ਅਧਿਆਪਕਾਂ ਦਾ ਵਿੱਤੀ ਸ਼ੋਸ਼ਣ ਕਰ ਰਹੀ ਹੈ ਸਰਕਾਰ: ਬਰਿੰਦਰ ਢਿੱਲੋਂ
ਖੇਤਰੀ ਪ੍ਰਤੀਨਿਧ
ਪਟਿਆਲਾ, 27 ਨਵੰਬਰ
ਪੰਜਾਬੀ ਯੂਨੀਵਰਸਿਟੀ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਵੱਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਅੱੱਜ ਇੱਥੇ ਰਜਿਸਟਰਾਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਅਧਿਆਪਕ ਆਗੂ ਆਪਣੀਆਂ ਤਨਖਾਹਾਂ ਦੇ ਬਕਾਇਆਂ ਦੀ ਅਦਾਇਗੀ ਸਮੇਤ ਆਪਣੀ ਤਨਖਾਹ ਪੰਜਾਬ ਸਰਕਾਰ ਦਾ ਸਕੇਲ 57700 ਦੇਣ ਦੀ ਮੰਗ ਕਰ ਰਹੇ ਹਨ। ਅਧਿਆਪਕ ਆਗੂ ਵਰਿੰਦਰ ਖੁਰਾਣਾ ਦੀ ਅਗਵਾਈ ਹੇਠਾਂ ਦਿੱਤੇ ਗਏ ਧਰਨੇ ਦੌਰਾਨ ਇਨ੍ਹਾਂ ਸਹਾਇਕ ਪ੍ਰੋਫੈਸਰਾਂ ਦੀ ਹਮਾਇਤ ’ਚ ਅੱਜ ਯੂਥ ਕਾਂਗਰਸ ਦੇ ਸਾਬਕਾ ਸੂਬਾਈ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਹ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਮੰਨਣ। ਉਨ੍ਹਾਂ ਕਿਹਾ ਕਿ ਜੇਕਰ ਅਧਿਆਪਕ ਵਰਗ ਨਾਲ ਵੀ ਕੋਈ ਸਰਕਾਰ ਧਰੋਹ ਕਮਾਉਂਦੀ ਹੋਵੇ ਤਾਂ ਉਸ ਤੋਂ ਹੋਰ ਕੀ ਆਸ ਰੱਖੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਅਧਿਆਪਕਾਂ ਤੋਂ ਨਾ ਨਾਤਰ ਤਨਖਾਹਾਂ ’ਤੇ ਕੰਮ ਲੈ ਕੇ ਇਨ੍ਹਾਂ ਦਾ ਆਰਥਿਕ ਸ਼ੋਸ਼ਣ ਕਰ ਰਹੀ ਹੈ। ਯੂਥ ਆਗੂ ਨੇ ਹੋਰ ਕਿਹਾ ਕਿ ਇਸ ਪਾਸੇ ਸਰਕਾਰ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕਹਿੰਦੀ ਨਹੀਂ ਥੱਕਦੀ, ਦੂਜੇ ਪਾਸੇ ਸਰਕਾਰ ਵੱਲੋਂ ਉਚ ਵਿਦਿਆ ਅਤੇ ਡਿਗਰੀਆਂ ਪ੍ਰਾਪਤ ਅਧਿਆਪਕਾਂ ਨੂੰ ਸੜਕਾਂ ’ਤੇ ਬੈਠਣ ਲਈ ਮਜਬੂਰ ਕੀਤਾ ਜਾ ਰਿਹ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਗਏ ਉਹ ਸਾਰੇ ਵਾਅਦੇ ਪੂਰੇ ਕਰੇ, ਜਿਸ ਦੇ ਨਾਂ ’ਤੇ ਪੰਜਾਬ ਵਾਸੀਆਂ ਦੀਆਂ ਵੋਟਾਂ ਬਟੋਰ ਕੇ ਸੱਤਾ ’ਤੇ ਕਾਬਜ਼ ਹੋਈ ਹੈ।