ਵਿਕਾਸ ਕਾਰਜਾਂ ਲਈ ਸਰਕਾਰ ਕੋਲ ਫੰਡਾਂ ਦੀ ਘਾਟ ਨਹੀਂ: ਚੀਮਾ
ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 23 ਦਸੰਬਰ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਗਰ ਪੰਚਾਇਤ ਦਿੜ੍ਹਬਾ ਦੇ ਸਾਰੇ 13 ਵਾਰਡਾਂ ਵਿੱਚ ਜਿੱਤ ਦਰਜ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਹਲਕੇ ਦੇ ਸਰਬਪੱਖੀ ਵਿਕਾਸ ਦਾ ਸੱਦਾ ਦਿੱਤਾ। ਹਰਪਾਲ ਸਿੰਘ ਚੀਮਾ ਅੱਜ ਸਬ-ਡਿਵੀਜ਼ਨਲ ਕੰਪਲੈਕਸ ਵਿੱਚ ਨਗਰ ਪੰਚਾਇਤ ਦਿੜ੍ਹਬਾ ਦੇ ਨਵੇਂ ਚੁਣੇ ਮੈਂਬਰਾਂ ਨੂੰ ਰਿਟਰਨਿੰਗ ਅਫਸਰ ਰਾਜੇਸ਼ ਸ਼ਰਮਾ ਦੁਆਰਾ ਜੇਤੂ ਸਰਟੀਫਿਕੇਟ ਵੰਡਣ ਦੀ ਰਸਮ ਅਦਾ ਕਰਨ ਮੌਕੇ ਵਿਸ਼ੇਸ਼ ਤੌਰ ’ਤੇ ਜੇਤੂਆਂ ਨੂੰ ਵਧਾਈ ਦੇਣ ਲਈ ਪਹੁੰਚੇ ਸਨ। ਵਿੱਤ ਮੰਤਰੀ ਨੇ ਕਿਹਾ ਕਿ ਨਗਰ ਪੰਚਾਇਤ ਦਿੜ੍ਹਬਾ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਾਰੀਆਂ ਹੀ ਪਾਰਟੀਆਂ ਦੇ ਜੇਤੂ ਰਹੇ ਮੈਂਬਰਾਂ ਨੇ ਇੱਕ ਮੰਚ ’ਤੇ ਇਕੱਠੇ ਹੋ ਕੇ ਭਾਈਚਾਰਕ ਸਾਂਝ ਦਾ ਸਬੂਤ ਦਿੱਤਾ। ਉਨ੍ਹਾਂ ਦੱਸਿਆ ਕਿ 13 ਵਾਰਡਾਂ ਵਿੱਚੋਂ 11 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੇਤੂ ਰਹੇ ਹਨ ਅਤੇ ਬਾਕੀ 2 ਵਾਰਡਾਂ ਵਿੱਚ ਭਾਵੇਂ ਆਜ਼ਾਦ ਤੇ ਇਕ ਹੋਰ ਪਾਰਟੀ ਦੇ ਮੈਂਬਰ ਜੇਤੂ ਰਹੇ ਹਨ ਪਰ ਸਾਰਿਆਂ ਨੂੰ ਹੀ ਅੱਜ ਪਾਰਦਰਸ਼ਤਾ ਅਤੇ ਨਿਰਪੱਖਤਾ ਦੇ ਨਾਲ ਨਗਰ ਪੰਚਾਇਤ ਦੇ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਹੱਲਾਸ਼ੇਰੀ ਦਿੱਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਹਲਕਾ ਦਿੜ੍ਹਬਾ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਨੇਪਰੇ ਚੜ੍ਹਾਏ ਗਏ ਹਨ ਜਿਨ੍ਹਾਂ ਵਿੱਚ ਇਹ ਲਗਪਗ 9 ਏਕੜ ਵਿੱਚ ਬਣਾਇਆ ਗਿਆ ਸਬ ਡਿਵੀਜ਼ਨਲ ਕੰਪਲੈਕਸ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਦਿੜ੍ਹਬਾ ਵਿਖੇ ਬਣਾਏ ਜਾਣ ਵਾਲੇ ਇਨਡੋਰ ਸਟੇਡੀਅਮ ਦੇ ਨਿਰਮਾਣ ਦੀ ਸ਼ੁਰੁੂਆਤ ਵੀ ਜਲਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਵਿੱਤ ਮੰਤਰੀ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ, ‘ਆਪ’ ਆਗੂ ਦਰਸ਼ਨ ਸਿੰਘ ਘੁਮਾਣ ਦਿੜ੍ਹਬਾ, ਡੀਐੱਸਪੀ ਪ੍ਰਿਥਵੀ ਸਿੰਘ ਚਾਹਲ ਤੇ ਈਓ ਚੰਦਰ ਪ੍ਰਕਾਸ਼ ਵਧਵਾ ਆਦਿ ਹਾਜ਼ਰ ਸਨ।