ਸਰਕਾਰ ਨੇ ਮਨਮੋਹਨ ਸਿੰਘ ਦੀ ਯਾਦਗਾਰ ਲਈ ਜਗ੍ਹਾ ਅਲਾਟ ਕੀਤੀ: ਨੱਢਾ
ਨਵੀਂ ਦਿੱਲੀ/ਉੜੀਸਾ, 28 ਦਸੰਬਰ
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਯਾਦਗਾਰ ਲਈ ਜਗ੍ਹਾ ਅਲਾਟ ਕਰ ਦਿੱਤੀ ਸੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਬਾਰੇ ਜਾਣਕਾਰੀ ਵੀ ਦੇ ਦਿੱਤੀ ਸੀ। ਉਨ੍ਹਾਂ ਕਾਂਗਰਸ ’ਤੇ ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਘਟੀਆ ਸਿਆਸਤ ਕਰਨ ਦਾ ਦੋਸ਼ ਲਗਾਇਆ। ਨੱਢਾ ਦੀ ਇਹ ਪ੍ਰਤੀਕਿਰਿਆ ਅਹਿਜੇ ਸਮੇਂ ਵਿੱਚ ਆਈ ਹੈ ਜਦੋਂ ਕਾਂਗਰਸ ਨੇ ਕੇਂਦਰ ’ਤੇ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਸਕਾਰ ਲਈ ਇਕ ਨਿਰਧਾਰਤ ਸਥਾਨ ਨਾ ਦੇਣ ਦਾ ਦੋਸ਼ ਲਗਾਇਆ ਹੈ ਜਿੱਥੇ ਬਾਅਦ ਵਿੱਚ ਉਨ੍ਹਾਂ ਦੀ ਯਾਦਗਾਰ ਵੀ ਬਣਾਈ ਜਾ ਸਕੇ। ਭਾਜਪਾ ਦੇ ਤਰਜਮਾਨ ਤੇ ਸੰਸਦ ਮੈਂਬਰ ਸੰਬਿਤ ਪਾਤਰਾ ਨੇ ਵੀ ਕਾਂਗਰਸ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਸਾਬਕਾ ਪ੍ਰਧਾਨ ਮੰਤਰੀ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਸਿਆਸਤ ਕਰਨ ਦਾ ਦੋਸ਼ ਲਗਾਇਆ ਹੈ। -ਪੀਟੀਆਈ
ਪ੍ਰਣਬ ਮੁਖਰਜੀ ਦੀ ਧੀ ਵੱਲੋਂ ਮੁੱਦੇ ਦਾ ਸਿਆਸੀਕਰਨ ਨਾ ਕਰਨ ਦੀ ਅਪੀਲ
ਚੰਡੀਗੜ੍ਹ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦਗਾਰ ਲਈ ਜਗ੍ਹਾ ਅਲਾਟ ਕੀਤੇ ਜਾਣ ਦੇ ਵਿਵਾਦ ’ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਧੀ ਸ਼ਰਮਿਸ਼ਠਾ ਮੁਖਰਜੀ ਨੇ ਕਿਹਾ ਕਿ ਇਸ ਮੁੱਦੇ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ, ‘ਸਾਬਕਾ ਪ੍ਰਧਾਨ ਮੰਤਰੀਆਂ ਲਈ ਯਾਦਗਾਰਾਂ ਬਣਾਈਆਂ ਜਾਣੀਆਂ ਸਾਡੀ ਰਵਾਇਤ ਹੈ। ਮਨਮੋਹਨ ਸਿੰਘ ਦੇ ਸ਼ਾਨਦਾਰ ਯੋਗਦਾਨ ਨੂੰ ਵੇਖਦਿਆਂ ਇਸ ਸਬੰਧੀ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ। ਉਨ੍ਹਾਂ ਨੂੰ ਭਾਰਤ ਰਤਨ ਵੀ ਦਿੱਤਾ ਜਾਣਾ ਚਾਹੀਦਾ ਹੈ।’ -ਏਐੱਨਆਈ