤਰਜੀਹ ਦਿੱਤੀ ਹੁੰਦੀ ਅਤੇ ਲੋਕ ਭਲਾਈ ਦੇ ਕੰਮ ਕੀਤੇ ਹੁੰਦੇ ਤਾਂ ਅੱਜ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਲੰਧਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਲਈ ਮਜਬੂਰ ਨਾ ਹੋਣਾ ਪੈਂਦਾ। ਉਨ੍ਹਾਂ ਕਿਹਾ ਕਿਹਾ ਕਿ ਗੱਲਾਂ ਦੇ ਹਵਾਈ ਕਿਲ੍ਹੇ ਉਸਾਰਨ ਨਾਲ ਲੋਕ ਖ਼ੁਸ਼ ਨਹੀਂ ਹੁੰਦੇ, ਬਲਕਿ ਸਰਕਾਰਾਂ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨੇ ਪੈਂਦੇ ਹਨ। ਮੌਜੂਦਾ ਸਮੇਂ ਵਿੱਚ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਨਹੀਂ ਹੈ ਅਤੇ ਹਸਪਤਾਲਾਂ ਵਿੱਚ ਦਵਾਈ ਨਹੀਂ ਅਤੇ ਥਾਣਿਆਂ ਵਿੱਚ ਸਿਪਾਹੀ ਨਹੀਂ ਹਨ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ ’ਤੇ ਹੈ, ਜਿਸ ਦੀ ਤਾਜ਼ਾ ਮਿਸਾਲ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਬੁਰਜ ਤੋਂ ਮਿਲਦੀ ਹੈ, ਜਿੱਥੇ ਔਰਤਾਂ ਵੀ ਵਿਰੋਧ ਪ੍ਰਦਰਸ਼ਨ ’ਤੇ ਉਤਰ ਆਈਆਂ ਹਨ।