For the best experience, open
https://m.punjabitribuneonline.com
on your mobile browser.
Advertisement

ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਵਚਨਬੱਧ: ਵਿਧਾਇਕ ਕੁਲਵੰਤ ਸਿੰਘ

08:46 AM Jul 18, 2024 IST
ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਵਚਨਬੱਧ  ਵਿਧਾਇਕ ਕੁਲਵੰਤ ਸਿੰਘ
ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਦੌਰਾਨ ਸਟਾਲਾਂ ਦਾ ਨਿਰੀਖਣ ਕਰਦੇ ਹੋਏ ‘ਆਪ’ ਵਿਧਾਇਕ ਕੁਲਵੰਤ ਸਿੰਘ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐੱਸ.ਏ.ਐਸ. ਨਗਰ (ਮੁਹਾਲੀ), 17 ਜੁਲਾਈ
ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਹਿਰੀ ਪਾਣੀ ਨੂੰ ਟੇਲਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਗਿਆ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਕਿਸਾਨ ਵਿਕਾਸ ਚੈਂਬਰ ਵਿਖੇ ਸਾਉਣੀ ਦੀਆਂ ਫ਼ਸਲਾਂ ਦੀ ਸੁਚੱਜੀ ਕਾਸ਼ਤ ਕਰਨ ਬਾਰੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਉਦਘਾਟਨ ਕਰਨ ਉਪਰੰਤ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੀਤਾ।
ਵਿਧਾਇਕ ਕੁਲਵੰਤ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸਾਨੀ ਦੇਸ਼ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨੀ ਤੋਂ ਬਿਨਾਂ ਜੀਵਨ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਅਨਾਜ ਤੋਂ ਬਿਨਾਂ ਜੀਵਨ ਸੰਭਵ ਨਹੀਂ ਅਤੇ ਅਨਾਜ ਕਿਸਾਨ ਪੈਦਾ ਕਰਦਾ ਹੈ। ਕਿਸਾਨ ਘਾਟਾ-ਵਾਧਾ ਨਾ ਦੇਖਦੇ ਹੋਏ ਵੀ ਲੋਕਾਂ ਦਾ ਢਿੱਡ ਭਰ ਰਹੇ ਹਨ। ਕੁਲਵੰਤ ਸਿੰਘ ਨੇ ਕਿਹਾ ਕਿ ਸਮੇਂ ਦੀ ਲੋੜ ਮੁਤਾਬਕ ਕਿਸਾਨਾਂ ਨੂੰ ਕਣਕ-ਝੋਨੇ ਦੇ ਗੇੜ ’ਚੋਂ ਨਿਕਲ ਕੇ ਸਹਾਇਕ ਧੰਦਿਆਂ ਵੱਲ ਵਧਣਾ ਚਾਹੀਦਾ ਹੈ। ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਦਾ ਕਿਸਾਨ ਲੁੱਟਿਆ ਤੇ ਪੱਟਿਆ ਗਿਆ ਹੈ। ਕਿਸਾਨ ਕਰਜ਼ੇ ਦੇ ਪੈਸੇ ’ਚੋਂ ਖਾਦ ਖ਼ਰੀਦਦਾ ਸੀ, ਜੋ ਨਕਲੀ ਹੁੰਦੀ ਸੀ। ਇਸ ਤਰ੍ਹਾਂ ਕਿਸਾਨ ਕਰਜ਼ੇ ਦੇ ਬੋਝ ਹੇਠ ਦੱਬਦਾ ਚਲਾ ਗਿਆ।
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੇ ਕਿਹਾ ਕਿ ਕਿਸਾਨ ਪਾਣੀ ਦੀ ਸੰਭਾਲ ਦੇ ਮੱਦੇਨਜ਼ਰ ਝੋਨੇ ਦੀਆਂ ਘੱਟ ਸਮੇਂ ਵਾਲੀਆਂ ਕਿਸਮਾਂ ਜਿਵੇਂ ਕਿ ਪੀਆਰ-126 ਵਰਗੀਆਂ ਕਿਸਮਾਂ ਲਗਾਉਣ ਨੂੰ ਤਰਜੀਹ ਦੇਣ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ 30 ਫੀਸਦੀ ਰਕਬਾ ਵਧਿਆ ਹੈ। ਐੱਸਡੀਐੱਮ ਦੀਪਾਂਕਰ ਗਰਗ ਤੇ ਐੱਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਵੀ ਸੰਬੋਧਨ ਕੀਤਾ। ਖੇਤੀ ਮਾਹਰਾਂ ਵੱਲੋਂ ਵੱਖੋ-ਵੱਖ ਵਿਸ਼ਿਆਂ ’ਤੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ, ਸਹਾਇਕ ਪ੍ਰੋਫ਼ੈਸਰ ਹਰਮੀਤ ਕੌਰ, ਸੁਖਮਨ ਬਾਠ ਡਿਪਟੀ ਸੀਈਓ ਜ਼ਿਲ੍ਹਾ ਰੁਜ਼ਗਾਰ ਬਿਊਰੋ, ਡਾ. ਬੀਐਸ ਖੱਡਾ ਡਿਪਟੀ ਡਾਇਰੈਕਟਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ।

Advertisement
Advertisement
Author Image

joginder kumar

View all posts

Advertisement