ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀ ਕਰ ਰਹੀ ਹੈ ਸਰਕਾਰ: ਕਬੀਰ ਦਾਸ
ਗੁਰਨਾਮ ਸਿੰਘ ਚੌਹਾਨ
ਪਾਤੜਾਂ, 2 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰਾ ਨਾ ਕਰਨ ’ਤੇ ਪੰਜਾਬ ਦੇ ਲੋਕ ‘ਆਪ’ ਸਰਕਾਰ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਧੱਕੇਸ਼ਾਹੀ ਨਾਲ ਅਫ਼ਸਰਾਂ ’ਤੇ ਦਬਾਅ ਪਾ ਕੇ ਪੰਚਾਇਤੀ ਚੋਣਾਂ ਲੜਨ ਵਾਲੇ ਅਕਾਲੀ ਦਲ ਦੇ ਵਰਕਰਾਂ ਦੀਆਂ ਨਾਮਜ਼ਦਗੀਆਂ ਰੋਕਣ ਲਈ ਐੱਨਓਸੀ ਦੇਣ ਤੋਂ ਰੋਕ ਰਹੀ ਹੈ। ਬਾਬੂ ਕਬੀਰ ਦਾਸ ਅੱਜ ਗੁਰਦੁਆਰਾ ਤੇਗ ਬਹਾਦਰ ਸਾਹਿਬ ਪਾਤੜਾਂ ਵਿੱਚ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਅਗਾਊਂ ਪ੍ਰਬੰਧ ਨਹੀਂ ਕੀਤੇ ਗਏ ਤੇ ਹੁਣ ਕਿਸੇ ਦੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਮਜ਼ਦੁੂਰਾਂ ਅਤੇ ਆੜ੍ਹਤੀਆਂ ਦੀ ਹੜਤਾਲ ਕਾਰਨ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਰੁਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਜਾਇਜ਼ ਮੰਗਾਂ ਨੂੰ ਮੰਨ ਕੇ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੁੂ ਕਰਵਾਏ ਨਹੀਂ ਤਾਂ ਅਕਾਲੀ ਦਲ ਵੱਲੋਂ ਸਰਕਾਰ ਦੇ ਖਿਲਾਫ਼ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪਣੇ ਆਪ ਨੂੰ ਇਮਾਨਦਾਰ ਕਹਾਉਣ ਵਾਲੀ ‘ਆਪ’ ਸਰਕਾਰ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਕਰ ਸਕੀ। ਕੇਂਦਰ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਭੇਜਿਆ ਪੈਸਾ ਫੋਕੀਆਂ ਮਸ਼ਹੂਰੀਆਂ ’ਤੇ ਲਾ ਦੇਣ ਕਾਰਨ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਇਸ ਮੌਕੇ ਅਕਾਲੀ ਦਲ ਦੇ ਪੀਏਸੀ ਮੈਂਬਰ ਜਗਮੀਤ ਸਿੰਘ ਹਰਿਆਊ, ਮਹਿੰਦਰ ਸਿੰਘ ਲਾਲਵਾ, ਪੀਏਸੀ ਮੈਂਬਰ ਜੋਗਾ ਸਿੰਘ ਸਿੱਧੂ, ਗੁਰਬਚਨ ਸਿੰਘ ਮੌਲਵੀਵਾਲਾ, ਲਖਵਿੰਦਰ ਸਿੰਘ ਤੇ ਮਾਸਟਰ ਗੁਰਮੇਜ ਸਿੰਘ ਆਦਿ ਹਾਜ਼ਰ ਸਨ।