ਪਿੰਡਾਂ ’ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ: ਸੰਦੀਪ ਸਿੰਘ
ਸਤਪਾਲ ਰਾਮਗੜ੍ਹੀਆ
ਪਿਹੋਵਾ, 6 ਫਰਵਰੀ
ਕੈਬਨਿਟ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ| ਪਿਛਲੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਹਲਕੇ ਦੇ 20 ਤੋਂ ਵੱਧ ਪਿੰਡਾਂ ਵਿੱਚ ਕਮਿਊਨਿਟੀ ਸੈਂਟਰ ਬਣ ਚੁੱਕੇ ਹਨ। ਇਸ ਤੋਂ ਇਲਾਵਾ ਪਿਹੋਵਾ ਅਤੇ ਇਸਮਾਇਲਾਬਾਦ ਵਿੱਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਬਣਾਏ ਗਏ ਹਨ। ਕੈਬਨਿਟ ਮੰਤਰੀ ਸੰਦੀਪ ਸਿੰਘ ਅੱਜ ਪਿੰਡ ਮੋਹਨਪੁਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਉਨ੍ਹਾਂ ਕਿਹਾ ਕਿ ਜਲਦੀ ਹੀ 8 ਹੋਰ ਨਵੇਂ ਕਮਿਊਨਿਟੀ ਸੈਂਟਰ ਬਣਾਏ ਜਾਣਗੇ। ਉਨ੍ਹਾਂ ਲਈ ਲੋੜੀਂਦੇ ਪਿੰਡਾਂ ਅਤੇ ਥਾਵਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਮਾਰਚ ਮਹੀਨੇ ਤੋਂ ਪਹਿਲਾਂ ਸਥਾਨ ਤੈਅ ਕਰਕੇ ਸਬੰਧਤ ਵਿਭਾਗ ਨੂੰ ਭੇਜ ਦਿੱਤਾ ਜਾਵੇਗਾ ਤਾਂ ਜੋ ਇੱਥੇ ਵੀ ਕਮਿਊਨਿਟੀ ਸੈਂਟਰ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਜਨਵਰੀ ਮਹੀਨੇ ਦੌਰਾਨ ਇਲਾਕੇ ਲਈ ਕਰੀਬ 8 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ’ਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਿੰਡਾਂ ਵਿੱਚ ਸਰਕਾਰੀ ਇਮਾਰਤਾਂ ਨਹੀਂ ਹਨ, ਜੇਕਰ ਉਹ ਜਗ੍ਹਾ ਮੁਹੱਈਆ ਕਰਵਾਉਂਦੇ ਹਨ ਤਾਂ ਸਰਕਾਰ ਵੱਲੋਂ ਉਨ੍ਹਾਂ ਨੂੰ ਪਿੰਡ ਸਕੱਤਰੇਤ ਜਾਂ ਚੌਪਾਲ ਬਣਾਉਣ ਲਈ ਸਹਾਇਤਾ ਦੇਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਮਨਜੀਤ ਸਿੰਘ ਵੜੈਚ, ਰਾਮਕਿਸ਼ਨ ਦੁਆ, ਪ੍ਰਦੀਪ ਕੁਮਾਰ, ਰਾਜਪਾਲ, ਸੁਖਵਿੰਦਰ, ਮਨਿੰਦਰ ਸਿੰਘ, ਨਿਰਮਲ ਸਿੰਘ, ਬਲਬੀਰ ਸਿੰਘ, ਦਿਲਬਾਗ ਸਿੰਘ, ਸ਼ਮਸ਼ੇਰ, ਪ੍ਰੇਮ ਸਿੰਘ, ਸੋਨੂੰ ਗੋਇਲ, ਸੁਖਬੀਰ ਕਲਸਾ, ਰਵਿੰਦਰ ਕਾਜਲ ਸਮੇਤ ਕਈ ਲੋਕ ਹਾਜ਼ਰ ਸਨ।