ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਸਰਕਾਰ ਵਚਨਬੱਧ: ਰਿੰਕੂ
ਸਰਬਜੀਤ ਗਿੱਲ
ਫਿਲੌਰ, 8 ਜੁਲਾਈ
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਹਲਕਾ ਫਿਲੌਰ ਦੀਆਂ ਵੱਖ-ਵੱਖ ਸਹਿਕਾਰੀ ਖੇਤੀਬਾੜੀ ਬਹੁ-ਮੰਤਵੀ ਸੇਵਾ ਸਭਾਵਾਂ ਵਿੱਚ 62 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਚਾਰ ਨਵੇਂ ਗੁਦਾਮਾਂ ਦੇ ਨੀਂਹ ਪੱਥਰ ਰੱਖੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਗੁਦਾਮ ਇਲਾਕੇ ਦੇ ਕਿਸਾਨਾਂ ਨੂੰ ਬਿਹਤਰ ਸਟੋਰੇਜ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਣਗੇ। ਨਵੇਂ ਗੁਦਾਮਾਂ ਦੀ ਉਸਾਰੀ ਪਿੰਡ ਮੁਠੱਡਾ ਕਲਾਂ, ਪੱਦੀ ਖਾਲਸਾ, ਦੁਸਾਂਝ ਕਲਾਂ ਅਤੇ ਮੰਡੀ ਨਾਲ ਸਬੰਧਤ ਸਹਿਕਾਰੀ ਖੇਤੀਬਾੜੀ ਬਹੁ-ਮੰਤਵੀ ਸੇਵਾ ਸਭਾਵਾਂ ਲਈ ਕੀਤੀ ਜਾਵੇਗੀ। ਸੰਸਦ ਮੈਂਬਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਸੂਬੇ ਦੇ ਸਹਿਕਾਰੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਪਹਿਲਾਂ ਹੀ ਕਈ ਕਦਮ ਚੁੱਕੇ ਹਨ।
ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸਹਿਕਾਰੀ ਲਹਿਰ ਔਰਤਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਲਾਹੇਵੰਦ ਸਾਬਤ ਹੋਈ ਹੈ। ਇਸ ਮਿਸ਼ਨ ਰਾਹੀਂ ਵੱਡੀ ਗਿਣਤੀ ਵਿੱਚ ਔਰਤਾਂ ਸਹਿਕਾਰੀ ਸਭਾਵਾਂ ਨਾਲ ਜੁੜੀਆਂ ਹਨ ਅਤੇ ਆਪਣੀ ਰੋਜ਼ੀ-ਰੋਟੀ ਕਮਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਪਿੰਡ ਦੀਆਂ 25 ਔਰਤਾਂ ਦਾ ਸਮੂਹ, ਜੋ ਕਿ ਹੁਨਰ ਸਿਖਲਾਈ ਲੈਣਾ ਚਾਹੁੰਦਾ ਹੈ, ਆਪਣੀ ਨਜ਼ਦੀਕੀ ਕਿਸਾਨ ਸਹਿਕਾਰੀ ਸਭਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਨਾਸਿਰ ਹਸਨ ਸਲਮਾਨੀ, ‘ਆਪ’ ਆਗੂ ਪ੍ਰਿੰਸੀਪਲ ਪ੍ਰੇਮ ਕੁਮਾਰ, ਗੁਰਪ੍ਰੀਤ ਸਿੰਘ ਸਹੋਤਾ, ਜਸਵੀਰ ਸਿੰਘ, ਪਰਮਜੀਤ ਸਿੰਘ ਖਾਲਸਾ, ਹਰਜੀਤ ਸਿੰਘ ਚਾਨਾ, ਮਨਪ੍ਰੀਤ ਸਿੰਘ, ਮਨਮੋਹਣ ਸ਼ਰਮਾ ਅਤੇ ਰਘਵੀਰ ਸਿੰਘ ਆਦਿ ਵੀ ਮੌਜੂਦ ਸਨ।